Nabaz-e-punjab.com

ਪੰਚਾਇਤ ਚੋਣਾਂ: ਪੰਜਾਬ ਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ: ਬਰਸਟ

ਪੰਜਾਬ ਵਿੱਚ ਨਿਰਪੱਖ ਪੰਚਾਇਤ ਚੋਣਾਂ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ: ਚੇਅਰਮੈਨ ਮੰਡੀ ਬੋਰਡ

ਆਮ ਨਾਗਰਿਕ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ

ਨਬਜ਼-ਏ-ਪੰਜਾਬ, ਮੁਹਾਲੀ, 13 ਅਕਤੂਬਰ:
ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਗਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਪਿੰਡਾਂ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੈ ਅਤੇ ਚੋਣ ਲੜ ਰਹੇ ਉਮੀਦਵਾਰ ਆਪਣੇ ਸਮਰਥਕਾਂ ਨਾਲ ਟੋਲੀਆਂ ਬਣ ਕੇ ਘਰ-ਘਰ ਜਾ ਕੇ ਵੋਟਾਂ ਮੰਗ ਰਹੇ ਹਨ। ਉਂਜ ਕਈ ਪਿੰਡਾਂ ਵਿੱਚ ਲੋਕ ਅਦਾਲਤ ਦੀ ਸ਼ਰਨ ਵਿੱਚ ਜਾਣ ਕਰਕੇ ਭੰਬਲਭੂਸਾ ਬਣਿਆ ਹੋਇਆ ਹੈ ਕਿ ਸਬੰਧਤ ਪਿੰਡਾਂ ਵਿੱਚ ਚੋਣਾਂ ਹੋਣਗੀਆਂ ਜਾਂ ਅੱਗੇ ਪੈਣਗੀਆਂ। ਪ੍ਰੰਤੂ ਇਸ ਸਭ ਦੇ ਬਾਵਜੂਦ ਉਮੀਦਵਾਰ ਘਰੋਂ-ਘਰੀ ਜਾ ਕੇ ਵੋਟਰਾਂ ਨਾਲ ਤਾਲਮੇਲ ਬਣਾ ਰਹੇ ਹਨ।
ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਚਾਇਤ ਚੋਣਾਂ ਬਿਲਕੁਲ ਨਿਰਪੱਖ ਹੋਣਗੀਆਂ। ਇਸ ਵਿੱਚ ਕਿਸੇ ਵੀ ਰਾਜਸੀ ਪਾਰਟੀ ਦਾ ਕੋਈ ਵੀ ਦਬਾਅ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ ਚੋਣ ਕਰਨਗੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਵੀ ਮਜ਼ਬੂਤ ਹੋਣੀ ਜ਼ਰੂਰੀ ਹੈ। ਇਸ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਪਿੰਡਾਂ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ, ਕਿਉਂਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਦਾ ਵਿਕਾਸ ਮੁਮਕਿਨ ਹੈ।
ਸ੍ਰੀ ਬਰਸਟ ਨੇ ਕਿਹਾ ਕਿ ਹਰ ਪੰਜ ਸਾਲ ਬਾਅਦ ਪੰਚਾਇਤੀ ਚੋਣਾ ਆਉਂਦਿਆਂ ਹਨ, ਜੋ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਅਧਿਕਾਰਾਂ ਦੀ ਚੋਣ ਹੈ। ਜੇਕਰ ਪੰਚਾਇਤ ਚੰਗੀ ਹੋਵੇਗੀ ਤਾਂ ਪਿੰਡ ਦੀ ਤਰੱਕੀ ਦੀ ਆਸ ਕੀਤੀ ਜਾ ਸਕਦੀ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ, ਜੋ ਨਸ਼ਿਆਂ ਖ਼ਿਲਾਫ਼, ਪਿੰਡ ਦੇ ਵਿਕਾਸ ਲਈ, ਲੋਕਾਂ ਦੀ ਭਲਾਈ ਲਈ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅਤੇ ਇੱਕ ਚੰਗੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਣ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਚੰਗੇ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਇਸਤੇਮਾਲ ਕਰਨ ਅਤੇ ਆਪਣੀ ਪੰਚਾਇਤ ਦੀ ਚੋਣ ਕਰਨ।
ਸ੍ਰੀ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ ਹੈ ਪਰ ਇਨ੍ਹਾਂ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਵਿਰੋਧੀਆਂ ਵੱਲੋਂ ਥਾਂ-ਥਾਂ ’ਤੇ ਹਿੰਸਕ ਝੜਪਾਂ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਪਰ ਸਰਕਾਰ ਲੋਕ ਰਾਜ ਦੀ ਮਜ਼ਬੂਤੀ ਲਈ ਕੰਮ ਕਰ ਰਹੀ ਹੈ। ਇਹ ਤਾਂ ਹੀ ਮੁਮਕਿਨ ਹੋ ਸਕੇਗਾ, ਜਦੋਂ ਲੋਕ ਵੱਧ-ਚੜ੍ਹ ਕਰਕੇ ਚੋਣਾਂ ਦੌਰਾਨ ਵੋਟਾਂ ਪਾਉਣ ਲਈ ਅੱਗੇ ਆਉਣਗੇ। ਕਿਉਂਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋ ਹਮੇਸ਼ਾ ਹੀ ਪਿੰਡ ਦੀ ਤਰੱਕੀ ਦੀ ਗੱਲ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਦੀ ਤਰੱਕੀ ਲਈ ਚੰਗੇ ਲੋਕਾਂ ਨੂੰ ਅੱਗੇ ਲਿਆਉਂਦਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਨਬਜ਼-ਏ-ਪੰਜਾਬ, ਮੁਹਾਲੀ, 13…