ਪਿੰਡਾਂ ਦੇ ਸਰਬਪੱਖੀ ਵਿਕਾਸ ਤੋਂ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ: ਮਲੂਕਾ

ਪੰਚਾਇਤ ਮੰਤਰੀ ਮਲੂਕਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੇ ਦਫ਼ਤਰ ਦੀ ਨਵੀਂ ਇਮਾਰਤ ਦਾ ਉਦਘਾਟਨ

ਅਮਨਦੀਪ ਸਿੰਘ ਸੋਢੀ
ਮੁਹਾਲੀ, 10 ਦਸੰਬਰ
ਭਾਰਤ ਦੀ 70 ਫੀਸਦੀ ਅਬਾਦੀ ਪਿੰਡਾਂ ਵਿੱਚ ਵਸਦੀ ਹੈ। ਇਸ ਲਈ ਪਿੰਡਾਂ ਦੇ ਸਰਬਪੱਖੀ ਵਿਕਾਸ ਤੋਂ ਬਿਨ੍ਹਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ। ਪੰਜਾਬ ਵਿੱਚ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੁੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਮੁਹਾਲੀ ਦੇ ਜੁਝਾਰ ਨਗਰ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਅਤਿ ਆਧੁਨਿਕ ਜ਼ਿਲ੍ਹਾ ਪ੍ਰੀਸ਼ਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਮਲੂਕਾ ਨੇ ਕਿਹਾ ਕਿ ਪੰਜਾਬ ਦੇ 12 ਹਜ਼ਾਰ ਪਿੰਡਾਂ ਵਿੱਚ ਸੀਵਰੇਜ, ਕੰਕਰੀਟ ਦੀਆਂ ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਅਤੇ ਫਿਰਨੀਆਂ ਨੂੰ ਪੱਕਾ ਕਰਨ ਸਮੇਤ ਜਿੰਮ ਅਤੇ ਪਾਰਕਾਂ ਦੀ ਵਿਵਸਥਾ ਕੀਤੀ ਜਾਵੇਗੀ। ਇਨ੍ਹਾਂ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ 30 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ।
ਅਕਾਲੀ ਦਲ ਅਤੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਮਲੂਕਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਬਿਜਲੀ ਪੱਖੋਂ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਾ ਹੈਡ ਕੁਆਟਰਾਂ ਨੂੰ ਚਹੁੰ ਮਾਰਗੀ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਤੋਂ ਚੰਡੀਗੜ੍ਹ ਤੱਕ ਦੀ ਬਣਾਈ ਜਾ ਰਹੀਂ ਚਹੁੰ ਮਾਰਗੀ ਸੜਕ ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ। ਇਸੇ ਤਰ੍ਹਾਂ ਬਠਿੰਡਾ ਤੋਂ ਅੰਮ੍ਰਿਤਸਰ ਤੱਕ ਦੀ ਬਣਾਈ ਜਾ ਰਹੀ ਚਹੁੰਮਾਰਗੀ ਸੜਕ ਵੀ ਮੁਕੰਮਲ ਹੋ ਜਾਵੇਗੀ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਖਰੜ ਹਲਕੇ ਦੇ ਵਿਕਾਸ ਕਾਰਜਾਂ ਤੇ ਕਰੋੜਾ ਰੁਪਏ ਖਰਚ ਕੀਤੇ ਗਏ ਹਨ ਜਦਕਿ ਕਾਂਗਰਸ ਦੀਆਂ ਸਰਕਾਰਾ ਵੇਲੇ ਹਲਕਾ ਖਰੜ ਨੂੰ ਹਮੇਸ਼ਾਂ ਅਣਗੋਲਿਆਂ ਕਰੀ ਰੱਖੀਆ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦੇ ਨਾਲ-ਨਾਲ 10 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ ਪਾਖਾਨੇ ਵੀ ਬਣਾਏ ਗਏ ਹਨ ਅਤੇ ਹਲਕੇ ਦੀਆਂ ਗਲੀਆਂ-ਨਾਲੀਆਂ ਬਣਾਉਣ ਦਾ 80ਫੀਸਦੀ ਕੰਮ ਮੁਕੰਮਲ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ਨੇ ਕਿਹਾ ਕਿ ਨਵਾਂ ਜ਼ਿਲ੍ਹਾ ਪ੍ਰੀਸ਼ਦ ਭਵਨ ਬਣਨ ਨਾਲ ਦਫ਼ਤਰੀ ਕੰਮ-ਕਾਜ ਵਿੱਚ ਪਾਰਦਰਸ਼ਤਾ ਦੇ ਨਾਲ-ਨਾਲ ਤੇਜੀ ਵੀ ਆਵੇਗੀ।
ਸਮਾਗਮ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ, ਇੰਨਫੋਟੈਕ ਦੇ ਵਾਇਸ ਚੇਅਰਮੈਨ ਖੁਸ਼ਵੰਤ ਰਾਏ ਗੀਗਾ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਚਰਨਜੀਤ ਸਿੰਘ ਕਾਲੇਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਾਹਿਬ ਸਿੰਘ ਬਡਾਲੀ, ਜਰਨੈਲ ਸਿੰਘ ਝਰਮੜੀ, ਮਲਕੀਤ ਸਿੰਘ ਖਟੜਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚਰਨਦੇਵ ਸਿੰਘ ਮਾਨ, ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਰਵਿੰਦਰ ਸਿੰਘ ਸੰਧੂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਕੌਰ ਸੈਦਪੁਰ, ਬਲਾਕ ਸੰਮਤੀ ਮਾਜਰੀ ਦੀ ਚੇਅਰਪਰਸ਼ਨ ਮਨਜੀਤ ਕੌਰ, ਵਾਇਸ ਚੇਅਰਮੈਨ ਮਨਦੀਪ ਸਿੰਘ, ਗੁਰਪਾਲ ਸਿੰਘ ਬਠਲਾਣਾ, ਬਲਾਕ ਸੰਮਤੀ ਡੇਰਾਬੱਸੀ ਦੀ ਚੇਅਰਪਰਸ਼ਨ ਮਨਿੰਦਰ ਕੌਰ ਮਲਕਪੁਰ, ਗੁਰਨਾਮ ਸਿੰਘ ਭਾਂਖਰਪੁਰ, ਪੰਚਾਇਤੀ ਰਾਜ ਦੇ ਚੀਫ਼ ਇੰਜੀਨੀਅਰ ਪ੍ਰਕਾਸ਼ ਸਿੰਘ ਅਤੇ ਬੀਡੀਪੀਓ ਤੇਜਿੰਦਰ ਸਿੰਘ ਢਿੱਲੋਂ ਸਮੇਤ ਪੰਚਾਇਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…