ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ‘ਆਪ’ ਸਰਕਾਰ ਦਾ ਸ਼ਲਾਘਾਯੋਗ ਕਦਮ

ਖਾਣ-ਪੀਣ ਦੀਆਂ ਸਟਾਲਾਂ, ਵਿਗਿਆਨ ਪ੍ਰਦਰਸ਼ਨੀ ਤੇ ਵਿਦਿਆਰਥੀਆਂ ਦੇ ਰਚਨਾਤਮਿਕ ਕੰਮਾਂ ਨੇ ਮੰਤਰੀ ਨੂੰ ਕੀਤਾ ਪ੍ਰਭਾਵਿਤ

ਨਬਜ਼-ਏ-ਪੰਜਾਬ, ਮੁਹਾਲੀ, 22 ਅਕਤੂਬਰ:
ਮੁਹਾਲੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮੈਗਾ ਪੀਟੀਐਮ (ਮਾਪੇ ਅਧਿਆਪਕ ਮਿਲਣੀ) ਦੌਰਾਨ ਪੰਜ ਕੈਬਨਿਟ ਮੰਤਰੀਆਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਸਿੱਧੀ ਗੱਲ ਕੀਤੀ ਅਤੇ ਇਸ ਪਹਿਲਕਦਮੀ ਨੂੰ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ‘ਆਪ’ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਦਾ ਦੌਰਾ ਕਰਕੇ ਇਸ ਮੁਹਿੰਮ ਦਾ ਜਾਇਜ਼ਾ ਲਿਆ। ਜਦੋਂਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਕੂਲ ਆਫ਼ ਐਮੀਨੈਂਸ ਫੇਜ਼-3ਬੀ-1 ਵਿੱਚ ਹੋਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਹਿੱਸਾ ਬਣੇ। ਇੰਜ ਹੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਵਿੱਚ ਸ਼ਿਰਕਤ ਕੀਤੀ।
ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਸਕੂਲ ਆਫ਼ ਐਮੀਨੈਂਸ ਡੇਰਾਬੱਸੀ ਵਿੱਚ ਮਾਪੇ/ਅਧਿਆਪਕ ਮਿਲਣੀ ਦਾ ਹਿੱਸਾ ਬਣੇ। ਜਦੋਂਕਿ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚ ਕੇ ਵਿਦਿਆਰਥੀਆਂ ਨਾਲ ਸਿੱਧੀਆਂ ਗੱਲਾਂ ਕੀਤੀਆਂ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇਣ ਦੀ ਰਵਾਇਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਸਕੂਲਾਂ ਨੇ ਹੁਣ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਲੀ ਅਸਮਾਨਤਾ ਦੀ ਵਿੱਥ ਨੂੰ ਖ਼ਤਮ ਕਰ ਦਿੱਤਾ ਹੈ।
ਗਿਆਰ੍ਹਵੀਂ ਦੀ ਵਿਦਿਆਰਥਣ ਹੰਸਿਕਾ ਮਹਿਰਾ (ਨਾਨ-ਮੈਡੀਕਲ), ਬਾਰ੍ਹਵੀਂ ਦੀ ਸ਼ੈਲਜਾ (ਮੈਡੀਕਲ), ਦਸਵੀਂ ਜਮਾਤ ਦੀ ਨਿਹਾਰਿਕਾ ਅਤੇ ਸਕੂਲ ਦੀਆਂ ਪੁਰਾਣੀਆਂ ਵਿਦਿਆਰਥਣਾਂ ਅਨੂ, ਅਮਨਦੀਪ ਕੌਰ, ਆਕਾਸ਼ਦੀਪ ਕੌਰ ਅਤੇ ਬੱਚਿਆਂ ਦੇ ਮਾਪਿਆਂ ਨੂੰ ਮਿਲਣ ਉਪਰੰਤ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਮਿਲੀ ਤਾਜ਼ਾ ਫੀਡਬੈਕ ਤੋਂ ਸਿੱਧ ਹੁੰਦਾ ਹੈ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਤੋਂ ਪਹਿਲਾਂ ਮੰਤਰੀ ਨੇ ਵਿਦਿਆਰਥੀਆਂ ਦੇ ਖਾਣੇ ਦੀਆਂ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਖਾਣਪੀਣ ਦੀਆਂ ਚੀਜ਼ਾਂ ਦਾ ਸਵਾਦ ਵੀ ਚੱਖਿਆ। ਉਨ੍ਹਾਂ ਨੇ ਸਵੈ-ਰੁਜ਼ਗਾਰ ਲਈ ਸਿਖਲਾਈ ਵਜੋਂ ਲੜਕੀਆਂ ਵੱਲੋਂ ਤਿਆਰ ਕੀਤੇ ਪਕਵਾਨ ਅਤੇ ਸਨੈਕਸ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਅਤੇ ਪ੍ਰਿੰਸੀਪਲ ਸ੍ਰੀਮਤੀ ਹਿਮਾਂਸ਼ੂ ਲਟਾਵਾ, ਸੁਧਾ ਜੈਨ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕਰਨ ਅਤੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚਕਾਰ ਬਿਹਤਰ ਤਾਲਮੇਲ ਬਣਾਉਣਾ ਹੈ। ਪ੍ਰਿੰਸੀਪਲ ਸ਼ਲਿੰਦਰ ਸਿੰਘ ਨੇ ਮੰਤਰੀ ਦਾ ਸਵਾਗਤ ਕੀਤਾ।

ਮੁਹਾਲੀ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਸੈਕੰਡਰੀ ਸਿੱਖਿਆ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਖੁੱਡੀਆਂ ਨੇ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪਹਿਲੀ ਵਾਰ ਸਰਕਾਰ ਨੇ 500 ਤੋਂ ਵੱਧ ਅਧਿਆਪਕਾਂ ਨੂੰ ਆਪਣੇ ਹੁਨਰ ਅਤੇ ਤਜਰਬੇ ਨੂੰ ਹੋਰ ਨਿਖ਼ਾਰਨ ਲਈ ਸਿਖਲਾਈ ਲਈ ਸਿੰਗਾਪੁਰ, ਫਿਨਲੈਂਡ ਅਤੇ ਆਈਆਈਐਮਜ਼ ਭੇਜਿਆ ਹੈ। ਮੰਤਰੀ ਨੇ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਵੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇਣ ਅਤੇ ਪਿਛਲੇ ਢਾਈ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਨਾਲ ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣ ਗਏ। ਇਹ ਗੱਲ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਕੂਲ ਆਫ਼ ਐਮੀਨੈਂਸ ਡੇਰਾਬਸੀ ਵਿਖੇ ਮਾਪੇ/ਅਧਿਆਪਕ ਮਿਲਣੀ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਜ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਜੀ ਮਾਪੇ/ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ। ਜਿਸ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰ ਰਹੇ ਹਨ। ਸਤੰਬਰ ਪ੍ਰੀਖਿਆ ਦਾ ਨਤੀਜਾ ਵੀ ਮਾਪਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਅਧਿਆਪਕ ਤੇ ਮਾਪੇ ਬੱਚਿਆਂ ਬਾਰੇ ਫੀਡਬੈਕ ਹਾਸਲ ਕਰ ਰਹੇ ਹਨ। ਭਵਿੱਖ ਬਾਰੇ ਸੁਝਾਅ ਵੀ ਦੇਣ ਅਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ, ਉਹ ਵੀ ਸਾਂਝੇ ਕਰਨ।
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਖ਼ੁਦ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਹਨ ਅਤੇ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਸਕੂਲ ਆਫ਼ ਐਮੀਂਨੈਂਸ ਬਣਾ ਦਿੱਤਾ ਹੈ ਜੋ ਡੇਰਾਬੱਸੀ ਹਲਕੇ ਲਈ ਖਾਸ ਤੋਹਫ਼ਾ ਹੈ। ਇੱਥੇ 1260 ਵਿਦਿਆਰਥੀ ਪੜ੍ਹਦੇ ਹਨ ਅਤੇ ਸਾਇੰਸ, ਕਾਮਰਸ, ਵੋਕੇਸ਼ਨਲ ਤੇ ਆਰਟਸ ਸਭ ਵਿਸ਼ੇ ਪੜ੍ਹਾਏ ਜਾਂਦੇ ਹਨ। ਐਮੀਨੈਂਸ ਵਿੱਚ 217 ਵਿਦਿਆਰਥੀ ਹਨ ਤੇ 41 ਬੱਚੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਬੱਸ ਰਾਹੀਂ ਆਉਂਦੇ ਹਨ।

ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਾਉਣ ਅਤੇ ਉਨ੍ਹਾ ਦੇ ਮਾਪੇ ਅਤੇ ਅਧਿਆਪਕਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅੱਜ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਉੱਘੇ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕ ਤੇ ਮਾਪੇ ਬੱਚਿਆਂ ਬਾਰੇ ਫੀਡਬੈਕ ਹਾਸਲ ਕਰ ਰਹੇ ਹਨ। ਇਸ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਿਸ਼ੇਸ ਵਿਚਾਰ ਚਰਚਾ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਸ੍ਰੀ ਗੋਇਲ ਦਾ ਸਕੂਲ ਵਿੱਚ ਪਹੁੰਚਣ ’ਤੇ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਸੋਨੀ, ਸਟਾਫ਼ ਅਤੇ ਇਲਾਕੇ ਦੇ ਪਤਵੰਤਿਆਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਮਾਜ ਸੇਵੀ ਅਰਵਿੰਦ ਪੁਰੀ, ਜਸਪਾਲ ਸਿੰਘ, ਜਤਿੰਦਰ ਸਿੰਘ, ਸਰਬਜੀਤ ਕੋਰ, ਲਾਲ ਸਿੰਘ, ਗੋਰਵ ਅਤੇ ਪਰਮਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਮੁੱਖ ਸਕੱਤਰ ਅਤੇ ਡੀਸੀ ਨੇ ਕਈ ਸਕੂਲਾਂ ਵਿੱਚ ਕੀਤੀ ਮੈਗਾ ਪੀਟੀਐਮ ਵਿੱਚ ਸ਼ਿਰਕਤ

ਪ੍ਰਮੁੱਖ ਸਕੱਤਰ ਅਤੇ ਡੀਸੀ ਨੇ ਕਈ ਸਕੂਲਾਂ ਵਿੱਚ ਕੀਤੀ ਮੈਗਾ ਪੀਟੀਐਮ ਵਿੱਚ ਸ਼ਿਰਕਤ ਡੀਸੀ ਆਸ਼ਿਕਾ ਜੈਨ ਨੇ ਨਵਾ…