ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਕੈਬਨਿਟ ਮੰਤਰੀ ਮੁੰਡੀਆਂ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਦੇ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ

ਪੰਜਾਬ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 24 ਅਕਤੂਬਰ:
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗੀ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਲਿਹਾਜ਼ਾ ਡਿਊਟੀ ਵਿੱਚ ਕਿਸੇ ਤਰ੍ਹਾਂ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀ ਮੁੰਡੀਆਂ ਨੇ ਕਿਹਾ ਕਿ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਹਾਊਸਿੰਗ ਪ੍ਰਾਜੈਕਟਾਂ ਦੇ ਬਾਸ਼ਿੰਦਿਆਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਦਿੱਤੀਆਂ ਜਾ ਸਕਣ, ਕਿਉਂਕਿ ਆਮ ਲੋਕਾਂ ਦੀ ਸੇਵਾ ਹੀ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਉਹ ਹਰ ਹਫ਼ਤੇ ਸਮੀਖਿਆ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਪ੍ਰਾਜੈਕਟਾਂ ਦੀ ਜ਼ਮੀਨੀ ਸਥਿਤੀ ਜਾਣਨ ਲਈ ਸਾਈਟਾਂ ਦਾ ਅਚਨਚੇਤ ਦੌਰਾ ਵੀ ਕਰਨਗੇ। ਇਸ ਲਈ ਅਧਿਕਾਰੀ ਪੂਰੀ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਡਿਊਟੀ ਦੌਰਾਨ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਰ ਸੰਭਵ ਮਦਦ ਕਰਨਗੇ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਪ੍ਰਾਜੈਕਟਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ, ਜੇਕਰ ਕਿਸੇ ਅਧਿਕਾਰੀ ਵੱਲੋਂ ਇਸ ਗੱਲ ’ਤੇ ਧਿਆਨ ਨਾ ਦਿੱਤਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿੱਚ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੀਰੂ ਕਤਿਆਲ ਗੁਪਤਾ, ਗਮਾਡਾ ਦੇ ਏਸੀਏ ਅਮਰਿੰਦਰ ਸਿੰਘ ਟਿਵਾਣਾ, ਇੰਜੀਨੀਅਰ-ਇਨ-ਚੀਫ਼ ਰਾਜੀਵ ਮੌਦਗਿੱਲ ਅਤੇ ਇੰਜੀਨੀਅਰਿੰਗ ਵਿੰਗ ਦੇ ਹੋਰ ਅਧਿਕਾਰੀ ਮੌਜੂਦ ਰਹੇ। ਵੱਖ-ਵੱਖ ਮੰਡਲ ਇੰਜੀਨੀਅਰਾਂ ਨੇ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਰਿਪੋਰਟ ਪੇਸ਼ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀ ਚੋਣ ਵਿੱਚ ਰਵਾਇਤੀ ਗਰੁੱਪਾਂ ’ਚ ਹੋਵੇਗਾ ਸਿੱਧਾ ਮੁਕਾਬਲਾ

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀ ਚੋਣ ਵਿੱਚ ਰਵਾਇਤੀ ਗਰੁੱਪਾਂ ’ਚ ਹੋਵੇਗਾ ਸਿੱਧਾ ਮੁਕਾਬਲਾ ਮ…