ਕਿਸਾਨਾਂ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨਾ ਹੋਣ ਕਾਰਨ ਭਾਗੋਮਾਜਰਾ ਮੁੱਖ ਸੜਕ ’ਤੇ ਚੱਕਾ ਜਾਮ

ਅਨਾਜ ਮੰਡੀਆਂ ਵਿੱਚ ‘ਆਪ’ ਅਤੇ ਭਾਜਪਾ ਆਗੂਆਂ ਦਾ ਕਾਲੇ ਝੰਡਿਆਂ ਨਾਲ ਘਿਰਾਓ ਰਹੇਗਾ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ:
ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ’ਤੇ ਅੱਜ ਮੁਹਾਲੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨਾ ਮਾਤਰ ਹੋਣ ਕਾਰਨ ਲਾਂਡਰਾਂ ਨੇੜੇ ਪਿੰਡ ਬੈਂਰੋਪੁਰ-ਭਾਗੋਮਾਜਰਾ ਰਾਜ ਮਾਰਗ ’ਤੇ ਚੱਕਾ ਜਾਮ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ ਤਿੰਨ ਵਜੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਅਤੇ ਇਲਾਕਾ ਨਿਵਾਸੀਆਂ ਸਮੇਤ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੱਜ ਦੇ ਇਸ ਧਰਨਾ ਪ੍ਰਦਰਸ਼ਨ ਦੌਰਾਨ ਮਜ਼ਦੂਰਾਂ, ਆੜ੍ਹਤੀਆਂ ਐਸੋਸੀਏਸ਼ਨਾਂ, ਵਪਾਰ ਮੰਡਲ ਅਤੇ ਸ਼ੈਲਰ ਮਾਲਕਾਂ ਨੇ ਵੀ ਕਿਸਾਨਾਂ ਦਾ ਸਾਥ ਦਿੱਤਾ।
ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਕਿਸਾਨ ਯੂਨੀਅਨ (ਕਾਦੀਆ) ਦੇ ਸੂਬਾ ਆਗੂ ਰਵਨੀਤ ਸਿੰਘ ਬਰਾੜ, ਬੀਕੇਯੂ (ਤੁਲੇਵਾਲ) ਦੇ ਆਗੂ ਸੁਖ ਗਿੱਲ ਮੋਗਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਸ਼੍ਰੋਮਣੀ ਅਕਾਲੀ ਦਲ (ਬ) ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਵੀ ਕਿਸਾਨੀ ਮੰਗਾਂ ਦਾ ਸਮਰਥਨ ਕਰਦਿਆਂ ਭਾਜਪਾ ਅਤੇ ‘ਆਪ’ ਸਰਕਾਰਾਂ ’ਤੇ ਨਿਸ਼ਾਨਾ ਸਾਧਿਆ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਸਾਜ਼ਿਸ਼ ਕਾਰਨ ਕਿਸਾਨ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਹੁਕਮਰਾਨ ਕਿਸਾਨਾਂ ਨੂੰ ਆਰ-ਪਾਰ ਦੀ ਲੜਾਈ ਲੜਨ ਲਈ ਮਜਬੂਰ ਨਾ ਕਰਨ ਅਤੇ ਅੰਨਦਾਤਾ ਦੇ ਸਬਰ ਦੀ ਪ੍ਰੀਖਿਆ ਲੈਣੀ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹਾਲਾਤ ਨਾ ਸੁਧਰੇ ਤਾਂ 29 ਅਕਤੂਬਰ ਨੂੰ ਸਮੂਹ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਡੀਆਂ ਵਿੱਚ ‘ਆਪ’ ਅਤੇ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਵਿਖਾਵਾ ਕੀਤਾ ਜਾਵੇਗਾ। ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੇ ਚੌਲਾਂ ਦੀ ਸ਼ੈਲਰਾਂ ’ਚੋਂ ਲਿਫ਼ਟਿੰਗ ਕੀੜੀ ਦੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਲੇਟ ਹੋਣ ਕਾਰਨ ਕਣਕ ਦੀ ਬਿਜਾਈ ਲੇਟ ਹੋਣ ਦਾ ਖ਼ਦਸ਼ਾ ਹੈ। ਜਿਸ ਕਾਰਨ ਕਣਕ ਦੇ ਝਾੜ ’ਤੇ ਮਾੜਾ ਅਸਰ ਪਵੇਗਾ। ਕਣਕ ਅਤੇ ਆਲੂਆਂ ਦੀ ਬਿਜਾਈ ਲਈ ਡੀਏਪੀ ਖਾਦ ਦਾ ਹਾਲੇ ਤੱਕ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਬੰਦ ਕੀਤੀ ਜਾਵੇ।
ਇਸ ਮੌਕੇ ਮਨਜੀਤ ਸਿੰਘ ਤੰਗੌਰੀ, ਜਥੇਦਾਰ ਬਲਵੀਰ ਸਿੰਘ ਬੈਂਰੋਪੁਰ, ਸ਼ੇਰ ਸਿੰਘ ਦੈੜੀ, ਗੁਰਵਿੰਦਰ ਸਿੰਘ ਸਿਆਊ, ਰਣਬੀਰ ਸਿੰਘ ਗਰੇਵਾਲ, ਤੇਜਿੰਦਰ ਸਿੰਘ ਪੂਨੀਆ, ਹਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਡਿਆਲਾ, ਕੁਲਵੰਤ ਸਿੰਘ ਰੁੜਕੀ, ਜਸਵੰਤ ਸਿੰਘ ਪੂਨੀਆ, ਇਕਬਾਲ ਸਿੰਘ ਬੈਂਰੋਪੁਰ ਸਮੇਤ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…