Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਸਾਬਕਾ ਵਿਧਾਇਕਾ ਸਤਿਕਾਰ ਕੌਰ ਤੇ ਭਤੀਜੇ ਜਸਕੀਰਤ ਦਾ ਪੁਲੀਸ ਰਿਮਾਂਡ ਵਧਾਇਆ ਸਾਬਕਾ ਵਿਧਾਇਕਾ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਫਿਰੋਜ਼ਪੁਰ ਦੇ ਕਈ ਵਿਅਕਤੀਆਂ ਦੇ ਪਤੇ ਦੱਸੇ: ਜਾਂਚ ਅਧਿਕਾਰੀ ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ: ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਇੱਕ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਾਚੀ ਅਤੇ ਭਤੀਜੇ ਨੂੰ ਮੁੜ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਜਾਂਚ ਟੀਮ ਨੇ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾਉਣ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਾਬਕਾ ਵਿਧਾਇਕਾ ਅਤੇ ਉਸ ਦੇ ਭਤੀਜੇ ਨੇ ਪੁੱਛਗਿੱਛ ਫਿਰੋਜ਼ਪੁਰ ਦੇ ਕਈ ਵਿਅਕਤੀਆਂ ਦੇ ਪਤੇ ਦੱਸੇ ਹਨ। ਜਿਨ੍ਹਾਂ ਤੋਂ ਉਹ ਨਸ਼ੀਲੇ ਪਦਾਰਥ ਲੈ ਕੇ ਅੱਗੇ ਵੇਚਦੇ ਸਨ ਪਰ ਉਹ (ਮੁਲਜ਼ਮ) ਨਸ਼ਾ ਤਸਕਰੀ ਕਰਨ ਵਾਲਿਆਂ ਦੇ ਪੱਕੇ ਨਾਂਅ ਨਹੀਂ ਜਾਣਦੇ ਹਨ। ਲੇਕਿਨ ਉਨ੍ਹਾਂ ਦੇ ਟਿਕਾਣਿਆਂ ’ਤੇ ਪੁਲੀਸ ਨੂੰ ਲਿਜਾ ਸਕਦੇ ਹਨ। ਜਾਂਚ ਅਧਿਕਾਰੀ ਸਬ ਇੰਸਪੈਕਟਰ ਰਾਮ ਦਰਸ਼ਨ ਨੇ ਕਿਹਾ ਕਿ ਮੁਲਜ਼ਮਾਂ ਨੂੰ ਨਾਲ ਲੈ ਕੇ ਫਿਰੋਜ਼ਪੁਰ ਵਿੱਚ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੈ ਅਤੇ ਹੋਰ ਬਰਾਮਦਗੀਆਂ ਕਰਨੀਆਂ ਹਨ। ਇਸ ਲਈ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਦਿੱਤਾ ਜਾਵੇ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਾਬਕਾ ਵਿਧਾਇਕ ਸਤਿਕਾਰ ਕੌਰ ਅਤੇ ਉਸ ਦਾ ਭਤੀਜਾ ਜਸਕੀਰਤ ਸਿੰਘ ਪਿਛਲੇ ਦੋ ਦਿਨਾਂ ਤੋਂ ਪੁਲੀਸ ਦੀ ਹਿਰਾਸਤ ਵਿੱਚ ਹਨ ਅਤੇ ਪੁਲੀਸ ਉਨ੍ਹਾਂ ਕੋਲੋਂ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਇਸ ਲਈ ਹੁਣ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦੀ ਕੋਈ ਤੁਕ ਨਹੀਂ ਬਣਦੀ। ਬਚਾਅ ਪੱਖ ਨੇ ਮੁੜ ਦੁਹਰਾਇਆ ਕਿ ਸਤਿਕਾਰ ਕੌਰ ਨੂੰ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਐਨਡੀਪੀਐਸ ਦਾ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਵਿਧਾਇਕਾ ਸਤਿਕਾਰ ਕੌਰ ਅਤੇ ਉਸਦੇ ਭਤੀਜੇ ਜਸਕੀਰਤ ਸਿੰਘ ਨੂੰ ਮੁੜ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ਨੂੰ 27 ਅਕਤੂਬਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਏਐਨਟੀਐਫ਼ ਦੀ ਟੀਮ ਨੇ ਵੀਰਵਾਰ ਸ਼ਾਮ ਨੂੰ ਸਾਬਕਾ ਵਿਧਾਇਕਾ ਅਤੇ ਉਸ ਦੇ ਭਤੀਜੇ ਨੂੰ ਸੰਨੀ ਐਨਕਲੇਵ ’ਚੋਂ 100 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਉਨ੍ਹਾਂ ਦੇ ਘਰ ’ਚੋਂ 28 ਗਰਾਮ ਹੋਰ ਚਿੱਟਾ ਅਤੇ 1.56 ਲੱਖ ਡਰੱਗ ਮਨੀ ਅਤੇ ਸੋਨੇ ਦੇ ਗਹਿਣੇ ਅਤੇ ਦਿੱਲੀ ਨੰਬਰ ਦੀਆਂ ਕਈ ਕਾਰਾਂ ਦੀਆਂ ਨੰਬਰ ਪਲੇਟਾਂ ਬਰਾਮਦ ਕੀਤੀਆਂ ਸਨ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਐਸਟੀਐਫ਼ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਬੀਐਮਡਬਲਿਊ, ਫਾਰਚੂਨਰ, ਵਰਨਾ ਅਤੇ ਸ਼ੈਵਰਲੇ ਗੱਡੀ ਵੀ ਜ਼ਬਤ ਕੀਤੀ ਹੈ। ਇਸ ਸਬੰਧੀ ਟਰਾਂਸਪੋਰਟ ਵਿਭਾਗ ਨਾਲ ਸਹਿਯੋਗ ਕਰਕੇ ਸਬੰਧਤ ਲਗਜ਼ਰੀ ਵਾਹਨਾਂ ਦੀ ਮਲਕੀਅਤ ਬਾਰੇ ਪਤਾ ਕੀਤਾ ਜਾ ਰਿਹਾ ਹੈ। ਜਾਂਚ ਤੋਂ ਬਾਅਦ ਲਗਜ਼ਰੀ ਵਾਹਨਾਂ ਸਮੇਤ ਹੋਰ ਸੰਪਤੀ ਨੂੰ ਕੇਸ ਨਾਲ ਅਟੈਚ ਕਰਨ ਦੀ ਕਾਰਵਾਈ ਆਰੰਭੀ ਜਾਵੇਗੀ। ਪੁਲੀਸ ਅਨੁਸਾਰ ਮੁਲਜ਼ਮ ਸਤਿਕਾਰ ਕੌਰ ਗਹਿਰੀ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ 2017-2022 ਤੱਕ ਵਿਧਾਇਕ ਰਹਿ ਚੁੱਕੀ ਹੈ। ਉਸ ਦਾ ਭਤੀਜਾ ਜਸਕੀਰਤ ਸਿੰਘ ਪਿੰਡ ਬਹਿਬਲ ਖ਼ੁਰਦ (ਫਿਰੋਜ਼ਪੁਰ) ਦਾ ਰਹਿਣ ਵਾਲਾ ਹੈ, ਜੋ ਇਸ ਸਮੇਂ ਸੰਨੀ ਐਨਕਲੇਵ ਖਰੜ ਵਿੱਚ ਸਾਬਕਾ ਵਿਧਾਇਕ ਦੇ ਘਰ ਰਹਿੰਦਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ