Nabaz-e-punjab.com

ਭਾਜਪਾ ਦੀ ਬੇੜੀਆਂ ਵਿੱਚ ਵੱਟੇ ਪਾਵੇਗਾ ਮੰਡੀਆਂ ਵਿੱਚ ਰੁਲ ਰਿਹਾ ਅਨਾਜ ਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ

ਪੰਜਾਬ ਦੀਆਂ ਮੰਡੀਆਂ ਵਿੱਚ 58.39 ਲੱਖ ਮੀਟਰਿਕ ਟਨ ਝੋਨੇ ਦੀ ਆਮਦ, 53.24 ਲੱਖ ਮੀਟਰਿਕ ਟਨ ਝੋਨਾ ਖ਼ਰੀਦਿਆਂ

ਨਬਜ਼-ਏ-ਪੰਜਾਬ, ਮੁਹਾਲੀ, 27 ਅਕਤੂਬਰ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੇਂਦਰ ਸਰਕਾਰ ਦੀ ਅਣਦੇਖੀ ਕਾਰਨ ਮੰਡੀਆਂ ਵਿੱਚ ਰੁਲ ਰਿਹਾ ਅਨਾਜ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਜਪਾ ਦੀ ਬੇੜੀਆਂ ਵਿੱਚ ਵੱਟੇ ਪਾਉਣ ਲਈ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਅੰਨ ਦੀ ਬੇਕਦਰੀ ਕਰਨਾ ਮਹਾਂ ਪਾਪ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦਾ ਬਦਲਾ ਲੈਣ ਲਈ ਭਾਜਪਾ ਹਕੂਮਤ ਪੰਜਾਬ ਵਿੱਚ ਅੰਨ ਦੀ ਬੇਕਦਰੀ ਕਰ ਰਹੀ ਹੈ। ਇਹੀ ਨਹੀਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀ ਭਾਈਚਾਰੇ ਨੂੰ ਵੀ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ।
ਸ੍ਰੀ ਬਰਸਟ ਨੇ ਕਿਹਾ ਕਿ ਭਾਜਪਾ ਅਤੇ ਕੇਂਦਰ ਸਰਕਾਰ ਸਿਰਫ਼ ਤੇ ਸਿਰਫ਼ ਪੰਜਾਬ ਦੀ ਆਪ ਸਰਕਾਰ ਨੂੰ ਨੀਵਾਂ ਦਿਖਾਉਣ ਲਈ ਅਜਿਹਾ ਕਰ ਰਹੀ ਹੈ। ਇਸ ਨਾਲ ਵੱਡੀ ਗਿਣਤੀ ਵਿੱਚ ਪੰਜਾਬੀ ਖਾਸ ਕਰਕੇ ਕਿਸਾਨ ਖੱਜਲ ਹੋ ਰਹੇ ਹਨ ਜਦੋਂਕਿ ਭਾਜਪਾ ਪੰਜਾਬ ਦੇ ਆਗੂ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਜਦੋਂਕਿ ਉਨ੍ਹਾਂ ਨੂੰ ਕੇਂਦਰ ਸਰਕਾਰ ’ਤੇ ਦਬਾਅ ਬਣਾ ਕੇ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਦੇ ਅੰਨਦਾਤਾ ਅਤੇ ਅੰਨ ਪ੍ਰਤੀ ਆਪਣੇ ਰਾਜ ਧਰਮ ਦੀ ਪਾਲਣਾ ਕਰਨ ਵਿੱਚ ਅਸਮਰੱਥ ਹਨ, ਕਿਉਂਕਿ ਉਹ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਬਿਜਲੀ, ਸਟਰੀਟ ਲਾਈਟਾਂ, ਸਫ਼ਾਈ, ਬਾਥਰੂਮ ਅਤੇ ਛਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਵੀ ਝੋਨਾ ਖ਼ਰੀਦਿਆਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 58.39 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ 53.24 ਲੱਖ ਮੀਟਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 16.57 ਲੱਖ ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 156 ਮਾਰਕੀਟ ਕਮੇਟੀਆਂ ਹਨ, ਜਿਨ੍ਹਾਂ ਵਿੱਚ 152 ਮੁੱਖ ਯਾਰਡ ਹਨ ਅਤੇ 283 ਸਬ-ਯਾਰਡ ਹਨ ਅਤੇ 1383 ਖ਼ਰੀਦ ਕੇਂਦਰ ਹਨ, ਜਦਕਿ ਝੋਨੇ ਦੀ ਖ਼ਰੀਦ ਸਹੀ ਢੰਗ ਨਾਲ ਕਰਨ ਲਈ 1145 ਹੋਰ ਆਰਜ਼ੀ ਖ਼ਰੀਦ ਕੇਂਦਰ ਬਣਾਏ ਗਏ ਹਨ। ਪੰਜਾਬ ਵਿੱਚ ਕੁੱਲ 2963 ਖ਼ਰੀਦ ਕੇਂਦਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਰਾਈਸ ਮਿੱਲਰਾਂ, ਵਪਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…