ਮੁਹਾਲੀ ਦੇ ਕਰਮਨ ਤਲਵਾੜ ਨੇ ਫੌਜ ਦੀ ਟੀਈਐਸ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਮੱਲ੍ਹਿਆ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਹਾਸਲ ਕੀਤਾ ਸਥਾਨ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀਈਐਸ) ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਅੱਜ ਸ਼ਾਮ ਮੈਰਿਟ ਸੂਚੀ ਜਾਰੀ ਕੀਤੀ ਗਈ। ਕਰਮਨ ਸਿੰਘ ਤਲਵਾੜ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਹੋਰ ਕੈਡਿਟਾਂ ਮਾਨਸ ਤਨੇਜਾ ਨੇ 22ਵਾਂ ਰੈਂਕ, ਅਨੀਕੇਤ ਸ਼ਰਮਾ ਨੇ 31ਵਾਂ ਅਤੇ ਸੂਰਯਵਰਧਨ ਸਿੰਘ ਨੇ 37ਵਾਂ ਰੈਂਕ ਹਾਸਲ ਕੀਤਾ ਹੈ।
ਕਰਮਨ ਸਿੰਘ ਤਲਵਾੜ ਇੰਡੀਅਨ ਬੈਂਕ ਦੇ ਵਧੀਕ ਜਨਰਲ ਮੈਨੇਜਰ ਜਤਿੰਦਰਪਾਲ ਸਿੰਘ ਤਲਵਾੜ ਅਤੇ ਪ੍ਰੋ. ਰਵਜੀਤ ਕੌਰ ਤਲਵਾੜ ਵਾਸੀ ਮੁਹਾਲੀ ਦਾ ਸਪੁੱਤਰ ਹੈ, ਜਿਸ ਨੇ ਐਨਡੀਏ-153 ਮੈਰਿਟ ਸੂਚੀ ਵਿੱਚ ਵੀ ਜਗ੍ਹਾ ਬਣਾਈ ਸੀ। ਜ਼ਿਕਰਯੋਗ ਹੈ ਕਿ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ ਤਹਿਤ ਇੰਜੀਨੀਅਰਜ਼, ਸਿਗਨਲਜ਼ ਅਤੇ ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰਿੰਗ (ਈਐਮਈ) ਸਮੇਤ ਤਕਨੀਕੀ ਸ਼ਾਖਾਵਾਂ ਦੇ ਉਮੀਦਵਾਰਾਂ ਨੂੰ ਸਿਖਲਾਈ ਦਿੰਦੀ ਹੈ। ਟੀਈਐਸ ਉਮੀਦਵਾਰ ਪੁਣੇ (ਮਹਾਰਾਸ਼ਟਰ), ਮਹੂ (ਮੱਧ ਪ੍ਰਦੇਸ਼) ਅਤੇ ਸਿਕੰਦਰਾਬਾਦ (ਤੇਲੰਗਾਨਾ) ਸਥਿਤ ਕੈਡੇਟ ਸਿਖਲਾਈ ਵਿੰਗਾਂ ਵਿੱਚ ਸਿਖਲਾਈ ਪ੍ਰਾਪਤ ਕਰਦੇ ਹਨ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਫ਼ਸਰ ਬਣਨ ਵੱਲ ਇਨ੍ਹਾਂ ਨੌਜਵਾਨਾਂ ਦੇ ਵਿਸ਼ੇਸ਼ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਨੇ ਵੀ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਸੰਸਥਾ ਐਨਡੀਏ ਤੋਂ ਇਲਾਵਾ ਟੈਕਨੀਕਲ ਐਂਟਰੀ ਸਕੀਮ (ਟੀਈਐਸ) ਲਈ ਕੈਡਿਟਾਂ ਨੂੰ ਸਿਖਲਾਈ ਦੇਣ ਲਈ ਵਚਨਬੱਧ ਹੈ। ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦੇ 6 ਕੈਡਿਟ ਟੀਈਐਸ ਲਈ ਚੁਣੇ ਗਏ ਹਨ ਅਤੇ ਮੌਜੂਦਾ ਸਮੇਂ ਸਿਖਲਾਈ ਲੈ ਰਹੇ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…