ਮੁਹਾਲੀ ਵਿੱਚ ਡੇਂਗੂ ਦਾ ਪ੍ਰਕੋਪ: ਐਸਐਮਓ ਸਮੇਤ ਕਈ ਡਾਕਟਰ ਤੇ ਸਟਾਫ਼ ਡੇਂਗੂ ਤੋਂ ਪੀੜਤ

ਪੀੜਤਾਂ ਦੀ ਗਿਣਤੀ 1276 ’ਤੇ ਪੁੱਜੀ, ਅੱਜ 14 ਨਵੇਂ ਮਰੀਜ਼ ਆਏ

ਸਿਹਤ ਵਿਭਾਗ ਵੱਲੋ ਹੁਣ ਤੱਕ ਸਵਾ 2 ਲੱਖ ਘਰਾਂ ਦਾ ਸਰਵੇ, 3798 ਘਰਾਂ ’ਚ ਮਿਲਿਆ ਡੇਂਗੂ ਦਾ ਲਾਰਵਾ

ਪੌਣੇ 8 ਲੱਖ ਤੋਂ ਵੱਧ ਕੰਟੇਨਰਾਂ ਦੀ ਜਾਂਚ, 4817 ’ਚੋਂ ਮਿਲਿਆ ਡੇਂਗੂ ਦਾ ਲਾਰਵਾ

ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਦਾ ਪ੍ਰਕੋਪ ਜਾਰੀ ਹੈ। ਹੁਣ ਸਰਕਾਰੀ ਹਸਪਤਾਲ ਅਤੇ ਮੈਡੀਕਲ ਕਾਲਜ ’ਤੇ ਵੀ ਡੇਂਗੂ ਦਾ ਪਰਛਾਵਾਂ ਪੈ ਗਿਆ ਹੈ। ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਦੇ ਐਸਐਮਓ ਡਾ. ਐਚਐਸ ਚੀਮਾ ਵੀ ਡੇਂਗੂ ਤੋਂ ਪੀੜਤ ਹਨ। ਇਸ ਤੋਂ ਇਲਾਵਾ ਦੰਦਾਂ ਦੀ ਮਾਹਰ ਡਾ. ਸ਼ਿਵਾਨੀ ਬੱਤਰਾ, ਸਪੋਰਟਸ ਮੈਡੀਸ਼ਨ ਡਾ. ਰੀਤੂ ਮਣੀ ਅਤੇ ਕਈ ਸਟਾਫ਼ ਮੈਂਬਰ ਵੀ ਡੇਂਗੂ ਤੋਂ ਪੀੜਤ ਹਨ। ਜਦੋਂਕਿ ਡਾ. ਅੰਮ੍ਰਿਤਪਾਲ ਸਿੰਘ 15 ਦਿਨਾਂ ਬਾਅਦ ਤੰਦਰੁਸਤ ਹੋ ਕੇ ਡਿਊਟੀ ਤੋਂ ਪਰਤੇ ਹਨ। ਉਹ ਵੀ ਡੇਂਗੂ ਦੇ ਲਪੇਟੇ ਵਿੱਚ ਆ ਗਏ ਸਨ। ਇਸ ਗੱਲ ਦੀ ਪੁਸ਼ਟੀ ਐਸਐਮਓ ਡਾ. ਵਿਜੈ ਭਗਤ ਨੇ ਕੀਤੀ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ 14 ਹੋਰ ਡੇਂਗੂ ਨਵੇਂ ਮਰੀਜ਼ ਆਏ ਹਨ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਡੇਂਗੂ ਪੀੜਤਾਂ ਦੀ ਗਿਣਤੀ ਵਧ ਕੇ 1276 ’ਤੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੁਣ ਤੱਕ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ 2 ਲੱਖ 22 ਹਜ਼ਾਰ 606 ਘਰਾਂ ਦਾ ਸਰਵੇ ਕੀਤਾ ਗਿਆ। ਜਿਨ੍ਹਾਂ ’ਚੋਂ 3798 ਘਰਾਂ ਵਿੱਚ ਹੀ ਡੇਂਗੂ ਦਾ ਲਾਰਵਾ ਮਿਲਿਆ ਹੈ। ਇੰਜ ਹੀ ਵੱਖ-ਵੱਖ ਥਾਵਾਂ ’ਤੇ 7 ਲੱਖ 77 ਹਜ਼ਾਰ 439 ਕੰਟੇਨਰਾਂ ਦੀ ਜਾਂਚ ਕੀਤੀ ਗਈ ਅਤੇ 4817 ਕੰਟੇਨਰਾਂ ਵਿੱਚ ਹੀ ਡੇਂਗੂ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਫੇਜ਼-6 ਵਿੱਚ ਸਪੈਸ਼ਲ ਡੇਂਗੂ ਵਾਰਡ ਬਣਾਇਆ ਗਿਆ ਹੈ, ਜਿੱਥੇ ਡੇਂਗੂ ਪੀੜਤਾਂ ਨੂੰ ਦਾਖ਼ਲ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ, ਚਿਕਨਗੁਣੀਆਂ ਅਤੇ ਮਲੇਰੀਆ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਡੇਂਗੂ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ’ਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…