nabaz-e-punjab.com

ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਨਬਜ਼-ਏ-ਪੰਜਾਬ, ਮੁਹਾਲੀ, 14 ਨਵੰਬਰ:
ਪਿੰਡ ਕੁੰਭੜਾ ਵਿੱਚ ਇੱਕ ਨੌਜਵਾਨ ਦੇ ਕਤਲ ਮਾਮਲੇ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਮੁਹਾਲੀ ਅਤੇ ਆਸਪਾਸ ਇਲਾਕੇ ਵਿੱਚ ਪ੍ਰਵਾਸੀਆਂ ਦੀ ਆਬਾਦੀ ਲਗਾਤਾਰ ਵਧ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹੁਣ ਬਾਹਰਲੇ ਸੂਬਿਆਂ ਦੇ ਇਨ੍ਹਾਂ ਵਿਅਕਤੀਆਂ ਨੇ ਇੱਥੇ ਚੋਣਾਂ ਲੜਨਗੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਨਗਰ ਨਿਗਮ ਅਤੇ ਪੰਚਾਇਤ ਚੋਣਾਂ ਵਿੱਚ ਪ੍ਰਵਾਸੀ ਪੂਰੀ ਸਰਗਰਮੀ ਨਾਲ ਹਿੱਸਾ ਲੈਂਦੇ ਹਨ।
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕੁੰਭੜਾ ਦੇ ਨੌਜਵਾਨਾਂ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਮੁਹਾਲੀ ਹਲਕੇ ਵਿੱਚ ਰਹਿੰਦੇ ਪ੍ਰਵਾਸੀ ਵਿਅਕਤੀਆਂ ਦੇ ਪਿਛੋਕੜ ਦੀ ਜਾਂਚ ਕਰਵਾਈ ਜਾਵੇ ਅਤੇ ਕੁੰਭੜਾ ਕਤਲ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬੀ ਨੌਜਵਾਨਾਂ ਦਾ ਕਤਲ ਕਰਕੇ ਪ੍ਰਵਾਸੀ ਭੱਜਣ ਵਿੱਚ ਵੀ ਸਫ਼ਲ ਹੋ ਗਏ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਪੀਜੀ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਅਤੇ ਸਮੇਂ ਸਮੇਂ ’ਤੇ ਕਿਰਾਏਦਾਰਾਂ ਖਾਸ ਕਰਕੇ ਬਾਹਰੀ ਸੂਬਿਆਂ ਦੇ ਵਿਅਕਤੀਆਂ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਈ ਜਾਵੇ। ਕੁੰਭੜਾ ਵਿੱਚ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਕੇ ਫ਼ਰਾਰ ਹੋਏ ਪ੍ਰਵਾਸੀਆਂ ਬਾਰੇ ਪੁਲੀਸ ਨੂੰ ਕੋਈ ਜਾਣਕਾਰੀ ਨਹੀਂ ਹੈ, ਉਹ ਕਿੱਥੋਂ ਦੇ ਹਨ ਜਾਂ ਕੀ ਕੰਮ ਕਰਦੇ ਸੀ।
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ਼ ਲਈ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੋਂ ਮਹਿਜ਼ ਕੁਝ ਹੀ ਦੂਰੀ ’ਤੇ ਧਰਨਾ ਲਗਾ ਕੇ ਬੈਠੇ ਹਨ, ਪ੍ਰੰਤੂ ਉਨ੍ਹਾਂ ਨੇ ਪੀੜਤਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਧਰਨੇ ਵਿੱਚ ਪਹੁੰਚ ਕੇ ਪੀੜਤ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨਾ ਚਾਹੀਦਾ ਸੀ।
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਹਾਲਤ ਬਦਤਰ ਹੋ ਚੁੱਕੀ ਹੈ। ਇਸ ਸਬੰਧੀ ਡੀਜੀਪੀ ਵੱਲੋਂ ਮੁਹਾਲੀ ਵਿੱਚ ਸਪੈਸ਼ਲ ਫੋਰਸ ਤਾਇਨਾਤ ਕਰਨੀ ਚਾਹੀਦੀ ਹੈ ਤਾਂ ਜੋ ਅਮਨ ਕਾਨੂੰਨ ਦੀ ਵਿਗੜਦੀ ਜਾ ਰਹੀ ਸਥਿਤੀ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਨੇ ਚੱਬੇਵਾਲ ਚੋਣ ਪ੍ਰਚਾਰ ’ਚੋਂ ਵਾਪਸ ਆ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵੈਸੇ ਹੀ ਪੁਲੀਸ ਨਫ਼ਰੀ ਬਹੁਤ ਵੱਡੀ ਘਾਟ ਹੈ। ਇਸ ਸਬੰਧੀ ਉਹ ਡੀਜੀਪੀ ਨੂੰ ਪੱਤਰ ਲਿਖ ਚੁੱਕੇ ਹਨ ਪਰ ਕੋਈ ਕਦਮ ਨਾ ਚੁੱਕੇ ਜਾਣ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋ ਰਹੀ ਹੈ।
ਉਧਰ, ਦੂਜੇ ਪਾਸੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕੁੰਭੜਾ ਵਿੱਚ ਦੋ ਨੌਜਵਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਹਮਲਾਵਰਾਂ ਨੂੰ ਮਿਸ਼ਾਲੀ ਸਜ਼ਾਵਾਂ ਦਿਵਾਉਣ ਲਈ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਪੁਲੀਸ ਸਮੇਤ ਗਮਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਅਣਅਧਿਕਾਰਤ ਪੀਜੀ ਦੀ ਜਾਂਚ ਕੀਤੀ ਜਾਵੇ ਅਤੇ ਪੀਜੀ ਵਿੱਚ ਰਹਿਣ ਵਾਲੇ ਵਿਅਕਤੀਆਂ ਦੀ ਪੁਲੀਸ ਵੈਰੀਫਿਕੇਸ਼ਨ ਯਕੀਨੀ ਬਣਾਈ ਜਾਵੇ ਤਾਂ ਸ਼ਹਿਰ ਵਿੱਚ ਅਪਰਾਧ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…