ਕੁੰਭੜਾ ਹੱਤਿਆਕਾਂਡ: ਇੱਕ ਮੁਲਜ਼ਮ ਗੌਰਵ ਕੁਮਾਰ ਗ੍ਰਿਫ਼ਤਾਰ, ਪੀੜਤ ਪਰਿਵਾਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਵਿਧਾਇਕ ਕੁਲਵੰਤ ਸਿੰਘ, ਐੱਸਐੱਸਪੀ ਦੀਪਕ ਪਾਰਿਕ ਨੇ ਪੀੜਤਾਂ ਨਾਲ ਕੀਤੀ ਮੁਲਾਕਾਤ, ਧਰਨਾ ਖ਼ਤਮ ਕਰਨ ਦੀ ਅਪੀਲ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਲੱਖਾ ਸਿਧਾਣਾ ਵੀ ਧਰਨੇ ਵਿੱਚ ਪਹੁੰਚੇ

ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ:
ਪਿੰਡ ਕੁੰਭੜਾ ਵਿੱਚ ਨੌਜਵਾਨ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਅੱਜ ਇੱਕ ਮੁਲਜ਼ਮ ਗੌਰਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇ। ਮੁਲਜ਼ਮ ਅਮਨ ਅਤੇ ਆਕਾਸ਼ ਦੇ ਟਿਕਾਣੇ ਦਾ ਪਤਾ ਪੁਲੀਸ ਨੂੰ ਮਿਲ ਗਿਆ ਹੈ। ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲੀਸ ਟੀਮਾਂ ਰਵਾਨਾ ਕੀਤੀਆਂ ਗਈਆਂ ਹਨ।
ਉਧਰ, ਪੀੜਤ ਪਰਿਵਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦਮਨਪ੍ਰੀਤ ਸਿੰਘ ਦੀ ਲਾਸ਼ ਏਅਰਪੋਰਟ ਸੜਕ ’ਤੇ ਰੱਖ ਕੇ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਜਦੋਂਕਿ ਜ਼ਖ਼ਮੀ ਦਿਲਪ੍ਰੀਤ ਸਿੰਘ (16) ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਐੱਸਐੱਸਪੀ ਦੀਪਕ ਪਾਰਿਕ ਵੀ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਘਟਨਾ ਨੂੰ ਮੰਦਭਾਗਾ ਦੱਸਿਆ। ਵਿਧਾਇਕ ਕੁਲਵੰਤ ਸਿੰਘ ਨੇ ਸਾਰੇ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੰਦੇ ਹੋਏ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ ਅਤੇ ਮ੍ਰਿਤਕ ਨੌਜਵਾਨ ਦਾ ਸਸਕਾਰ ਕੀਤਾ ਜਾਵੇ। ਉਨ੍ਹਾਂ ਨੇ ਪੁਲੀਸ ਸਮੇਤ ਗਮਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਅਣਅਧਿਕਾਰਤ ਪੀਜੀ ਦੀ ਜਾਂਚ ਕੀਤੀ ਜਾਵੇ ਅਤੇ ਪੀਜੀ ਵਿੱਚ ਰਹਿਣ ਵਾਲੇ ਵਿਅਕਤੀਆਂ ਦੀ ਪੁਲੀਸ ਵੈਰੀਫਿਕੇਸ਼ਨ ਯਕੀਨੀ ਬਣਾਈ ਜਾਵੇ ਤਾਂ ਸ਼ਹਿਰ ਵਿੱਚ ਅਪਰਾਧ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਉਧਰ, ਪੀੜਤ ਪਰਿਵਾਰਾਂ ਦੇ ਧਰਨੇ ਨੂੰ ਲੈ ਕੇ ਸਿਆਸਤ ਵੀ ਪੁਰੀ ਤਰ੍ਹਾਂ ਭਖ ਗਈ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਧਰਨੇ ਵਿੱਚ ਪਹੁੰਚ ਕੇ ਸਰਕਾਰ ਨੂੰ ਲਾਹਨਤਾਂ ਪਾ ਰਹੇ ਹਨ ਅਤੇ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਘਟਨਾ ਦੀ ਨਿਖੇਧੀ ਕਰਦਿਆਂ ਮੁਹਾਲੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀ ਨੌਜਵਾਨ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਕਰਵਾਇਆ ਜਾਵੇ। ਸ਼ਾਮ ਨੂੰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਧਰਨੇ ਵਿੱਚ ਪਹੁੰਚੇ ਅਤੇ ਧਰਨੇ ’ਤੇ ਬੈਠੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਵਿੱਚ ਅਪਰਾਧ ਵਧ ਰਿਹਾ ਹੈ ਅਤੇ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਕਾਰਨ ਲੋਕ ਦਹਿਸ਼ਤ ਦੇ ਸਾਏ ਹੇਠ ਜੀਅ ਰਹੇ ਹਨ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦੋ ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਦੇ ਸਕੀ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਅੱਜ ਦੂਜੇ ਦਿਨ ਵੀ ਧਰਨਾ ਜਾਰੀ ਹੈ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਅਤੇ ਐੱਸਐੱਸਪੀ ਨੂੰ ਮੁੱਖ ਮੰਤਰੀ ਦੇ ਨਾਂਅ ਲਿਖਿਆ ਮੰਗ ਪੱਤਰ ਦਿੱਤਾ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਕਿਰਾਏਦਾਰਾਂ ਜਾਂ ਪੀਜੀ ਵਿੱਚ ਰਹਿੰਦੇ ਪਰਵਾਸੀਆਂ ਦੀ ਵੋਟਾਂ ਨਹੀਂ ਬਣਨੀਆਂ ਚਾਹੀਦੀ ਅਤੇ ਨਾ ਹੀ ਅਧਾਰ ਕਾਰਡ ’ਤੇ ਪਤਾ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਜਿਨ੍ਹਾਂ ਪ੍ਰਵਾਸੀਆਂ ਦੇ ਵੋਟ ਅਤੇ ਅਧਾਰ ਕਾਰਡ ਬਣੇ ਹਨ, ਉਨ੍ਹਾਂ ਦੀ ਸ਼ਨਾਖ਼ਤ ਕਰਕੇ ਤੁਰੰਤ ਰੱਦ ਕੀਤਾ ਜਾਵੇ।

ਉਧਰ, ਸਮਾਜ ਸੇਵੀ ਲੱਖਾ ਸਿਧਾਣਾ ਵੀ ਅੱਜ ਧਰਨੇ ਵਿੱਚ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜੋਕੀ ਲੀਡਰਸ਼ਿਪ ਪ੍ਰਵਾਸੀਆਂ ਦੀਆਂ ਵੋਟਾਂ ਲੈਣ ਲਈ ਪੰਜਾਬੀਆਂ ਨੂੰ ਭੁੱਲਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਵਾਸੀਆਂ ਦੇ ਵਿਰੋਧੀ ਨਹੀਂ ਹਨ, ਪ੍ਰੰਤੂ ਪੰਜਾਬ ਵਿੱਚ ਪੰਜਾਬੀਆਂ ਨੂੰ ਹੀ ਨਜ਼ਰਅੰਦਾਜ਼ ਕੀਤਾ ਜਾਣਾ ਬਿਲਕੁਲ ਗਲਤ ਹੈ। ਉਨ੍ਹਾਂ ਸਿੱਖ ਸੰਸਥਾਵਾਂ, ਨਿਹੰਗ ਸਿੰਘਾਂ, ਕਿਸਾਨ ਜਥੇਬੰਦੀਆਂ ਅਤੇ ਪੰਜਾਬ ਨੂੰ ਪਿਆਰ ਕਰਨ ਵਾਲਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਜਲਦੀ ਮੁਹਾਲੀ ਧਰਨੇ ਵਿੱਚ ਪਹੁੰਚ ਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਅਤੇ ਪੰਜਾਬੀਆਂ ਦੇ ਹੱਕ ਵਿੱਚ ਖੜੇ ਹੋਣ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…