ਮਜੀਠੀਆ ਵੱਲੋਂ ਮੁਹਾਲੀ ਵਿੱਚ ਨਵੀਨੀਕਰਨ ਕੀਤੀ ਆਧੁਨਿਕ ਸ਼ੂਟਿੰਗ ਰੇਂਜ ਦਾ ਉਦਘਾਟਨ

ਅਕਾਲੀ ਦਲ ਤੇ ਭਾਜਪਾ ਗੱਠਜੋੜ ਵਿਕਾਸ ਦੇ ਮੁੱਦੇ ’ਤੇ ਚੋਣਾਂ ਲੜੇਗਾ, ਕਾਂਗਰਸ ਤੇ ਆਪ ਦਾ ਹੋਵੇਗਾ ਮੁਕੰਮਲ ਸਫਾਇਆ: ਮਜੀਠੀਆ

ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਦੇ ਬੁਨਿਆਦੀ ਢਾਂਚੇ ’ਤੇ 510 ਕਰੋੜ ਰੁਪਏ ਖਰਚਣ ਦਾ ਦਾਅਵਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਦੇ ਫੇਜ਼-6 ਵਿੱਚ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤੀ ਆਧੁਨਿਕ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਰਾਜ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਲਈ ਬੁਨਿਆਦੀ ਢਾਂਚਾ ਵਿਕਸਤ ਲਈ 510 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਖਿਡਾਰਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਾਉਣ ਦੇ ਉਪਰਾਲੇ ਕੀਤੇ ਗਏ ਹਨ ਤਾਂ ਜੋ ਖਿਡਾਰੀ ਵਿਸ਼ਵ ਪੱਧਰ ਦੀ ਟਰੇਨਿੰਗ ਲੈ ਕੇ ਖੇਡਾਂ ਵਿੱਚ ਮੁਹਾਰਤ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸ਼ੂਟਿੰਗ ਨੂੰ ਬੜਾਵਾ ਦੇਣ ਲਈ ਮੁਹਾਲੀ, ਜਲੰਧਰ, ਪਿੰਡ ਬਾਦਲ ਵਿੱਚ 5 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਆÎਧੁਨਿਕ ਸ਼ੂਟਿੰਗ ਰੇਂਜਾਂ ਦੀ ਸਥਾਪਨਾ ਕੀਤੀ ਹੈ। ਇਸ ਤੋਂ ਇਲਾਵਾ ਫਿਰੋਜਪੁਰ ਅਤੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਮਾਨ ਵਿੱਚ ਵੀ ਨਵੀਆਂ ਸ਼ੂਟਿੰਗ ਰੇਂਜਾਂ ਦੀ ਉਸਾਰੀ ਕੀਤੀ ਜਾਵੇਗੀ।
ਸ੍ਰੀ ਮਜੀਠੀਆ ਨੇ ਦੱਸਿਆ ਕਿ ਰਾਜ ਵਿੱਚ ਸ਼ੂਟਿੰਗ ਨੂੰ ਪ੍ਰਫੁੱਲਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੂਟਿੰਗ ਅਜਿਹੀ ਖੇਡ ਹੈ, ਜਿਸ ਵਿੱਚ ਪੰਜਾਬ ਦੇ ਅਭਿਨਵ ਬਿੰਦਰਾ ਨੇ ਓਲਪਿੰਕ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਦੁਨੀਆਂ ਭਰ ਵਿੱਚ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਬਿਹਤਰ ਬੁਨਿਆਦੀ ਢਾਂਚੇ ਲਈ 21 ਅੰਤਰ ਰਾਸ਼ਟਰੀ ਪੱਧਰ ਦੇ ਆਧੁਨਿਕ ਬਹੁਮੰਤਵੀ ਖੇਡ ਸਟੇਡੀਅਮ ਦੀ ਉਸਾਰੀ ਅਤੇ 7 ਐਸਟਰੋਟਰਫ ਹਾਕੀ ਸਟੇਡੀਅਮਾਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 6490 ਮਲਟੀਜਿੰਮ ਸਥਾਪਿਤ ਕੀਤੇ ਗਏ ਹਨ ਅਤੇ 23 ਹਜ਼ਾਰ 553 ਖੇਡ ਕਿੱਟਾਂ ਵੰਡੀਆਂ ਗਈਆਂ ਹਨ। ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿੱਚ ਸਪੋਰਟਸ ਸਕੂਲ ਦੀ ਉਸਾਰੀ ਕੀਤੀ ਗਈ ਹੈ।
ਇਸ ਮੌਕੇ ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਗਤੀਵਿਧੀਆਂ ਬਾਰੇ ਪੁੱਛੇ ’ਤੇ ਸ੍ਰੀ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਕਿਸੇ ਵਾਲੰੀਅਰ ਨੂੰ ਮੋਹਰਾ ਨਹੀਂ ਬਣਾਉਣਾ ਚਾਹੀਦਾ ਅਤੇ ਜੇਕਰ ਉਨ੍ਹਾਂ ਦੀ ਲੱਤਾਂ ਦਮ ਭਰਦੀਆਂ ਹਨ ਤਾਂ ਉਹ ਪੰਜਾਬ ਵਿੱਚ ਖ਼ੁਦ ਚੋਣਾਂ ਲੜ ਕੇ ਦੇਖ ਲੈਣ। ਬੇਰੰਗ ਲਿਫਾਫੇ ਵਾਂਗ ਵਾਪਸ ਦਿੱਲੀ ਭੇਜਾਂਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਸਾਰੇ ਸੁਪਨੇ ਚੱਕਨਾਚੂਰ ਹੋ ਜਾਣਗੇ ਕਿਉਂਕਿ ਉਨ੍ਹਾਂ ਨੂੰ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ ਅਤੇ ਨਾ ਹੀ ਉਹ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਜਾਣਦੇ ਹਨ। ਇਸ ਲਈ ਲੋਕ ਆਪ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣਾਂ ਤਾਂ ਦੂਰ ਦੀ ਗੱਲ ਹੈ, ਆਪ ਨੂੰ ਚੋਣਾਂ ਲੜਾਉਣ ਲਈ ਯੋਗ ਉਮੀਦਵਾਰ ਵੀ ਨਹੀਂ ਲੱਭ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ।
ਸ੍ਰੀ ਮਜੀਠੀਆ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਰਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਰਾਜ ਨੂੰ ਵਿਕਾਸ ਦੀਆਂ ਲੀਹਾਂ ਤੇ ਤੌਰ ਕੇ ਬੁਨਿਆਦੀ ਢਾਂਚੇ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਧਾਨ ਸਭਾ ਚੋਣਾਂ ਵਿਕਾਸ ਅਤੇ ਅਮਨ ਵਿਵਸਥਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੇ ਮੁੱਦੇ ਤੇ ਲੜੇਗੀ ਅਤੇ ਪੰਜਾਬ ਵਿੱਚ ਲੋਕਾਂ ਦੇ ਸਹਿਯੋਗ ਨਾਲ ਮੁੜ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਕੰਮਲ ਸਫਾਇਆ ਹੋ ਜਾਵੇਗਾ ਕਿਉਂਕਿ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਬਾਰੇ ਵੀ ਲੋਕ ਭਲੀਭਾਂਤ ਜਾਣਦੇ ਹਨ ਕਾਂਗਰਸ ਨੇ ਹਮੇਸ਼ਾਂ ਰਾਜ ਨਾਲ ਧਰੋਅ ਕਮਾਇਆ ਹੈ।
ਇਸ ਮੌਕੇ ਉਪ ਮੁੱਖ ਮੰਤਰੀ ਮੀਡੀਆ ਸਲਾਹਕਾਰ ਜੰਗਬੀਰ ਸਿੰਘ, ਸਲਾਹਕਾਰ ਮਨਜਿੰਦਰ ਸਿੰਘ ਸਿਰਸਾ, ਓਐਸਡੀ ਪਰਮਿੰਦਰ ਸਿੰਘ ਬਰਾੜ, ਪੰਜਾਬ ਰਾਈਫਲ ਸੂਟਿੰਗ ਐਸੋਸੀਏਸ਼ਨ ਦੇ ਚੀਫ ਪੈਟਰਨ ਰਾਜਾ ਕੇ.ਐਸ. ਸਿੱਧੂ, ਸੀਨੀਅਰ ਮੀਤ ਪ੍ਰਧਾਨ ਕਰਨਲ ਜੇ.ਐਸ ਬਰਾੜ, ਮੀਤ ਪ੍ਰਧਾਨ ਐਚ.ਐਸ. ਸੋਢੀ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਸਪਿੰਦਰ ਸਿੰਘ ਲਾਲੀ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਇਸਤਰੀ ਅਕਾਲੀ ਦਲ ਜ਼ਿਲ੍ਹਾ (ਸ਼ਹਿਰੀ) ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਆਈ.ਟੀ ਵਿੰਗ ਦੇ ਪ੍ਰਧਾਨ ਅਰਵਿੰਦਰ ਸਿੰਘ ਬਿੰਨੀ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…