ਬਲਬੀਰ ਸਿੱਧੂ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਮਨਵੇਸ਼ ਸਿੱਧੂ ’ਤੇ ਲਾਇਆ ਅਕਾਲੀ ਦਲ ਦੀ ਮਦਦ ਕਰਨ ਦਾ ਦੋਸ਼

ਆਈਏਐਸ ਅਧਿਕਾਰੀ ਸਿੱਧੂ ਦੇ ਖ਼ਿਲਾਫ਼ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ, ਬਦਲੀ ਕਰਨ ਦੀ ਮੰਗ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਮੁਹਾਲੀ ਹਲਕੇ ਵਿੱਚ ਉਮੀਦਵਾਰਾਂ ਵੱਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਹੁਣ ਨਿੱਜੀ ਦੂਸ਼ਣਬਾਜ਼ੀ ਅਤੇ ਸ਼ਿਕਾਇਤ ਵੱਲ ਵੱਧਣ ਲੱਗ ਪਿਆ ਹੈ। ਇਸ ਸਬੰਧੀ ਕਾਂਗਰਸ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਦੇ ਮੁੱਖ ਪ੍ਰਸ਼ਾਸਕ ਮਨਵੇਸ਼ ਸਿੰਘ ਸਿੱਧੂ ’ਤੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਆਪਣੇ ਰਿਸ਼ਤੇਦਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਦਫ਼ਤਰ ਦੇ ਮੁਲਾਜ਼ਮਾਂ ਨੂੰ ਭੁਗਤਨ ਲਈ ਦਬਾਅ ਪਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਅਧਿਕਾਰੀ ਦੇ ਖਿਲਾਫ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁੱਡਾ ਅਧਿਕਾਰੀ ਸਰਕਾਰੀ ਕੁਰਸੀ ’ਤੇ ਬੈਠ ਕੇ ਅਕਾਲੀ-ਭਾਜਪਾ ਗੱਠਜੋੜ ਲਈ ਦੇ ਉਮੀਦਵਾਰ ਲਈ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀ ਦੀ ਇੱਥੋਂ ਬਦਲੀ ਕੀਤੀ ਜਾਵੇ।
ਮੁੱਖ ਚੋਣ ਕਮਿਸ਼ਨਰ ਨੂੰ ਭੇਜੀ ਸਿਕਾਇਤ ਵਿੱਚ ਬਲਬੀਰ ਸਿੱਧੂ ਨੇ ਕਿਹਾ ਕਿ ਮਨਵੇਸ਼ ਸਿੰਘ ਸਿੱਧੂ ਪੁਡਾ ਦੇ ਸਟਾਫ ਨੂੰ ਬੁਲਾ ਕੇ ਅਕਾਲੀ-ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਦਾ ਦਬਾਅ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨਵੇਸ਼ ਸਿੰਘ ਸਿੱਧੂ ਆਪਣੇ ਸਰਕਾਰੀ ਦਫਤਰ ਨੂੰ ਸਿਆਸੀ ਕੰਮਾਂ ਲਈ ਵਰਤ ਰਹੇ ਹਨ ਅਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਬਦਲੇ ਪੱੁਡਾ ਦੇ ਸੀਏ ਨੂੰ ਤੁਰੰਤ ਪੰਜਾਬ ਤੋਂ ਬਾਹਰ ਬਦਲਿਆ ਜਾਵੇ। ਜ਼ਿਲ੍ਹਾ ਕਾਂਗਰਸ ਦੇ ਦਫ਼ਤਰ ਵਿੱਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਸਿੱਧੂ ਨੇ 2 ਜਨਵਰੀ ਨੂੰ ਅਸਤੀਫਾ ਦੇ ਦਿੱਤਾ ਸੀ ਪਰ ਇਸ ਤੋਂ ਬਾਅਦ 3 ਜਨਵਰੀ ਨੂੰ ਇੱਕ ਪਿੰਡ ਦੀ ਫਿਰਨੀ ਦਾ ਉਦਘਾਟਨ ਕੀਤਾ ਅਤੇ 4 ਜਨਵਰੀ ਨੂੰ ਪਿੰਡਾਂ ਲਈ ਖੇਡ ਕਿਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਕਾਂਗਰਸ ਦੀ ਲਹਿਰ ਚਲ ਰਹੀ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਅਕਾਲੀ ਅਤੇ ਆਪ ਪਾਰਟੀ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਹਲਕੇ ਵਿੱਚ ਕਾਂਗਰਸ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸ਼ਹਿਰ ਵਿੱਚ ਕਾਂਗਰਸੀ ਵਰਕਰ ਘਰੋਂ ਘਰੀਂ ਜਾ ਕੇ ਨੁੱਕੜ ਮੀਟਿੰਗਾਂ ਕਰ ਰਹੇ ਹਨ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਤੋਂ ਬਾਅਦ ਮੁਹਾਲੀ ਅਤੇ ਪਿੰਡ ਵਿੱਚ ਵੱਡੇ ਇੱਕਠ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ 17 ਜਨਵਰੀ ਨੂੰ ਆਪਣੇ ਕਾਗਜ ਦਾਖ਼ਲ ਕਰਨਗੇ ਅਤੇ ਉਨ੍ਹਾਂ ਦੇ ਬੇਟਾ ਐਡਵੋਕੇਟ ਕੰਵਲਬੀਰ ਸਿੰਘ ਸਿੱਧੂ ਉਨ੍ਹਾਂ ਦਾ ਕਵਰਿੰਗ ਉਮੀਦਵਾਰ ਹੋਵੇਗਾ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਹਰਕੇਸ਼ ਚੰਦ ਸ਼ਰਮਾ, ਗੁਰਚਰਨ ਸਿੰਘ ਭੰਵਰਾ, ਮੋਹਨ ਸਿੰਘ ਬਠਲਾਣਾ ਵੀ ਹਾਜ਼ਰ ਸਨ।
ਉਧਰ, ਇਸ ਸਬੰਧੀ ਪੁੱਡਾ ਦੇ ਮੁੱਖ ਪ੍ਰਸ਼ਾਸਕ ਮਨਵੇਸ਼ ਸਿੰਘ ਸਿੱਧੂ ਨੇ ਕੋਈ ਵੀ ਟਿੱਪਣੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਦੂਜੇ ਪਾਸੇ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣਾ ਪੱਖ ਰੱਖਦਿਆਂ ਸਪੱਸ਼ਟ ਕੀਤਾ ਕਿ ਪੁੱਡਾ ਅਧਿਕਾਰੀ ਮਨਵੇਸ਼ ਸਿੰਘ ਸਿੱਧੂ ਉਨ੍ਹਾਂ ਦਾ ਕੋਈ ਨੇੜਲਾ ਜਾਂ ਦੂਰ ਦਾ ਰਿਸ਼ਤੇਦਾਰ ਨਹੀਂ ਹੈ। ਨਾ ਹੀ ਉਹ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਦਾ ਨੇੜਲਾ ਰਿਸ਼ਤੇਦਾਰ ਹੈ। ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਸਾਫ਼ ਸੁਥਰੀ ਅਤੇ ਪਾਰਦਰਸ਼ਤਾ ਵਾਲੀ ਨੀਤੀ ਨਾਲ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਵੀ ਤਰੀਕੇ ਦੀ ਗ਼ੈਰ ਕਾਨੂੰਨੀ ਜਾਂ ਗ਼ੈਰ ਨੈਤਿਕ ਮਦਦ ਲੈਣ ਵਿੱਚ ਵਿਸ਼ਵਾਸ ਨਹੀਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਹ ਇੱਥੇ ਅਗਾਂਹਵਧੂ ਸੋਚ ਨਾਲ ਕੰਮ ਕਰਨ ਆਏ ਹਨ ਨਾ ਕਿ ਇਕ ਦੂਜੇ ਉੱਤੇ ਚਿੱਕੜ ਸੁੱਟਣ ਲਈ। ਕੈਪਟਨ ਸਿੱਧੂ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ 3 ਜਨਵਰੀ ਦੀ ਸ਼ਾਮ ਨੂੰ ਹੀ ਮਨਜ਼ੂਰ ਹੋ ਗਿਆ ਸੀ ਅਤੇ ਉਸ ਤੋਂ ਪਹਿਲਾਂ ਤੱਕ ਉਹ ਜਰੂਰ ਸਿਰਫ਼ ਤੇ ਸਿਰਫ਼ ਆਪਣੀ ਸੇਵਾ ਨਿਭਾਉਂਦੇ ਰਹੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…