ਸੋਹਾਣਾ ਵਿੱਚ ਗੰਦੇ ਪਾਣੀ ਦੀ ਸਪਲਾਈ ਕਾਰਨ ਹੈਜ਼ੇ ਦੀ ਬਿਮਾਰੀ ਦਾ ਖਤਰਾ, ਲੋਕਾਂ ਵਿੱਚ ਦਹਿਸ਼ਤ

ਪਿੰਡ ਸੋਹਾਣਾ ਵਿੱਚ ਦਸਤ ਤੇ ਉਲਟੀਆਂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਅਚਨਚੇਤ ਵਾਧਾ, ਮੈਡੀਕਲ ਕੈਂਪ ਲਗਾ ਕੇ ਲੋਕਾਂ ਦਾ ਕੀਤਾ ਚੈੱਕਅਪ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਇਤਿਹਾਸਿਕ ਪਿੰਡ ਸੋਹਾਣਾ ਵਿੱਚ ਹੈਜੇ ਦੀ ਬਿਮਾਰੀ ਫੈਲਣ ਦਾ ਖਤਰਾ ਮੰਡਰਾ ਰਿਹਾ ਹੈ। ਇਸ ਸਬੰਧੀ ਪਿਛਲੇ ਕੁੱਝ ਦਿਨਾਂ ਤੋਂ ਪਿੰਡ ਵਿੱਚ ਉਲਟੀਆਂ ਅਤੇ ਦਸਤ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਹੁੰਦੇ ਲਗਾਤਾਰ ਵਾਧੇ ਤੋਂ ਬਾਅਦ ਭਾਵੇਂ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ ਪ੍ਰੰਤੂ ਜਲ ਸਪਲਾਈ ਵਿਭਾਗ ਵੱਲੋਂ ਖਾਨਾਪੂਰਤੀ ਕਰਕੇ ਡੰਗ ਸਾਰਿਆ ਜਾ ਰਿਹਾ ਹੈ। ਉਧਰ, ਸਿਹਤ ਵਿਭਾਗ ਨੇ ਸੋਹਾਣਾ ਵਿੱਚ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਵਿੱਚ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਪਾਣੀ ਦੇ ਸੈਂਪਲ ਵੀ ਭਰੇ ਹਨ। ਜਿਨ੍ਹਾਂ ਨੂੰ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਹਫ਼ਤੇ ਪਹਿਲਾਂ ਵੀ ਪਿੰਡ ਵਿੱਚ ਹੈਜੇ ਦੇ ਦੋ ਮਰੀਜ ਸਾਹਮਣੇ ਆ ਚੁੱਕੇ ਹਨ। ਜਿਸ ਦਾ ਕਾਰਨ ਇੱਥੇ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਪਲਾਈ ਨੂੰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਦੇ ਇੰਸਪੈਕਟਰ ਦਿਨੇਸ਼ ਚੌਧਰੀ ਨੇ ਦੱਸਿਆ ਕਿ ਪਿਛਲੇ ਮਹੀਨੇ ਵੀ ਪਿੰਡ ਵਿੱਚ ਉਲਟੀਆਂ ਅਤੇ ਦਸਤ ਦੇ ਮਰੀਜ਼ਾਂ ਦੀ ਗਿਣਤੀ ਕਾਫੀ ਵੱਧ ਗਈ ਸੀ ਅਤੇ ਉਸ ਵੇਲੇ ਪਿੰਡ ਦੀਆਂ ਦੋ ਮਹਿਲਾਵਾਂ ਬਬੀਤਾ ਅਤੇ ਮਮਤਾ ਵਿੱਚ ਹੈਜੇ ਦੀ ਬਿਮਾਰੀ ਹੋਣ ਦੀ ਪੁਸ਼ਟੀ ਵੀ ਹੋਈ ਸੀ। ਜਿਨ੍ਹਾਂ ਦਾ ਸਿਹਤ ਵਿਭਾਗ ਦੀ ਟੀਮ ਵੱਲੋਂ ਇਲਾਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਵੇਲੇ ਸਿਹਤ ਵਿਭਾਗ ਵੱਲੋਂ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਜਿਹੜੇ ਸੈਂਪਲ ਭਰੇ ਗਏ ਸੀ, ਉਨ੍ਹਾਂ ਵਿੱਚੋਂ ਕਾਫੀ ਸੈਂਪਲ ਫੇਲ ਹੋ ਗਏ ਸਨ। ਜਿਸ ਤੋਂ ਬਾਅਦ ਵਿਭਾਗ ਵੱਲੋਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਲਿਖਿਆ ਗਿਆ ਸੀ ਅਤੇ ਜਲ ਸਪਲਾਈ ਵਿਭਾਗ ਵੱਲੋਂ ਪਾਣੀ ਦੀ ਸਪਲਾਈ ਵਿੱਚ ਸੁਧਾਰ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪਿੰਡ ਵਿੱਚ ਦੁਬਾਰਾ ਭਰੇ ਪਾਣੀ ਦੇ ਸੈਂਪਲ ਪਾਸ ਹੋਣ ਉਪਰੰਤ ਇਹ ਮਾਮਲਾ ਖਤਮ ਹੋ ਗਿਆ ਸੀ ਪ੍ਰੰਤੂ ਹੁਣ ਫਿਰ ਪਿਛਲੇ ਕੁੱਝ ਦਿਨਾਂ ਤੋਂ ਪਿੰਡ ਵਿੱਚ ਉਲਟੀਆਂ ਅਤੇ ਦਸਤ ਦੇ ਮਾਮਲੇ ਲਗਾਤਾਰ ਵੱਧਣ ਲੱਗ ਗਏ ਹਨ। ਜਿਸ ਕਾਰਨ ਅੱਜ ਪਿੰਡ ਦੀ ਡਿਸਪੈਂਸਰੀ ਵਿੱਚ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਿੰਡ ਵਿੱਚੋਂ ਨਵੇਂ ਸਿਰੇ ਤੋਂ ਪਾਣੀ ਦੇ ਸੈਂਪਲ ਵੀ ਭਰੇ ਜਾ ਰਹੇ ਹਨ।
ਸਿਹਤ ਵਿਭਾਗ ਵਲੋਂ ਲਗਾਏ ਗਏ ਕੈਂਪ ਦੌਰਾਨ ਡਾ ਸੰਗੀਤ ਪਾਲ ਅਤੇ ਡਾ ਦੀਪਿਕਾ ਨੇ ਮਰੀਜਾਂ ਦੀ ਜਾਂਚ ਕੀਤੀ। ਅੱਜ ਦੇ ਕੈਂਪ ਦੌਰਾਨ ਭਾਵੇਂ ਹੈਜੇ ਦਾ ਕੋਈ ਮਾਮਲਾ ਸਾਮ੍ਹਣੇ ਲਈਂ ਆਇਆ ਪਰੰਤੂ ਸਿਹਤ ਵਿਭਾਗ ਦੀ ਟੀਮ ਦਾ ਕਹਿਣਾ ਸੀ ਕਿ ਜੇਕਰ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਹੋਇਆ ਤਾਂ ਸਥਿਤੀ ਵਿਗੜ ਸਕਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਹਰੀਜਨ ਮੁਹੱਲੇ ਵਿੱਚ ਸੀਵਰੇਜ ਬੰਦ ਹੋਣ ਕਾਰਨ ਇਸ ਬਿਮਾਰੀ ਦਾ ਖਤਰਾ ਹੋਰ ਵੀ ਜਿਆਦਾ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਦਾ ਦੌਰਾ ਵੀ ਕੀਤਾ ਗਿਆ। ਉਹਨਾਂ ਦੱਸਿਆ ਕਿ ਵਿਭਾਗ ਵਲੋਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਜਾਣਕਾਰੀ ਦੇ ਕੇ ਲੋੜੀਂਦੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।
ਇਸ ਸਬੰਧੀ ਅਕਾਲੀ ਦਲ ਦੇ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਬੈਦਵਾਨ ਅਤੇ ਬੀਬੀ ਕਮਲਜੀਤ ਕੌਰ ਅਤੇ ਨੰਬਰਦਾਰ ਹਰਸੰਗਤ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ’ਤੇ ਦੂਸ਼ਿਤ ਪਾਣੀ ਸਬੰਧੀ ਉਨ੍ਹਾਂ ਦੀ ਸ਼ਿਕਾਇਤ ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਵਾਰ ਜਨ ਸਿਹਤ ਵਿਭਾਗ ਅਤੇ ਮਿਉਂਸਪਲ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਲਿਖਤੀ ਤੇ ਜੁਬਾਨੀ ਫਰਿਆਦ ਕੀਤੀ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਸ੍ਰੀ ਪਰਮਿੰਦਰ ਸੋਹਾਣਾ ਨੇ ਦੱਸਿਆ ਕਿ ਪਿੰਡ ਮਿਉਂਸਪਲ ਕਾਰਪੋਰੇਸ਼ਨ ਅਧੀਨ ਹੈ ਜਦੋਂ ਕਿ ਪਾਣੀ ਦੀ ਸਪਲਾਈ ਅਤੇ ਸੀਵਰੇਜ ਜਨ ਸਿਹਤ ਵਿਭਾਗ ਕੋਲ ਹੈ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਵਿੱਚ ਆਪਸੀ ਤਾਲਮੇਲ ਨਾ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੀਬ 20 ਦਿਨਾਂ ਪਹਿਲਾਂ ਵੀ ਇਹ ਸਮੱਸਿਆ ਪੈਦਾ ਹੋਈ ਸੀ ਅਤੇ ਅਧਿਕਾਰੀਆਂ ਨੇ ਪਿੰਡ ’ਚੋਂ ਪਾਣੀ ਦੇ ਸੈਂਪਲ ਭਰੇ ਸੀ। ਜਿਨ੍ਹਾਂ ’ਚੋਂ ਕਈ ਸੈਂਪਲ ਫੇਲ ਹੋ ਗਏ ਹਨ। ਇਸ ਦੇ ਬਾਵਜੂਦ ਪ੍ਰਸ਼ਾਸਨ ਗੂੜੀ ਨੀਂਦ ਤੋਂ ਨਹੀਂ ਜਾਗਿਆ ਹੈ।
ਇਸ ਸਬੰਧੀ ਜਲ ਸਪਲਾਈ ਵਿਭਾਗ ਦੇ ਐਸਡੀਓ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ ਅਤੇ ਵਿਭਾਗ ਦੇ ਕਰਮਚਾਰੀ ਇਸ ਸਮਸਿਆ ਨੂੰ ਦੂਰ ਕਰਨ ਲਈ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਹ ਸਮਸਿਆ ਆਈ ਸੀ, ਉਸ ਸਮੇਂ ਵੀ ਵਿਭਾਗ ਵਲੋਂ ਪਹਿਲਾਂ ਸਪਲਾਈ ਰੋਕ ਕੇ ਅਤੇ ਮੁੜ ਸਫਾਈ ਕਰਵਾ ਕੇ ਜਲ ਸਪਲਾਈ ਸ਼ੁਰੂ ਕੀਤੀ ਗਈ ਸੀ ਅਤੇ ਉਸ ਵੇਲੇ ਪਾਣੀ ਦੇ ਸੈਂਪਲ ਠੀਕ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪਿੰਡ ਵਿਚ ਕਲੋਰੀਨ ਪਲਾਂਟ ਵੀ ਲਗਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਾਮ ਹੋਵੇ ਸੀਵਰੇਜ ਨੂੰ ਖੋਲ੍ਹਣ ਲਈ ਕਰਮਚਾਰੀ ਕੰਮ ਕਰ ਰਹੇ ਹਨ ਅਤੇ ਇਸ ਕੰਮ ਵਾਸਤੇ ਵਿਭਾਗ ਤੋਂ ਸੀਵਰੇਜ ਕਲੀਨਿੰਗ ਮਸ਼ੀਨ ਵੀ ਮੰਗਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਇਸ ਪਿੰਡ ’ਚੋਂ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਪਿੰਡ ਵਿੱਚਲੀ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਤੁਰੰਤ ਦੂਰ ਕਰਵਾ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…