nabaz-e-punjab.com

ਖੇਤੀ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਬਾਦਲ ਪਿਊ ਪੁੱਤ ਨੂੰ ਮਨਭਾਉਂਦੀ ਗੱਲ ਸੁਣਨ ਤੇ ਭੁੱਲਣ ਦੀ ਬੀਮਾਰੀ: ਕੈਪਟਨ ਅਮਰਿੰਦਰ

ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਸਮਾਂਬੱਧ ਤਰੀਕੇ ਨਾਲ ਮੁਆਫ਼ ਕਰਨ ਲਈ ਵਚਨਬੱਧਤਾ ਦੁਹਰਾਈ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਮਾਰਚ:
ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬੀਮਾਰੀ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਆਪਣੇ ਸਿਆਸੀ ਵਿਰੋਧੀਆਂ ਖਾਸ ਕਰ ਪੰਜਾਬ ਕਾਂਗਰਸ ਵਿਰੁੱਧ ਫਜ਼ੂਲ ਅਤੇ ਅਧਾਰਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਵਿਰਤੀ ਵਿੱਚ ਗ੍ਰਸੇ ਹੋਏ ਹਨ। ਸਰਕਾਰ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਦੀ ਵਚਨਬੱਧਤਾ ਤੋਂ ਭੱਜਣ ਬਾਰੇ ਹਾਲ ਹੀ ਦੇ ਬਾਦਲਾਂ ਦੇ ਬਿਆਨ ਨਾ ਕੇਵਲ ਬੇਬੁਨਿਆਦ ਹਨ ਸਗੋਂ ਲੋਕਾਂ ਵਿੱਚ ਸਥਾਪਤ ਹੋ ਚੁੱਕੇ ਤੱਥਾਂ ਦੇ ਵੀ ਉਲਟ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਕ ਵੀ ਕਦਮ ਚੁੱਕਣ ’ਚ ਨਾਕਾਮ ਰਹੀ ਹੈ ਅਤੇ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਆਪਣਾ ਸ਼ਾਸਨ ਸੰਭਾਲਣ ਦੇ 10 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਖੇਤੀ ਕਰਜ਼ੇ ਸਮਾਂ-ਬੱਧ ਤਰੀਕੇ ਨਾਲ ਮੁਆਫ਼ ਕਰਨ ਲਈ ਪਹਿਲਕਦਮੀਆਂ ਕੀਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੇ ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਨੂੰ ਬਾਦਲ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਦੀ ਅੰਨ੍ਹੀ ਗੁਫਾ ਬਣਾ ਦਿੱਤਾ ਸੀ। ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨਾਲ ਹੋਈ ਆਪਣੀ ਮੀਟਿੰਗ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੇਤੀ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਪਹਿਲੀ ਵਾਰ ਹੀ ਸ੍ਰੀ ਨਰੇਂਦਰ ਮੋਦੀ ਨੂੰ ਨਹੀਂ ਮਿਲੇ।
ਕਾਂਗਰਸ ਨਾ ਕੇਵਲ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਖੇਤੀ ਕਰਜ਼ੇ ਮੁਆਫ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਚੋਣ ਤੋਂ ਪਹਿਲਾਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਣ ਗਏ ਵਫ਼ਦ ਵਿੱਚ ਸ਼ਾਮਲ ਸਨ ਜਿਸ ਨੇ ਦੇਸ਼ ਭਰ ਦੇ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਬਾਦਲਾਂ ਨੂੰ ਮਨਭਾਉਂਦੀਆ ਗੱਲਾਂ ਸੁਣਨ, ਚੋਣਵੀਆਂ ਗੱਲਾਂ ਯਾਦ ਰੱਖਣ ਅਤੇ ਭੁੱਲਣ ਦੀ ਬਿਮਾਰੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਸਬੰਧ ਵਿੱਚ ਧੋਖਾ ਕਰਨ ਸਬੰਧੀ ਲਾਏ ਦੋਸ਼ਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੂੰ ਅਜਿਹੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਖੇਤੀ ਕਰਜ਼ੇ ਮੁਆਫ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ ਅਤੇ ਜੇਕਰ ਕੇਂਦਰ ਸਰਕਾਰ ਦੇਸ਼ ਭਰ ਦੇ ਕਰਜ਼ੇ ਵਿੱਚ ਫਸੇ ਕਿਸਾਨਾਂ ਨੂੰ ਬਾਹਰ ਕੱਖਣ ਲਈ ਜ਼ਰੂਰੀ ਕਦਮ ਚੁੱਕੇ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸਭਨਾਂ ਹਿੱਸਿਆਂ ਵਿੱਚ ਕਿਸਾਨਾਂ ਦੀ ਦੁਰਦਸ਼ਾ ਬਾਰੇ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਜਾਣਦੀ ਹੈ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅਗਵਾਈ ਵਾਲੀ ਕੇਂਦਰੀ ਸਰਕਾਰ ਦੀ ਸਹਾਇਤਾ ਨਾਲ ਇਸ ਸਮੱਸਿਆ ਨੂੰ ਹੱਲ ਕਰਨ ਲਈ ਜੱਦੋ-ਜਹਿਦ ਕਰ ਰਹੀ ਹੈ। ਇਸ ਦੇ ਉਲਟ ਆਪਣੇ ਹੀ ਸੂਬੇ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬਾਦਲਾਂ ਦੇ ਕੰਨਾਂ ’ਤੇ ਜੂੰ ਨਾ ਸਰਕੀ। ਬਾਦਲਾਂ ਨੂੰ ਹੋਰਨਾਂ ਸੂਬਿਆਂ ਬਾਰੇ ਕੋਈ ਵੀ ਚਿੰਤਾ ਹੋਣ ਦੀ ਤਾਂ ਗੱਲ ਤਾਂ ਸੋਚੀ ਵੀ ਨਹੀਂ ਜਾ ਸਕਦੀ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣਾ ਮਾਣ-ਸਤਿਕਾਰ ਹੋਰ ਨਾ ਘਟਾਉਣ ਜਿਨ੍ਹਾਂ ਨੂੰ ਹਾਲ ਹੀ ਦੀਆਂ ਚੋਣਾਂ ਦੌਰਾਨ ਵੱਡੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਅਤੇ ਇਨ੍ਹਾਂ ਨੂੰ ਉਤਸ਼ਾਹ ਦੇਣ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…