ਕੈਪਟਨ ਅਮਰਿੰਦਰ ਵੱਲੋਂ ਚਿੰਤਪੁਰਨੀ ਮੈਡੀਕਲ ਕਾਲਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਲਈ ਸਿਹਤ ਮੰਤਰੀ ਨੂੰ ਕਦਮ ਚੁੱਕਣ ਦੇ ਆਦੇਸ਼

ਗਿਆਨ ਸਾਗਰ ਤੇ ਚਿੰਤਪੁਰਨੀ ਕਾਲਜ ਦੇ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਮੈਡੀਕਲ ਸਿੱਖਿਆ ਵਿਭਾਗ ਨੂੰ ਹੁਕਮ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਪੁਰਨੀ ਮੈਡੀਕਲ ਕਾਲਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਲਈ ਸੂਬੇ ਦੇ ਸਿਹਤ ਮੰਤਰੀ ਨੂੰ ਕਦਮ ਚੁੱਕਣ ਲਈ ਆਖਿਆ ਹੈ। ਇਸ ਕਾਲਜ ਵਿੱਚ ਕੁਝ ਸਮੇਂ ਤੋਂ ਨਿਯਮਤ ਤੌਰ ’ਤੇ ਕਲਾਸਾਂ ਨਹੀਂ ਲੱਗ ਰਹੀਆਂ ਅਤੇ ਮੈਡੀਕਲ ਕੌਂਸਲ ਆਫ ਇੰਡੀਆ (ਐਮ.ਸੀ.ਆਈ) ਨੇ ਇਸ ਨੂੰ ਦੋ ਸੈਸ਼ਨਾਂ ਵਾਸਤੇ ਦਾਖਲੇ ਰੋਕਣ ਲਈ ਆਖਿਆ ਹੈ। ਸੰਕਟ ਵਿੱਚ ਘਿਰੇ ਹੋਏ ਗਿਆਨ ਸਾਗਰ ਅਤੇ ਚਿੰਤਪੁਰਨੀ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਭਵਿੱਖ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਹ ਹਦਾਇਤਾਂ ਮੁੱਖ ਮੰਤਰੀ ਨੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਅੱਜ ਇੱਥੇ ਹੋਈ ਜਾਇਜ਼ਾ ਮੀਟਿੰਗ ਦੌਰਾਨ ਜਾਰੀ ਕੀਤੀਆਂ।
ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਦੇ ਸਬੰਧ ਵਿੱਚ ਚੱਲ ਰਹੇ ਅਦਾਲਤੀ ਕੇਸ ’ਤੇ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕੇਸ ਨੂੰ ਹੱਲ ਹੋਣ ਲਈ ਲੰਮਾ ਸਮਾਂ ਲੱਗ ਸਕਦਾ ਹੈ ਜਿਸ ਕਰਕੇ ਵਿਦਿਆਰਥੀਆਂ ਨੂੰ ਰਾਹਤ ਦੇਣ ਦੇ ਵਾਸਤੇ ਕੋਈ ਨਾ ਕੋਈ ਢੰਗ ਤਰੀਕਾ ਲੱਭਿਆ ਜਾਣਾ ਜਰੂਰੀ ਹੈ ਤਾਂ ਜੋ ਇਸ ਪ੍ਰਕਿਰਿਆ ਵਿੱਚ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਨਾ ਹਵੇ। ਉਨ੍ਹਾਂ ਨੇ ਵਿਭਾਗ ਨੂੰ ਕੋਈ ਨਾ ਕੋਈ ਢੰਗ ਤਰੀਕਾ ਲੱਭਣ ਲਈ ਕਿਹਾ ਹੈ ਤਾਂ ਜੋ ਵਿਦਿਆਰਥੀਆਂ ਦਾ ਇੱਕ ਸਾਲ ਖਰਾਬ ਨਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੁਕਸਾਨ ਤੋਂ ਰਾਹਤ ਦਵਾਉਣ ਲਈ ਵੀ ਸੰਭਵੀ ਹੱਲ ਲੱਭਣ ਲਈ ਵੀ ਵਿਭਾਗ ਨੂੰ ਆਖਿਆ। ਗਿਆਨ ਸਾਗਰ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਮੁੱਖ ਮੰਤਰੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਇਸ ਚਾਂਸਲਰ ਨੂੰ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸਰੱਖਿਅਤ ਕਰਨ ਲਈ ਇਨ੍ਹਾਂ ਦਾ ਵਿਸ਼ੇਸ਼ ਇਮਤਿਹਾਨ ਲੈਣ ਲਈ ਆਖਿਆ।
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਨੂੰ ਵੀ ਇਨ੍ਹਾਂ ਵਿਦਿਆਰਥੀਆਂ ਦੇ ਕੈਰੀਅਰ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਤੋ ਪਹਿਲਾਂ ਇਨ੍ਹਾਂ ਕਾਲਜਾਂ ਦੀ ਤਰਸਯੋਗ ਹਾਲਤ ਬਾਰੇ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਵਿਭਾਗ ਵਲੋਂ ਕੀਤੀ ਗਈ ਜਾਂਚ ਦੌਰਾਨ ਇਨ੍ਹਾਂ ਵਲੋਂ ਐਮ.ਸੀ.ਆਈ. ਦੇ ਬਹੁਤ ਸਾਰੇ ਨਿਯਮਾਂ ਦੀ ਉਲੰਘਣਾ ਹੋਣ ਦੇ ਸੰਕੇਤ ਮਿਲੇ ਹਨ। ਬਾਬਾ ਫਰੀਦ ਯੂਨੀਵਰਸਿਟੀ ਨੇ ਪਹਿਲਾਂ ਹੀ ਗਿਆਨ ਸਾਗਰ ਮੈਡੀਕਲ ਕਾਲਜ ਦੀ ਐਫੀਲੀਏਸ਼ਨ ਰੱਦ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਇਸ ਦੀ ਮਾਨਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਚਿੰਤਪੁਰਨੀ ਕਾਲਜ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕਦਮ ਚੁੱਕ ਕੇ ਪੜ੍ਹਾਈ ਨੂੰ ਮੁਕੰਮਲ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਦੀ ਜਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਢੁਕਵੇਂ ਸਮੇਂ ’ਤੇ ਇਮਤਿਹਾਨ ਵਿੱਚ ਬੈਠ ਸਕਣ।
ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅੰਜਲੀ ਭਾਵੜਾ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦੁਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਸ਼ਾਮਲ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…