ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਗੰਢਤੁਪ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਦੂਰ-ਦਰਾਜ ਦੇ ਇਲਾਕਿਆਂ ਵਿੱਚ ਤਬਦੀਲ ਕਰਨ ਦੇ ਹੁਕਮ

ਨਸ਼ਿਆਂ ਵਿਰੋਧੀ ਕੋਸ਼ਿਸ਼ਾਂ ਲਈ ਵੱਖ-ਵੱਖ ਏਜੰਸੀਆਂ ’ਚ ਤਾਲਮੇਲ ਕਰਨ ਵਾਸਤੇ ਅੰਤਰ ਵਿਭਾਗੀ ਪੈਨਲ ਸਥਾਪਤ

ਤਸਕਰਾਂ ਨਾਲ ਗੰਢਤੁਪ ਨੂੰ ਤੋੜਣ ਲਈ ਸਰਹੱਦੀ ਸਟਾਫ ਉੱਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਮਈ:
ਨਸ਼ਾ ਤਸਕਰਾਂ ਤੇ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਸਕਰਾਂ ਤੇ ਸਮੱਗਲਰਾਂ ਨਾਲ ਮਿਲੇ ਸ਼ੱਕੀ ਪੁਲੀਸ ਮੁਲਾਜ਼ਮਾਂ ਨੂੰ ਦੂਰ-ਦਰਾਜ ਦੇ ਇਲਾਕਿਆਂ ਵਿੱਚ ਭੇਜਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਆਪਸੀ ਤਾਲਮੇਲ ਨਾਲ ਠੋਸ ਕੋਸ਼ਿਸ਼ਾਂ ਕਰਨ ਲਈ ਅੰਤਰ-ਵਿਭਾਗੀ ਕਮੇਟੀ ਵੀ ਗਠਿਤ ਕੀਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਹ ਫੈਸਲਾ ਵਿਸ਼ੇਸ਼ ਟਾਸਕ ਫੋਰਸ ਦੀ ਪ੍ਰਗਤੀ ਬਾਰੇ ਹੋਈ ਇਕ ਉਚ ਪੱਧਰ ਜਾਇਜ਼ਾ ਮੀਟਿੰਗ ਦੌਰਾਨ ਲਿਆ ਗਿਆ। ਇਸ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਅੱਗੇ ਦੱਸਿਆ ਕਿ ਅੰਤਰ-ਵਿਭਾਗੀ ਕਮੇਟੀ ਵਿੱਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪ੍ਰਮੁੱਖ ਸਕੱਤਰ ਸਿੱਖਿਆ ਅਤੇ ਸਕੱਤਰ ਖੇਡਾਂ ਹੋਣਗੇ। ਮੁੱਖ ਮੰਤਰੀ ਨੇ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਬੀ.ਐਸ.ਐਫ. ਅਤੇ ਸੂਬਾ ਪੁਲਿਸ ਦੇ ਮੁਲਾਜ਼ਮਾਂ ਵਿਚਕਾਰ ਗੰਢਤੁੱਪ ਨੂੰ ਤੋੜਣ ਲਈ ਸਰਹੱਦੀ ਜ਼ਿਲ੍ਹਿਆਂ ਤੇ ਪੁਲਿਸ ਥਾਣਿਆਂ ਵਿੱਚ ਤਾਇਨਾਤ ਸਟਾਫ ’ਤੇ ਸਖ਼ਤ ਨਿਗਰਾਨੀ ਰੱਖਣ ਦੇ ਮੁੱਦੇ ’ਤੇ ਡੀ.ਜੀ.ਪੀ. ਨਾਲ ਮਾਮਲਾ ਉਠਾਉਣ ਲਈ ਮੁੱਖ ਸਕੱਤਰ ਨੂੰ ਆਖਿਆ। ਮੁੱਖ ਮੰਤਰੀ ਨੇ ਨਸ਼ਿਆਂ ਦੀ ਲਾਹਨਤ ’ਤੇ ਕਾਬੂ ਪਾਉਣ ਲਈ ਵਿਸ਼ੇਸ਼ ਟਾਸਕ ਫੋਰਸ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਪਰ ਇਸ ਦੇ ਨਾਲ ਹੀ ਇਸ ਸਮੱਸਿਆ ਨਾਲ ਨਿਪਟਣ ਲਈ ਹੋਰ ਤਾਲਮੇਲ ਵਾਲੀ ਪਹੁੰਚ ਅਪਣਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਦੇ ਸਾਹਮਣੇ ਵਿਸਤ੍ਰਤ ਪੇਸ਼ਕਾਰੀ ਕਰਦੇ ਹੋਏ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਸਾਲਾਂ ਤੋਂ ਸਰਹੱਦੀ ਇਲਾਕਿਆਂ ਵਿਚ ਤਾਇਨਾਤ ਦਰਮਿਆਨੇ ਪੱਧਰ ਦੇ ਕੁਝ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਤੋੜੇ ਬਿਨਾਂ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਨਸ਼ੇ ਤਸਕਰਾਂ/ਵਪਾਰੀਆਂ ਦੇ ਨਾਲ ਗੰਢਤੁਪ ਤੋੜਣ ਲਈ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਦੂਰ-ਦਰਾਜ ਦੇ ਇਲਾਕਿਆਂ ਵਿਚ ਤਬਦੀਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਤਸਕਰਾਂ ਨਾਲ ਸਾਂਝ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਤਬਦੀਲ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਸ੍ਰੀ ਸਿੱਧੂ ਦੇ ਇਨ੍ਹਾਂ ਵਿਚਾਰਾਂ ਉੱਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਹ ਮੁੱਦਾ ਪੁਲਿਸ ਦੇ ਡਾਇਰੈਕਟਰ ਜਨਰਲ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਤਾਂ ਜੋ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਸੂਬੇ ਵਿਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਢਾਹ ਲਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਸਬੰਧ ਵਿਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਫਿਲਮਾਂ ਦਿਖਾਈਆਂ ਜਾਣ। ਨਸ਼ਿਆਂ ਨਾਲ ਨਿਪਟਣ ਲਈ ਵਿਸ਼ੇਸ਼ ਟਾਸਕ ਫੋਰਸ ਵੱਲੋਂ ਸਮੁਦਾਇ ਭਾਈਵਾਲੀ ਰੂਪ ਰੇਖਾ ਦੇ ਦਿੱਤੇ ਪ੍ਰਸਤਾਵ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਦੁਰਵਰਤੋਂ ਰੋਕਥਾਮ ਅਧਿਕਾਰੀ (ਡੀ.ਏ.ਪੀ.ਓ) ਨੌਜਵਾਨਾਂ ਵਿਚ ਜਾਗਰੁਕਤਾ ਲਿਆਉਣ ਤੋਂ ਇਲਾਵਾ ਨਸ਼ੇ ਵਿਚ ਫਸੇ ਲੋਕਾਂ ਦੇ ਮੁੜਵਸੇਬੇ ਵਿਚ ਸਰਕਾਰੀ ਦੀ ਮਦਦ ਕਰਨ ’ਚ ਪ੍ਰਭਾਵੀ ਭੂਮਿਕਾ ਨਿਭਾ ਸਕਦੇ ਹਨ। ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਤੀਆਂ ਦੇ ਮੈਂਬਰ, ਸਰਪੰਚ, ਪੰਚ, ਕੌਂਸਲਰ, ਸਰਕਾਰੀ ਅਧਿਆਪਕ, ਪਟਵਾਰੀ, ਪ੍ਰੋਫੈਸਰ, ਸਹਾਇਕ ਪ੍ਰੋਫੈਸਰ, ਪੰਚਾਇਤ ਸਕੱਤਰ, ਮਲਟੀ ਪਰਪਜ਼ ਹੈਲਥ ਵਰਕਰ ਅਤੇ ਨੰਬਰਦਾਰ ਸੂਬੇ ਭਰ ਵਿਚ ਡੀ.ਏ.ਪੀ.ਓਜ਼ ਵਜੋਂ ਕਾਰਜ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਸਰਪੰਚ, ਪੰਚ, ਸਾਬਕਾ ਫੌਜੀ, ਸਰਕਾਰੀ ਮੁਲਾਜ਼ਮ, ਕਿਸਾਨ, ਪ੍ਰਾਈਵੇਟ ਸਕੂਲਾਂ ਦੇ ਅਧਿਆਪਕ ਅਤੇ ਡਾਕਟਰਾਂ ਨੂੰ ਵੀ ਨੌਜਵਾਨਾਂ ਨੂੰ ਜਾਗਰੁਕ ਕਰਨ ਵਾਲੀ ਮੁਹਿੰਮ ਵਿਚ ਸਰਗਰਮੀ ਨਾਲ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਨੇ ਡੀ.ਏ.ਪੀ.ਓਜ਼ ਦੇ ਵਾਸਤੇ ਤਿੰਨ ਪੜਾਵੀ ਸਿਖਲਾਈ ਪ੍ਰੋਗਰਾਮ ਦਾ ਵੀ ਸੁਝਾਅ ਦਿੱਤਾ ਜਿਸ ਦੇ ਵਿੱਚ 200 ਮਾਸਟਰ ਟਰੇਨਰਾਂ ਨੂੰ ਦੋ ਦਿਨ ਦੀ ਸੂਬਾ ਪੱਧਰੀ ਸਿਖਲਾਈ ਅਤੇ ਟਰੇਨਰ ਟੀਮਾਂ ਨੂੰ ਜ਼ਿਲ੍ਹਾ ਪੱਧਰ ’ਤੇ ਸਿਖਲਾਈ ਸ਼ਾਮਲ ਹੋਵੇਗੀ। ਇਕ ਟਰੇਨਰ ਟੀਮ ਵਿਚ ਪੁਲਿਸ ਅਫਸਰ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਹੋਣਗੇ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ (ਸਿੱਖਿਆ) ਜੀ. ਵਿਜਰਾਲਿੰਗਮ, ਪ੍ਰਮੁੱਖ ਸਕੱਤਰ ਸਿਹਤ ਤੇ ਭਲਾਈ ਅੰਜਲੀ ਭਾਵੜਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਗੁਰਕੀਰਤ ਕਿਰਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…