nabaz-e-punjab.com

ਸਿੱਧੂ ਵੱਲੋਂ ਬਜਟ ਵਿੱਚ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਨੂੰ ਵਿਸ਼ੇਸ਼ ਤਰਜੀਹ ਦੇਣ ’ਤੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਜੂਨ:
ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ, ਲੋਕ ਪੱਖੀ ਅਤੇ ਭਵਿੱਖਮੁਖੀ ਕਿਹਾ। ਸ੍ਰੀ ਸਿੱਧੂ ਨੇ ਬਜਟ ਵਿੱਚ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਨੂੰ ਵਿਸ਼ੇਸ਼ ਤਰਜੀਹ ਦੇਣ ’ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਵੀ ਕੀਤਾ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਬੀਤੇ ਦਿਨ ਮਾਨਯੋਗ ਰਾਜਪਾਲ ਜੀ ਦੇ ਭਾਸ਼ਣ ’ਤੇ ਬੋਲਦਿਆਂ ਉਨ੍ਹਾਂ ਵੱਲੋਂ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਵਿਭਾਗ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰੋੜਤਾ ਕਰ ਕੇ ਉਨ੍ਹਾਂ ਨੂੰ ਵੱਡੀ ਹੱਲਾਸ਼ੇਰੀ ਦਿੱਤੀ ਹੈ ਅਤੇ ਭਵਿੱਖ ਲਈ ਹੋਰ ਤਕੜੇ ਹੋ ਕੇ ਕੰਮ ਕਰਨ ਦਾ ਹੌਸਲਾ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਨੇ ਬੀਤੇ ਦਿਨ ਉਨ੍ਹਾਂ ਦੇ ਵਿਭਾਗਾਂ ਸਬੰਧੀ ਕਈ ਅਹਿਮ ਐਲਾਨ ਕੀਤੇ ਅੱਜ ਵਿੱਤ ਮੰਤਰੀ ਸ. ਬਾਦਲ ਨੇ ਬਜਟ ਤਕਰੀਰ ਵਿੱਚ ਦੋਵਾਂ ਵਿਭਾਗਾਂ ਨੂੰ ਖੁੱਲ੍ਹੇ ਗੱਫੇ ਦੇ ਕੇ ਮੈਨੂੰ ਕਰਜ਼ਦਾਰ ਬਣਾ ਲਿਆ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਨੂੰ ਬਜਟ ਵਿੱਚ ਵਿਸ਼ੇਸ਼ ਥਾਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ/ਸਰੱਖਿਅਤ ਰੱਖਣ ਲਈ, ਟੂਰਿਸਟ ਸਹੂਲਤਾਂ ਅਤੇ ਅਜਾਇਬ ਘਰਾਂ ਦੇ ਸੁਧਾਰ ਲਈ 26 ਕਰੋੜ ਰੁਪਏ ਰੱਖੇ ਹਨ। ਇਸੇ ਤਰ੍ਹਾਂ ਪਿਛਲੀ ਸਰਕਾਰ ਵੱਲੋਂ ਬੰਦ ਕੀਤੇ ਹੈਰੀਟੇਜ ਫੈਸਟੀਵਲਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ 7 ਕਰੋੜ ਰੁਪਏ ਰੱਖੇ ਹਨ ਜਿਸ ਨਾਲ ਨਵੀਂ ਪੀੜ੍ਹੀਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦਾ ਮੌਕਾ ਮਿਲੇਗਾ। ਸਭ ਤੋਂ ਵੱਡੀ ਗੱਲ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਪੰਜਾਬ ਆਉਣ ਲਈ ਪ੍ਰੇਰਿਤ ਕਰਨ, ਸੈਲਾਨੀਆਂ ਨੂੰ ਖਿਅਚਣ ਅਤੇ ਸੈਰ ਸਪਾਟਾ ਨੂੰ ਉਤਸ਼ਾਹਤ ਕਰਨ ਲਈ ਮਾਰਕਟਿੰਗ ਲਈ 5 ਕਰੋੜ ਰੁਪਏ ਰੱਖੇ ਹਨ। ਇਸ ਨਾਲ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਮਿਲੇਗਾ। ਪਵਿੱਤਰ ਨਦੀ ਵੇਈ ’ਤੇ ਬਹੁਮੰਤਵੀ ਪ੍ਰਾਜੈਕਟ ਲਈ 3 ਕਰੋੜ ਰੁਪਏ ਰੱਖੇ ਗਏ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਲਈ ਪਿਛਲੇ ਸਾਲ ਜਾਰੀ ਹੋਈ 2268.18 ਕਰੋੜ ਦੀ ਰਾਸ਼ੀ ਨੂੰ ਦੋਗੁਣੇ ਤੋਂ ਵੱਧ ਕਰਦਿਆਂ ਇਸ ਸਾਲ ਲਈ 4610.59 ਕਰੋੜ ਰੁਪਏ ਕਰ ਦਿੱਤਾ ਜੋ ਕਿ ਪਿਛਲੇ ਸਾਲ ਨਾਲੋਂ 103.27 ਫੀਸਦੀ ਵਾਧਾ ਹੈ। ਚਾਰ ਵੱਡੇ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਤੇ ਪਟਿਆਲਾ ਸਮਾਰਟ ਸਿਟੀ ਵਜੋਂ ਵਿਕਸਤ ਕੀਤੇ ਜਾਣਗੇ। ਸੀ.ਐਲ.ਯੂ. ਪ੍ਰਕਿਰਿਆ ਆਸਾਨ ਕਰਨ ਦਾ ਐਲਾਨ ਹੋਇਆ, ਸ਼ਹਿਰਾਂ ਵਿੱਚ ਘੱਟ ਖਰਚੇ ਵਾਲੇ ਐਲ.ਈ.ਡੀ. ਲਾਈਟਾਂ, ਵਾਹਨਾਂ ਦੀ ਪਾਰਕਿੰਗ ਦੀ ਸਮੱਸਿਆ ਹੱਲ ਕਰਨ ਲਈ ਬਹੁਮੰਜ਼ਿਲਾ ਪਾਰਕਿੰਗ ਬਣਾਉਣ ਦਾ ਐਲਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…