nabaz-e-punjab.com

ਦੇਸ਼ ਦੀ ਆਜ਼ਾਦੀ ਦਾ ਸੰਘਰਸ਼ ਬਾਬਾ ਮਹਾਰਾਜ ਸਿੰਘ ਨੇ ਵਿੱਢਿਆ ਸੀ: ਧਰਮਸੋਤ

ਬਾਬਾ ਮਹਾਰਾਜ ਸਿੰਘ ਦੇ161ਵੇਂ ਸ਼ਹੀਦੀ ਦਿਹਾੜੇ ’ਤੇ ਰਾਜ ਪੱਧਰੀ ਸਮਾਗਮ ਆਯੋਜਿਤ

ਸੜਕਾਂ ਕਿਨਾਰੇ ਤੇ ਖਾਲੀ ਜਗ੍ਹਾਂ ’ਤੇ ਪੌਦੇ ਲਗਾ ਕੇ ਜੰਗਲਾਤ ਅਧੀਨ ਖੇਤਰ ਵਧਾਇਆ ਜਾਵੇਗਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਲੁਧਿਆਣਾ/ਚੰਡੀਗੜ੍ਹ, 5 ਜੁਲਾਈ
ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵੱਲੋਂ ਦਰਸਾਏ ਰਸਤੇ ’ਤੇ ਚੱਲਿਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਵਿੱਚ ਜੰਗਲਾਤ, ਪ੍ਰਿੰਟਿੰਗ, ਸਟੇਸ਼ਨਰੀ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਅੱਜ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ 161ਵੇਂ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨੀ ਸੌਖੀ ਹੈ ਪਰ ਇਸ ਨੂੰ ਬਰਕਰਾਰ ਰੱਖਣਾ ਬਹੁਤ ਅੌਖਾ ਹੈ। ਬਾਬਾ ਮਹਾਰਾਜ ਸਿੰਘ ਵਰਗੀਆਂ ਦੇਸ਼ ਭਗਤ ਸਖ਼ਸ਼ੀਅਤਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਕੀਤਾ ਅਤੇ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ। ਅੱਜ ਲੋੜ ਹੈ ਕਿ ਦੇਸ਼ ਵਾਸੀ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਵੱਲੋਂ ਦਰਸਾਏ ਰਾਹ ’ਤੇ ਚੱਲਣ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਪਿੱਛਲੱਗੂ ਲੇਖਕਾਂ ਨੇ ਦੇਸ਼ ਦੇ ਆਜ਼ਾਦੀ ਸੰੰਘਰਸ਼ ਦੀ ਸ਼ੁਰੂਆਤ 1857 ਦੇ ਵਿਦਰੋਹ ਨੂੰ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਤਿਹਾਸ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਬਾਬਾ ਮਹਾਰਾਜ ਸਿੰਘ ਨੇ ਉਸ ਵੇਲੇ ਹੀ ਸ਼ੁਰੂ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਆਖ਼ਰੀ ਸਾਸ਼ਕ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ ਹਕੂਮਤ ਦੀ ਗ੍ਰਿਫ਼ਤ ਵਿੱਚੋਂ ਛੁਡਾਉਣ ਲਈ ਸੰਘਰਸ਼ ਵਿੱਢ ਦਿੱਤਾ ਸੀ। ਇਹ ਸਿੱਖ ਕੌਮ ਅਤੇ ਦੇਸ਼ ਦੀ ਬਦਕਿਸਮਤੀ ਹੀ ਸੀ ਕਿ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਬਣਾਈ ਗਈ ਯੋਜਨਾ ਦਾ ਅੰਗਰੇਜ ਹਕੂਮਤ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੈਦ ਕਰਕੇ ਸਿੰਘਾਪੁਰ ਭੇਜ ਦਿੱਤਾ ਅਤੇ ਲੱਖਾਂ ਤਸੀਹੇ ਦਿੱਤੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੀ 5 ਜੁਲਾਈ, 1856 ਨੂੰ ਉਥੇ ਹੀ ਸ਼ਹੀਦੀ ਹੋ ਗਈ।
ਬਾਬਾ ਮਹਾਰਾਜ ਸਿੰਘ ਨੇ ਆਪਣੇ ਜੀਵਨ ਦੌਰਾਨ ਅੰਗਰੇਜ਼ਾਂ ਵਿਰੁਧ ਵੱਖ-ਵੱਖ ਧਿਰਾਂ ਨੂੰ ਇਕੱਠਿਆਂ ਕਰਨ ’ਤੇ ਬਹੁਤ ਜ਼ੋਰ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗੌਰਵਮਈ ਇਤਿਹਾਸ ਨੂੰ ਸਾਂਭਣ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਕਰਕੇ ਹੀ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਪਿੰਡ ਰੱਬੋਂ ਉੱਚੀ ਵਿਖੇ ਸਥਾਪਤ ਕੀਤਾ ਜਾਵੇਗਾ ਤਾਂ ਜੋ ਸਿੱਖ ਇਤਿਹਾਸ ਦੇ ਜਾਂਬਾਜ਼ ਹੀਰੇ ਦੀ ਯਾਦ ਨੂੰ ਤਾਜ਼ਾ ਰੱਖਿਆ ਜਾ ਸਕੇ ਅਤੇ ਅੱਜ ਦੇ ਲੋਕ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈ ਸਕਣ। ਉਨ੍ਹਾਂ ਪਿੰਡ ਬਾਬਰਪੁਰ ਤੋਂ ਗੁਰਦੁਆਰਾ ਦਮਦਮਾ ਸਾਹਿਬ (ਪਿੰਡ ਰੱਬੋਂ ਉੱਚੀ) ਤੱਕ ਸੜਕ ਦਾ ਨਾਮ ਬਾਬਾ ਮਹਾਰਾਜ ਸਿੰਘ ਦੇ ਨਾਮ ’ਤੇ ਰੱਖਣ ਅਤੇ ਮੁੱਖ ਮੰਤਰੀ ਪੰਜਾਬ ਦੇ ਅਖ਼ਤਿਆਰੀ ਕੋਟੇ ਵਿੱਚੋਂ ਪਿੰਡ ਰੱਬੋਂ ਉੱਚੀ ਦੇ ਵਿਕਾਸ ਲਈ 5 ਲੱਖ ਰੁਪਏ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਹਲਕੇ ਦੀਆਂ ਹੋਰ ਲੋੜਾਂ ਪੂਰੀਆਂ ਕਰਨ ਲਈ ਵੀ ਪੰਜਾਬ ਦੇ ਮੱੁਖ ਮੰਤਰੀ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਬਾਬਾ ਮਹਾਰਾਜ ਸਿੰਘ ਜੀ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਧਰਮਸੋਤ ਨੇ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਖੇਤਰ ਵਧਾਉਣ ਲਈ ਲਗਾਤਾਰ ਯਤਨ ਜਾਰੀ ਹਨ, ਜਿਸ ਤਹਿਤ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੜਕਾਂ ਦੇ ਆਸੇ ਪਾਸੇ ਖਾਲੀ ਪਈ ਜਗ੍ਹਾ ਨੂੰ ਐਕਵਾਇਰ ਕਰਕੇ ਉਥੇ ਪੌਦੇ ਲਗਾ ਕੇ ਸੰਬੰਧਤ ਪੰਚਾਇਤਾਂ ਅਤੇ ਸਕੂਲਾਂ ਨੂੰ ਸਪੁਰਦ ਕੀਤੇ ਜਾਣ ਤਾਂ ਜੋ ਉਨ੍ਹਾਂ ਦੀ ਬਕਾਇਦਾ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਪੰਚਾਇਤਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਪਹਿਲ ਕਦਮੀ ਕਰਦਿਆਂ ਉਨ੍ਹਾਂ ਖਾਲੀ ਥਾਵਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿੱਥੇ ਪੌਦੇ ਲਗਾ ਕੇ ਜੰਗਲ ਵਿਕਸਤ ਕੀਤੇ ਜਾ ਸਕਣ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਦਾ ਵੀ ਵੇਰਵਾ ਪੇਸ਼ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਪਿੰਡ ਰੱਬੋਂ ਉੱਚੀ ਅਤੇ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਹਲਕੇ ਦੇ ਵਿਕਾਸ ਲਈ ਇਹਨਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਤੇ ਮਲਕੀਅਤ ਸਿੰਘ ਦਾਖਾ, ਬਾਬਾ ਜਗਜੀਤ ਸਿੰਘ ਹਰਖੋਵਾਲ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਜੇ ਸੂਦ, ਐਸਡੀਐਮ ਪਾਇਲ ਪਰਮਜੀਤ ਸਿੰਘ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਂਪਰਾਂ, ਕੇ.ਕੇ. ਬਾਵਾ, ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਇੰਦਰ ਸਿੰਘ, ਬਹਾਦਰ ਸਿੰਘ, ਪਾਲ ਸਿੰਘ, ਸਰਪੰਚ ਕੌਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…