nabaz-e-punjab.com

ਡੀਜੀਪੀ ਵੱਲੋਂ ਪੰਜਾਬ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ‘ਵੱਡੀਆਂ ਮੱਛੀਆਂ’ ਬਾਰੇ ਬਿਆਨ ’ਤੇ ਸਪੱਸ਼ਟੀਕਰਨ

ਫਰਾਰ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰ ਲਈ ਛਾਪੇਮਾਰੀ ਜਾਰੀ, ਮੁਲਜ਼ਮ ਜਲਦੀ ਕਾਬੂ ਕੀਤੇ ਜਾਣਗੇ: ਡੀਜੀਪੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜੁਲਾਈ:
ਪੰਜਾਬ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀਆਂ ਮੱਛੀਆਂ ਦੀ ਸ਼ਮੂਲੀਅਤ ਬਾਰੇ ਆਪਣੇ ਬਿਆਨ ’ਤੇ ਸਪੱਸ਼ਟੀਕਰਨ ਦਿੱਤਾ ਹੈ। ਅੱਜ ਇੱਥੋਂ ਜਾਰੀ ਇੱਕ ਬਿਆਨ ਵਿੱਚ ਪੁਲੀਸ ਮੁਖੀ ਨੇ ਆਖਿਆ ਕਿ ਇਸ ਮਾਮਲੇ ’ਤੇ ਉਨ੍ਹਾਂ ਦੀ ਟਿੱਪਣੀ ਦੇ ਗਲਤ ਅਰਥ ਕੱਢੇ ਗਏ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਇਹ ਗੱਲ ਕਹੀ ਹੈ ਅਤੇ ਨਾ ਹੀ ਰਾਏ ਦਿੱਤੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ’ਚ ਕੋਈ ਵੱਡੀ ਮੱਛੀ ਨਹੀਂ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਵੱਡੀਆਂ ਮੱਛੀਆਂ ਦੀ ਗੈਰ-ਮੌਜੂਦਗੀ ਦਾ ਹਵਾਲਾ ਇਸ ਸੰਦਰਭ ਵਿਚ ਦਿੱਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ਿਆਂ ਦਾ ਨੈਟਵਰਕ ਤੋੜਣ ਲਈ ਕੀਤੀ ਸਖ਼ਤ ਕਾਰਵਾਈ ਦੇ ਮੱਦੇਨਜ਼ਰ ਕੁਝ ਵੱਡੇ ਨਸ਼ਾ ਤਸਕਰ ਸੂਬੇ ਵਿਚੋਂ ਭੱਜ ਗਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਪੁਲੀਸ ਨੇ ਕੁਝ ਵੱਡੇ ਤਸਕਰਾਂ ਨੂੰ ਨਸ਼ਿਆਂ ਦੀ ਵੱਡੀ ਬਰਾਮਦਗੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਪਰ ਕੁਝ ਤਸਕਰ ਭੱਜਣ ਵਿੱਚ ਸਫਲ ਹੋ ਗਏ ਜਿਨ੍ਹਾਂ ਦੀ ਭਾਲ ਲਈ ਮੁਹਿੰਮ ਵਿੱਢੀ ਹੋਈ ਹੈ।
ਪੁਲੀਸ ਮੁਖੀ ਨੇ ਆਖਿਆ ਕਿ ਮੁੱਖ ਮੰਤਰੀ ਖੁਦ ਕਈ ਮੌਕਿਆਂ ’ਤੇ ਇਹ ਗੱਲ ਕਹਿ ਚੁੱਕੇ ਹਨ ਕਿ ਨਸ਼ਿਆਂ ਦੇ ਵੱਡੇ ਤਸਕਰ ਤੇ ਕਾਰੋਬਾਰੀ ਆਪਣੇ ਗੁਨਾਹਾਂ ਕਾਰਨ ਗ੍ਰਿਫਤਾਰੀ ਅਤੇ ਸਜ਼ਾ ਤੋਂ ਬਚਣ ਲਈ ਪੰਜਾਬ ਛੱਡ ਕੇ ਭੱਜ ਗਏ ਹਨ। ਉਨ੍ਹਾਂ ਆਖਿਆ ਕਿ ਨਸ਼ਾ ਵਿਰੋਧੀ ਕਾਰਵਾਈ ਵਿਚ ਜੁਟੀਆਂ ਵਿਸ਼ੇਸ਼ ਟਾਸਕ ਫੋਰਸ ਸਮੇਤ ਹੋਰ ਏਜੰਸੀਆਂ ਅਜਿਹੇ ਗੁਨਾਹਗਾਰਾਂ ਦੀ ਭਾਲ ਵਿਚ ਹਨ ਅਤੇ ਇਨ੍ਹਾਂ ਨੂੰ ਵਾਪਸ ਲਿਆ ਕੇ ਸਜ਼ਾ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਪੁਲੀਸ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਦੇ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ ਜਿਨ੍ਹਾਂ ਨੇ ਸਾਡੀ ਨੌਜਵਾਨ ਪੀੜ੍ਹੀ ਦਾ ਜੀਵਨ ਤਬਾਹ ਕਰ ਦਿੱਤਾ। ਉਨ੍ਹਾਂ ਆਖਿਆ ਕਿ ਇਨ੍ਹਾਂ ਵੱਡੀਆਂ ਮੱਛੀਆਂ ਨੂੰ ਜਾਲ ਵਿੱਚ ਫਸਾਉਣ ਲਈ ਪੁਲੀਸ ਕਈ ਪਹਿਲੂਆਂ ਤੋਂ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਂਦਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…