nabaz-e-punjab.com

ਮੁਹਾਲੀ ਪੁਲੀਸ ਵੱਲੋਂ ਜਾਅਲੀ ਟਰੈਵਲ ਏਜੰਟ ਤੇ ਇੱਕ ਹੋਰ ਵੱਖਰੇ ਦਫ਼ਤਰ ਦੇ ਚਾਰ ਕਰਮਚਾਰੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਡਿਪਟੀ ਕਮਿਸ਼ਨਰ ਵੱਲੋਂ ਕੁੱਝ ਦਿਨ ਪਹਿਲਾਂ ਜ਼ਿਲ੍ਹੇ ਭਰ ਵਿੱਚ ਕੰਮ ਕਰਦੇ ਰਜਿਸਟਰਡ ਟਰੈਵਲ ਏਜੰਟਾਂ ਦੀ ਸੂਚੀ ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਰਜਿਸਟਰਡ ਟਰੈਵਲ ਏਜੰਟਾਂ ਕੋਲ ਹੀ ਜਾਣ। ਇਸ ਦੇ ਨਾਲ ਹੀ ਉਹਨਾਂ ਬਿਨਾਂ ਰਜਿਸਟ੍ਰੇਸ਼ਨ ਦੇ ਟਰੈਵਲ ਏਜੰਟਾਂ ਦਾ ਕੰਮ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਸੀ ਅਤੇ ਕਿਹਾ ਸੀ ਕਿ ਪੁਲੀਸ ਵੱਲੋਂ ਇਸ ਸਬੰਧੀ ਮਾਮਲੇ ਦਰਜ ਕਰਕੇ ਅਣਅਧਿਕਾਰਤ ਤਰੀਕੇ ਨਾਲ ਟਰੈਵਲ ਏਜੰਟਾਂ ਦਾ ਕੰਮ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੁਹਾਲੀ ਪੁਲੀਸ ਨੇ ਇਸ ਸਬੰਧੀ ਸ਼ੁਰੂ ਕੀਤੀ ਗਈ ਕਾਰਵਾਈ ਦੇ ਤਹਿਤ ਫੇਜ਼-7 ਵਿੱਚ ਐਕਰੌਸ ਇਮੀਗ੍ਰੇਸ਼ਨ ਦੇ ਨਾਮ ਤੇ ਦਫ਼ਤਰ ਖੋਲ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਦਾ ਸ਼ਿਕਾਰ ਬਣਾਉਣ ਦੇ ਦੋਸ਼ ਹੇਠ ਮਨਦੀਪ ਸਿੰਘ ਵਾਸੀ ਪਿੰਡ ਦਿਆਲਪੁਰਾ ਛੰਨਾ, ਤਹਿਸੀਲ ਮਲੇਰਕੋਟਲਾ, ਜ਼ਿਲ੍ਹਾ ਸੰਗਰੂਰ ਨੂੰ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਇਸ ਵਿਅਕਤੀ ਵੱਲੋਂ ਫੇਜ਼-7 ਦੇ ਐਸਸੀਐਫ-123 ਦੀ ਤੀਜੀ ਮੰਜ਼ਲ ਤੇ ਆਪਣਾ ਦਫ਼ਤਰ ਖੋਲ੍ਹਿਆ ਗਿਆ ਸੀ।
ਥਾਣਾ ਮਟੌਰ ਦੇ ਮੁਖੀ ਗੁਰਮੀਤ ਸਿੰਘ ਸੋਹਲ ਨੇ ਦਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਸ ਵਿਅਕਤੀ ਵੱਲੋੱ ਆਪਣਾ ਕਿਰਾਏ ਦਾ ਪਤਾ ਦਰਸ਼ਾ ਕੇ ਲੋਕਾਂ ਨਾਲ ਠੱਗੀ ਕੀਤੀ ਜਾ ਰਹੀ ਹੈ ਅਤੇ ਅਕਸਰ ਅਜਿਹੇ ਠੱਗ ਕਿਰਾਏ ਦਾ ਪਤਾ ਦੇ ਕੇ ਅਤੇ ਪਬਲਿਕ ਨਾਲ ਠੱਗੀ ਕਰਕੇ ਫਰਾਰ ਹੋ ਜਾਂਦੇ ਹਨ। ਉਹਨਾਂ ਦੱਸਿਆ ਕਿ ਇਸ ਵਿਅਕਤੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 420 ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸ੍ਰੀ ਸੋਹਲ ਨੇ ਦੱਸਿਆ ਕਿ ਇਸੇ ਤਰ੍ਹਾਂ ਮਟੌਰ ਪੁਲੀਸ ਨੇ ਦੋ ਅੌਰਤਾਂ ਸਮੇਤ ਛੇ ਵਿਅਕਤੀਆਂ ਦੇ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀਆਂ ਮਾਰਨ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐਸ. ਗਰੇਵਾਲ ਅਤੇ ਕੁਲਦੀਪ ਸਿੰਘ ਗਿੱਲ ਇੱਥੋਂ ਦੇ ਫੇਜ਼-3ਬੀ2 ਵਿੱਚ ਵਰਲਡ ਕੀ ਓਵਰਸੀਜ ਸਿਲਿਊਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਖੋਲ੍ਹੀ ਹੋਈ ਸੀ। ਉਨ੍ਹਾਂ ਦੇ ਦਫ਼ਤਰੀ ਸਟਾਫ਼ ਵਿੱਚ ਜਗਦੀਪ ਸਿੰਘ, ਹਰਪ੍ਰੀਤ ਸਿੰਘ, ਰੀਆ ਅਤੇ ਰੂਬੀ ਰਾਏ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕੰਪਨੀ ਦੇ 4 ਸਟਾਫ਼ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਕੰਪਨੀ ਦੇ ਮਾਲਕ ਬੀ.ਐਸ. ਗਰੇਵਾਲ ਅਤੇ ਕੁਲਦੀਪ ਸਿੰਘ ਗਿੱਲ ਦਫ਼ਤਰ ’ਚੋਂ ਫਰਾਰ ਦੱਸੇ ਗਏ ਹਨ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 420 ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਅਧੀਨ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਕਰੀਬ 25 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਜਿਨ੍ਹਾਂ ਦੀ ਜ਼ਿਲ੍ਹਾ ਪੁਲੀਸ ਦੇ ਈਓ ਵਿੰਗ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਿੱਲ ਅਤੇ ਗਰੇਵਾਲ ’ਤੇ 50 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਲਕੇ ਐਤਵਾਰ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …