nabaz-e-punjab.com

ਛੇੜਛਾੜ ਦਾ ਮਾਮਲਾ: ਚੰਡੀਗੜ੍ਹ ਪੁਲੀਸ ਨੂੰ ਜਾਂਚ ਲਈ ਖੁੱਲ੍ਹਾ ਹੱਥ ਦਿੱਤਾ ਜਾਵੇ: ਮੁੱਖ ਮੰਤਰੀ

ਮਾਮਲੇ ਵਿੱਚ ਰਾਜਨਾਥ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਬੇਤੁੱਕੀ ਦੱਸਦਿਆਂ ਕੀਤਾ ਰੱਦ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 8 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਣਿਕਾ ਕੁੰਡੂ ਦਾ ਪਿੱਛਾ ਕਰਕੇ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਨੂੰ ਜਾਂਚ ਕਰਨ ਵਿੱਚ ਖੁੱਲ੍ਹਾ ਹੱਥ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੁਲੀਸ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਸੰਸਦ ਭਵਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਲਈ ਪੁਲੀਸ ਨੂੰ ਆਜ਼ਾਦਾਨਾ ਢੰਗ ਨਾਲ ਕੰਮ ਕਰਨ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਘਟਨਾ ਦੇ ਕਸੂਰਵਾਰਾਂ ਜਿਨ੍ਹਾਂ ਵਿੱਚ ਹਰਿਆਣਾ ਦੇ ਭਾਜਪਾ ਮੁਖੀ ਦਾ ਪੁੱਤਰ ਵੀ ਸ਼ਾਮਲ ਹੈ, ਖਿਲਾਫ਼ ਦੋਸ਼ ਘਟਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਸਹਿਣ ਨਾ ਕੀਤੀ ਜਾਵੇ ਅਤੇ ਕਾਨੂੰਨ ਮੁਤਾਬਕ ਇਸ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਕਰਨ ਲਈ ਪੁਲੀਸ ਸਮਰੱਥ ਅਥਾਰਟੀ ਹੋਣੀ ਚਾਹੀਦੀ ਹੈ। ਇਕ ਸਵਾਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਨੈਤਿਕ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਰੱਦ ਕਰਦਿਆਂ ਬੇਤੁੱਕਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਾਂ ਪੰਜਾਬ ਸਮੇਤ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਅਜਿਹੇ ਗੈਰ-ਜ਼ਿੰਮੇਵਾਰਾਨਾ ਰਵੱਈਏ ਵਾਲੇ ਮਾਮਲੇ ’ਚ ਵਿਅਕਤੀਗਤ ਜਾਂ ਪਾਰਟੀ ਲੀਡਰ ਜਾਂ ਉਨ੍ਹਾਂ ਦੇ ਬੱਚੇ ਦੀ ਸ਼ਮੂਲੀਅਤ ਹੋਵੇ, ਤਾਂ ਇਸ ਲਈ ਰਾਜਨਾਥ ਸਿੰਘ ਨੂੰ ਕਿਵੇਂ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ।
ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਲੜਕੀ ਲਈ ਨਿਆਂ ਯਕੀਨੀ ਬਣਾਉਣ ਲਈ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਕਦਮ ਚੱੁਕਣ ਦੀ ਲੋੜ ਹੈ ਪਰ ਨਾਲ ਹੀ ਇਸ ਗੱਲ ਦਾ ਸਖ਼ਤ ਸੁਨੇਹਾ ਦਿੱਤਾ ਜਾਵੇ ਕਿ ਸਿਆਸੀ ਚੌਧਰ ਦੀ ਦੁਰਵਰਤੋਂ ਰਾਹੀਂ ਪੁਲੀਸ ਸਮੇਤ ਕਿਸੇ ਸੰਸਥਾ ਦੇ ਵੱਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਜਿਨ੍ਹਾਂ ਨਾਲ ਸੰਸਦ ਦੇ ਬਾਹਰ ਉਨ੍ਹਾਂ ਨੇ ਸੰਖੇਪ ਮਿਲਣੀ ਕੀਤੀ, ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨਾਲ ਕਾਨੂੰਨ ਤਹਿਤ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Crime

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…