Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਸਾਲ ਦੇ ਬਿਹਤਰੀਨ ਫੋਟੋ ਪੱਤਰਕਾਰ ਲਈ ਟਰਾਫ਼ੀ ਦਾ ਐਲਾਨ ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ’ਤੇ ਕੀਤਾ ਰੋਸ ਜ਼ਾਹਰ ਅਜਿਹੀਆਂ ਛੋਟਾਂ ਪੰਜਾਬ ਨੂੰ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਅਗਸਤ: ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰਢੀ ਖੇਤਰਾਂ ਨੂੰ ਵੀ ਅਜਿਹੀਆਂ ਛੋਟਾਂ ਦੇਣ ਦੀ ਮੰਗ ਉਠਾਉਣਗੇ। ਅੱਜ ਇੱਥੇ ਪੰਜਾਬ ਕਲਾ ਭਵਨ ਵਿਖੇ ਫੋਟੋ ਜਰਨਾਲਿਸਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਾਈ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹਨ ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਪਹਾੜੀ ਸੂਬਿਆਂ ਨੂੰ ਦਿੱਤੀਆਂ ਰਿਆਇਤਾਂ ਵਾਂਗ ਇਹ ਇਲਾਕੇ ਵੀ ਅਜਿਹੀਆਂ ਛੋਟਾਂ ਦੇ ਹੱਕਦਾਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ ਅਤੇ ਹੁਣ ਹੋਰ ਜ਼ੋਰਦਾਰ ਢੰਗ ਨਾਲ ਇਹ ਮਾਮਲਾ ਉਠਾਇਆ ਜਾਵੇਗਾ। ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਬਾਰੇ ਆਉਣ ਵਾਲੇ ਫੈਸਲੇ ’ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਸੂਬੇ ਦੇ ਅਮਨ-ਚੈਨ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੁਲੀਸ ਵਿਭਾਗ ਨੂੰ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਪ੍ਰਤੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਮਨ-ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਫਸਲੀ ਕਰਜ਼ਾ ਦੀ ਮੁਆਫ਼ੀ ਸਬੰਧੀ ਡਾ. ਟੀ ਹੱਕ ਕਮੇਟੀ ਦੀਆਂ ਸਿਫਾਰਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਿਪੋਰਟ ਹਾਸਲ ਕਰਨ ਲਈ ਹੈ ਅਤੇ ਇਸ ਨੂੰ ਪੜ੍ਹ ਕੇ ਕਿਸਾਨਾਂ ਦੇ ਹਿੱਤ ਵਿੱਚ ਢੁਕਵੇਂ ਫੈਸਲੇ ਲਏ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਉਨ੍ਹਾਂ ਦੇ ਕਰਜ਼ੇ ਦੀ ਅਦਾਇਗੀ ਵਾਸਤੇ ਸਰਕਾਰ ਨੂੰ ਵਾਧੂ ਕਰਜ਼ੇ ਦੀ ਲੋੜ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਰੇਤ ਦੀਆਂ ਖੱਡਾਂ ਦੀ ਨਿਲਾਮੀ ਅਤੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਲੱਗੇ ਦੋਸ਼ਾਂ ਬਾਰੇ ਜਸਟਿਸ ਨਾਰੰਗ ਦੀ ਰਿਪੋਰਟ ਨੂੰ ਘੋਖਣ ਲਈ ਦੂਜੀ ਕਮੇਟੀ ਨਹੀਂ ਬਣੇਗੀ। ਉਨ੍ਹਾਂ ਕਿਹਾ,‘‘ਮੈਂ ਰਿਪੋਰਟ ਮੁੱਖ ਸਕੱਤਰ ਨੂੰ ਭੇਜ ਦਿੱਤੀ ਜੋ ਇਸ ਰਿਪੋਰਟ ਦੀ ਪੜਚੋਲ ਲਈ ਹੋਰ ਅਧਿਕਾਰੀਆਂ ਨੂੰ ਸ਼ਾਮਲ ਕਰ ਸਕਦੇ ਹਨ। ਆਮ ਆਦਮੀ ਪਾਰਟੀ ’ਚੋਂ ਕੱਢੇ ਲੀਡਰ ਸੁੱਚਾ ਸਿੰਘ ਛੋਟੇਪੁਰ ਦੇ ਕਾਂਗਰਸ ਵਿੱਚ ਆਉਣ ਦੀਆਂ ਕਿਆਸ-ਅਰਾਈਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਛੋਟੇਪੁਰ ਉਨ੍ਹਾਂ ਦੇ ਚੰਗੇ ਮਿੱਤਰ ਹਨ ਪਰ ਪਿਛਲੇ ਦੋ ਮਹੀਨਿਆਂ ਤੋਂ ਮੁਲਾਕਾਤ ਨਹੀਂ ਹੋਈ। ਇਸ ਮੌਕੇ ਮੁੱਖ ਮੰਤਰੀ ਨੇ ਉੱਘੇ ਫੋਟੋਗ੍ਰਾਫਰ ਐਸ. ਪੌਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਚੱਲ ਵਸੇ ਸਨ। ਇਸ ਮੌਕੇ ਐਵਾਰਡ ਜੇਤੂ ਫੋਟੋ ਜਰਨਾਲਿਸਟ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਸਾਲ ਦੇ ਬਿਹਤਰੀਨ ਫੋਟੋਗ੍ਰਾਫਰ ਲਈ ਟਰਾਫ਼ੀ ਦਾ ਐਲਾਨ ਕੀਤਾ ਜੋ ਹਰੇਕ ਸਾਲ ਦਸੰਬਰ ਮਹੀਨੇ ਵਿੱਚ ਦਿੱਤੀ ਜਾਵੇਗੀ। ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਲਾਈ ਪ੍ਰਦਰਸ਼ਨੀ ਦੌਰਾਨ ਮੁੱਖ ਮੰਤਰੀ ਨੇ ਵੀ ਕੁਝ ਤਸਵੀਰਾਂ ਦੇਖੀਆਂ। ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਵਿੱਚੋਂ ਕੁਝ ਤਸਵੀਰਾਂ ਅਖ਼ਬਾਰਾਂ ਵਿੱਚ ਛਪੀਆਂ ਦੇਖੀਆਂ ਹੋਣ ਨੂੰ ਚੇਤੇ ਕੀਤਾ। ਉਨ੍ਹਾਂ ਨੇ ਸਿਆਸਤਦਾਨਾਂ ਦੀਆਂ ਖਾਸ ਅੰਦਾਜ਼ ਵਿੱਚ ਖਿੱਚੀਆਂ ਤਸਵੀਰਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਅਦਾਕਾਰ ਤੇ ਸੰਸਦ ਮੈਂਬਰ ਕਿਰਨ ਖੇਰ ਦੀ ਪੀਂਘ ਝੂਟਦੀ ਦੀ ਤਸਵੀਰ ਸ਼ਾਮਲ ਹੈ। ਮੁੱਖ ਮੰਤਰੀ ਨੇ ਕੁੱਝ ਫੋਟੋ ਜਰਨਾਲਿਸਟਾਂ ਨੂੰ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਬਦਲੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅੌਖੀਆਂ ਹਾਲਤਾਂ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਟੀਚੇ ਨੂੰ ਸਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਮੌਕੇ ਉੱਘੇ ਫੋਟੋ ਜਰਨਾਲਿਸਟ ਸੰਤੋਖ ਸਿੰਘ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਇਸ ਤਿੰਨ ਰੋਜ਼ਾ ਪ੍ਰਦਰਸ਼ਨੀ ਵਿੱਚ 59 ਫੋਟੋਗ੍ਰਾਫਰਾਂ ਦੀਆਂ 109 ਤਸਵੀਰਾਂ ਦੀ ਨੁਮਾਇਸ਼ ਲਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਵੀ ਨੁਮਾਇਸ਼ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਆਪਣੀਆਂ ਤਸਵੀਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਲੰਮਾ ਸਮਾਂ ਪਹਿਲਾਂ ਦੱਖਣੀ ਅਫਰੀਕਾ ਵਿੱਚ ਖਿੱਚੀਆਂ ਸਨ। ਉਦਘਾਟਨੀ ਸਮਾਗਮ ਦੌਰਾਨ ਉਨ੍ਹਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਮੁੱਖ ਮੰਤਰੀ ਬੀ.ਆਈ.ਐਸ. ਚਾਹਲ, ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ