nabaz-e-punjab.com

ਪੰਜਾਬ ਵਿੱਚ ਤਕਨੀਕੀ ਸਿੱਖਿਆ ਨੂੰ ਬੜਾਵਾ ਦੇਣ ਤੇ ਕਿੱਤਾ ਮੁਖੀ ਬਣਾਉਣ ਲਈ ਰਿਸਰਚ ਸੈਂਟਰ ਖੋਲ੍ਹਿਆ ਜਾਵੇਗਾ: ਚੰਨੀ

ਚਰਨਜੀਤ ਚੰਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੋਂ ਰਾਜ ਵਿੱਚ ਮੈਗਾ ਨੌਕਰੀ ਮੇਲਿਆਂ ਦੀ ਕੀਤੀ ਰਸਮੀ ਸ਼ੁਰੂਆਤ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਮੈਗਾ ਨੌਕਰੀ ਮੇਲੇ ਵਿੱਚ 5 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਮਿਲੇਗੀ ਨੌਕਰੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 21 ਅਗਸਤ:
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਆਪਣੇ ਚੋਣ ਮਨੋਰਥ ਪੱਤਰ ਮੁਤਾਬਕ ਲੋਕਾਂ ਨਾਲ ਹਰ ਘਰ ਵਿੱਚ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਕ ਰਾਜ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਾਉਣ ਦੀ ਪਹਿਲ ਕਦਮੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੋਂ ਰਾਜ ਵਿਚ ਮੈਗਾ ਨੌਕਰੀ ਮੇਲਿਆਂ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਮੈਗਾ ਨੌਕਰੀ ਮੇਲੇ ਦੇ ਉਦਘਾਟਨੀ ਸਮਾਰੌਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਉੱਦਮ ਸਦਕਾ ਪਹਿਲੀ ਵਾਰ ਹੋਇਆ ਹੈ ਕਿ ਰਾਜ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮੇਲੇ ਲਗਾ ਕੇ ਰੁਜਗਾਰ ਦੇ ਸੁਨਹਿਰੀ ਮੌਕੇ ਪੈਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਵਿਖੇ ਲਗਾਏ ਜਾਣ ਵਾਲੇ ਨੌਕਰੀ ਮੇਲੇ ਵਿਚ 5000 ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮਿਲ ਸਕੇਗੀ।
ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਨੂੰ ਬੜਾਵਾ ਅਤੇ ਕਿੱਤਾ ਮੁਖੀ ਬਣਾਉਣ ਲਈ ਰਾਜ ਵਿੱਚ ਰਿਸਰਚ ਸੈਂਟਰ ਖੋਲਿਆ ਜਾਵੇਗਾ ਅਤੇ ਤਕਨੀਕੀ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਵਾਂ ਸਿਲੇਬਸ ਤਿਆਰ ਕੀਤਾ ਜਾਵੇਗਾ। ਜਿਸ ਨੂੰ ਤਿਆਰ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ, ਤਕਨੀਕੀ ਅਦਾਰੇ, ਉਦਯੋਗਪਤੀ ਅਤੇ ਮਾਹਿਰਾਂ ਦੀ ਰਾਏ ਲਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗਪਤੀਆਂ ਦੀ ਲੋੜ ਮੁਤਾਬਿਕ ਉਨ੍ਹਾਂ ਨੁੰ ਕਿੱਤਾ ਮੁਖੀ ਸਿਖਲਾਈ ਦਿੱਤੀ ਜਾ ਸਕੇ ਅਤੇ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਿਲ ਕਰਨ ਉਪਰੰਤ ਰੁਜ਼ਗਾਰ ਹਾਸਿਲ ਕਰ ਸਕਣ। ਉਨ੍ਹਾਂ ਹੋਰ ਕਿਹਾ ਕਿ ਸਮੇਂ ਮੁਤਾਬਕ ਤਬਦੀਲੀਆਂ ਅਨੁਸਾਰ ਸਿਲੇਬਸ ਦੀ ਹਰ ਤਿੰਨ ਸਾਲ ਬਾਅਦ ਨਜ਼ਰਸਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਕਰੀ ਮੇਲਿਆਂ ਤੋਂ ਬਾਅਦ ਰੁਜ਼ਗਾਰ ਮੇਲੇ ਵੀ ਲਗਾਏ ਜਾਣਗੇ ਜਿਸ ਵਿਚ ਬੇਰੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਘੱਟ ਵਿਆਜ ਤੇ ਕਰਜੇ ਦਿੱਤੇ ਜਾਣਗੇ ਜਿਸ ਲਈ ਸਰਕਾਰ ਵੱਲੋਂ ਇੱਕ ਨੀਤੀ ਤਿਆਰ ਕੀਤੀ ਜਾ ਰਹੀ ਹੈ।
ਮੰਤਰੀ ਨੇ ਹੋਰ ਕਿਹਾ ਕਿ 31 ਅਗਸਤ ਤੱਕ ਰਾਜ ਵਿਚ 21 ਨੌਕਰੀ ਮੇਲੇ ਵੱਖ ਵੱਖ ਥਾਵਾਂ ਤੇ ਲਗਾਏ ਜਾਣਗੇ ਅਤੇ ਇਨ੍ਹਾਂ ਨੌਕਰੀ ਮੇਲਿਆਂ ਵਿਚ ਦੇਸ਼ ਭਰ ’ਚੋ ਨਾਮਵਰ 900 ਕੰਪਨੀਆਂ ਸਿਰਕਤ ਕਰਨਗੀਆਂ ਅਤੇ 50 ਹਜ਼ਾਰ ਦੇ ਕਰੀਬ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਦੇ ਵੈਬ ਪੋਰਟਲ www.ggnpunjab.com ਤੇ 4 ਲੱਖ ਨੌਜਵਾਨ ਨੌਕਰੀ ਲਈ ਰਜਿਸਟੇ੍ਰਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਨੌਕਰੀ ਮੇਲਿਆਂ ਕਾਰਨ ਉਦਯੋਗਪਤੀਆਂ ਦਾ ਵਿਸ਼ਵਾਸ ਵਧਿਆ ਹੈ। ਇਨ੍ਹਾਂ ਮੇਲਿਆਂ ਵਿਚ ਸਰਕਾਰ ਉਦਯੋਗਪਤੀ, ਵਿੱਦਿਅਕ ਅਦਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਇੱਕ ਟੀਮ ਦੇ ਤੌਰ ਤੇ ਕੰਮ ਕਰਨਗੇ। ਉਨ੍ਹਾਂ ਇਸ ਮੌਕੇ ਬੋਲਦਿਆਂ ਪਿਛਲੀ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੂੰ ਤਕਨੀਕੀ ਸਿੱਖਿਆ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਰਾਜ ਵਿਚ ਬੇਰੁਜ਼ਗਾਰੀ ਵੱਡੇ ਪੱਧਰ ਤੇ ਵਧੀ ਹੈ ਅਤੇ ਨੌਜਵਾਨ ਡਿਗਰੀਆਂ ਹਾਸਲ ਕਰਕੇ ਵੀ ਰੁਜ਼ਗਾਰ ਤੋਂ ਵਾਂਝੇ ਹਨ।
ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਯੂਨੀਵਰਸਿਟੀ ਵਿਖੇ ਨੌਕਰੀ ਮੇਲਾ ਲਗਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਮੇਲੇ ਪੰਜਾਬ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਣਗੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਮਿਸ਼ਨ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਰਹੀ ਹੈ ਅਤੇ ਹੁਣ ਤੱਕ 100 ਤੋਂ ਵੱਧ ਕੰਪਨੀਆਂ ਨੌਕਰੀਆਂ ਦੇਣ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਚੋਣ ਕਰਨ ਲਈ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵਿਦੇਸੀ ਤਰਜ਼ ਤੇ ਤਕਨੀਕੀ ਮਿਆਰੀ ਸਿੱਖਿਆ ਦੇਣ ਦੀ ਲੋੜ ਹੈ। ਸਮਾਗਮ ਨੂੰ ਡਾਇਰੈਕਟਰ ਤਕਨੀਕੀ ਸਿੱਖਿਆ ਪੰਜਾਬ ਸ੍ਰੀ ਪਰਵੀਨ ਕੁਮਾਰ ਥਿੰਦ, ਉਦਯੋਗਪਤੀ ਵੀ.ਕੇ. ਖੁਰਾਨਾ, ਸ੍ਰੀ ਸੰਜੇ ਸ਼ਰਮਾ ਅਤੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸ੍ਰੀ ਆਰ.ਐਸ.ਬਾਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਕੱਤਰ ਤਕਨੀਕੀ ਸਿੱਖਿਆ ਪੰਜਾਬ ਭਾਵਨਾ ਗਰਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਖਰੜ ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੌੜਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…