nabaz-e-punjab.com

ਡੇਰਾ ਸਿਰਸਾ ਕੇਸ: ਜ਼ਿਲ੍ਹਾ ਪੁਲੀਸ ਵੱਲੋਂ ਸ਼ਹਿਰ ਵਿੱਚ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਜਾਂਚ ਸ਼ੁਰੂ

ਡੀਸੀ ਅਤੇ ਪੁਲੀਸ ਮੁਖੀ ਨੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਲਈ ਕੀਤੀ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਡੇਰਾ ਸਿਰਸਾ ਮੁਖੀ ਬਾਬਾ ਰਾਮ ਰਹੀਮ ਸਬੰਧੀ 25 ਅਗਸਤ ਨੂੰ ਮਾਣਯੋਗ ਸੀਬੀਆਈ ਅਦਾਲਤ ਵੱਲੋਂ ਆਉਣ ਵਾਲੇ ਫੈਸਲੇ ਨੂੰ ਮੁੱਖ ਰੱਖਦਿਆਂ ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਆਉਣ ਵਾਲੇ ਸਾਰੇ ਮੁੱਖ ਰਸਤਿਆਂ ਉਪਰ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਪੁਲੀਸ ਵੱਲੋਂ ਸ਼ੱਕੀ ਵਿਅਕਤੀਆਂ ਉਪਰ ਵੀ ਬਾਜ਼ ਅੱਖ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਅਣਸੁਖਾਂਵੀ ਘਟਨਾਂ ਨਾ ਵਾਪਰ ਸਕੇ। ਥਾਂ ਥਾਂ ਲਗਾਏ ਗਏ ਪੁਲੀਸ ਨਾਕਿਆਂ ਉੱਤੇ ਪੁਲੀਸ ਅਧਿਕਾਰੀਆਂ ਵੱਲੋਂ ਸ਼ਹਿਰ ਵਿੱਚ ਆਉਣ ਵਾਲੇ ਹਰ ਕਿਸਮ ਦੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਤਸੱਲੀ ਕਰਨ ਤੋਂ ਬਾਅਦ ਹੀ ਵਾਹਨਾਂ ਨੂੰ ਸ਼ਹਿਰ ਅੰਦਰ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਪੁਲੀਸ ਨੇ ਡੇਰਾ ਪ੍ਰੇਮੀਆਂ ਦਾ ਰਾਹ ਡੱਕਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ।
ਉਧਰ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦਾ ਕਹਿਣਾ ਹੈ ਕਿ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਲੋਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿਲ੍ਹੇ ਵਿਚ ਕਿਸੇ ਨੂੰ ਅਮਨ ਅਤੇ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਡੇਰਾ ਸੱਚਾ ਸੌਦਾ ਦੇ ਮੁੱਖੀ ਦੇ ਸਬੰਧ ਵਿੱਚ 25 ਅਗਸਤ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਸੁਣਾਏ ਜਾਣ ਵਾਲੇ ਫੈਸਲੇ ਤੋਂ ਬਾਅਦ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਅਤੇ ਜਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਸਬੰਧੀ ਸੱਦੀ ਗਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ।
ਸ੍ਰੀਮਤੀ ਸਪਰਾ ਨੇ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਸਾਧਨਾ ਰਾਹੀਂ ਪੈਦਾ ਕੀਤੀਆਂ ਜਾਣ ਵਾਲੀਆਂ ਹਰਕੇ ਤਰ੍ਹਾਂ ਦੀਆਂ ਅਫਵਾਹਾਵਾਂ ਤੋਂ ਬੱਚਣ ਅਤੇ ਸਦਭਾਵਨਾ ਵਾਲਾ ਮੌਹਲ ਕਾਇਮ ਰੱਖਣ ਵਿਚ ਪੁਲਿਸ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ। ਉਨ੍ਹਾਂ ਮੀਡੀਏ ਤੋਂ ਵੀ ਭਰਵੇਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਇਕ ਟੀਮ ਵਰਕ ਦੇ ਤੌਰ ਤੇ ਕੰਮ ਕਰਨ ਅਤੇ ਆਪਸ ਵਿਚ ਵਧੀਆ ਤਾਲਮੇਲ ਰੱਖਿਆ ਜਾਵੇ ਅਤੇ ਲੋਕਾਂ ਦੇ ਮਨੋਬਲ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਿਹਾ ਜਾਵੇ। ਉਨ੍ਹਾਂ ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁੱਖੀ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਲਗਾਈ ਹੋਈ ਹੈ। ਇਸ ਲਈ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਜਨਤਕ ਥਾਵਾਂ ਤੇ ਕੋਈ ਮਾਰੂ ਹਥਿਆਰ, ਅਸਲਾ ਜਾਂ ਵਿਸਫੋਟਕ ਸਮੱਗਰੀ ਲੈ ਕੇ ਨਾ ਆਵੇ ਅਤੇ 5 ਜਾਂ 5 ਤੋਂ ਵੱਧ ਵਿਆਕਤੀਆਂ ਨੂੰ ਇੱਕਠੇ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀ, ਸਿਵਲ ਪ੍ਰਸ਼ਾਸਨ ਵੱਲੋਂ ਤਾਇਨਾਤ ਅਧਿਕਾਰੀਆਂ ਨੂੰ ਨਾਲ ਲੈ ਕੇ ਜਨਤਕ ਥਾਵਾਂ, ਹੋਟਲਾਂ ਅਤੇ ਹੋਰ ਸਥਾਨਾਂ ਤੇ ਅਣ ਅਧਿਕਾਰਤ ਵਿਆਕਤੀਆਂ ਦੀ ਠਹਿਰ ਨੂੰ ਚੈਕ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਆਪਸੀ ਭਾਈਚਾਰਾ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਲਈ ਪੁਲੀਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ।
ਮੀਟਿੰਗ ਵਿੱਚ ਏ.ਸੀ.ਏ ਗਮਾਡਾ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਭੁਪਿੰਦਰ ਸਿੰਘ ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ, ਐਸ.ਡੀ.ਐਮ ਮੁਹਾਲੀ ਡਾ. ਆਰ.ਪੀ. ਸਿੰਘ, ਐਸ.ਡੀ.ਐਮ ਖਰੜ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਡੇਰਾਬਸੀ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਪਾਲਿਕਾ ਆਰੋੜਾ, ਕਾਰਜਕਾਰੀ ਮੈਜਿਸਟ੍ਰੇਟ ਰੂਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …