nabaz-e-punjab.com

ਡੇਰਾ ਕੇਸ: ਜ਼ਿਲ੍ਹਾ ਮੁਹਾਲੀ ਦੇ ਸਮੂਹ ਐਂਟਰੀ ਪੁਆਇੰਟ 28 ਅਗਸਤ ਤੋਂ ਬਾਅਦ ਅਗਲੇ ਹੁਕਮਾਂ ਤੱਕ 24 ਘੰਟੇ ਸੀਲ ਰਹਿਣਗੇ:ਚਾਹਲ

ਮੁਹਾਲੀ ਵਿੱਚ ਆਮ ਦਿਨਾਂ ਵਾਂਗ ਖੁੱਲ੍ਹੇ ਬਾਜ਼ਾਰਾਂ ਵਿੱਚ ਗਾਹਕਾਂ ਦੀਆਂ ਲੱਗੀਆਂ ਰੌਣਕਾਂ, ਸੜਕਾਂ ’ਤੇ ਵੀ ਆਵਾਜਾਈ ਹੋਈ ਸ਼ੁਰੂ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਸੀਬੀਆਈ ਦੀ ਪੰਚਕੂਲਾ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਸ਼ੁੱਕਰਵਾਰ ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦੇਣ ਮਗਰੋਂ ਵਾਪਰੀਆਂ ਹਿੰਸਕ ਘਟਨਾਵਾਂ ਨੂੰ ਦੇਖਦੇ ਹੋਏ ਚੰਡੀਗੜ੍ਹ ਅਤੇ ਪੰਚਕੂਲਾ ਨਾਲ ਲੱਗਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਐਂਟਰੀ ਪੁਆਇੰਟ 28 ਅਗਸਤ ਤੋਂ ਬਾਅਦ ਵੀ ਅਗਲੇ ਹੁਕਮਾਂ ਤੱਕ ਪੂਰੀ ਤਰ੍ਹਾਂ ਸੀਲ ਰਹਿਣਗੇ। ਇਸ ਗੱਲ ਦੀ ਪੁਸ਼ਟੀ ਕਰਦਿਆਂ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਪੰਚਕੂਲਾ ਵਿੱਚ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਅਗਲੇ ਹੁਕਮਾਂ ਤੱਕ ਸਮੂਹ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਗਏ ਹਨ।
ਸ੍ਰੀ ਚਾਹਲ ਨੇ ਦੱਸਿਆ ਕਿ ਦਿਨ ਅਤੇ ਰਾਤ ਨੂੰ 24 ਘੰਟੇ ਪੁਲੀਸ ਪੈਟਰੋਲਿੰਗ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਪੁਲੀਸ ਤੇ ਕਮਾਂਡੋਜ਼ ਦੇ 2500 ਜਵਾਨਾਂ ਸਮੇਤ ਪੈਰਾ ਮਿਲਟਰੀ ਫੋਰਸਿਜ਼ ਦੀਆਂ ਤਿੰਨ ਕੰਪਨੀਆਂ ਨੂੰ ਮੁਹਾਲੀ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਰਾ ਪ੍ਰੇਮੀਆਂ ਜਾਂ ਹੋਰ ਸ਼ਰਾਰਤੀ ਅਨਸਰਾਂ ਵੱਲੋਂ ਗੜਬੜੀ ਫੈਲਾਉਣ ਦੀ ਸੂਚਨਾ ਤੁਰੰਤ ਪੁਲੀਸ ਕੰਟਰੋਲ ਰੂਮ ਨੂੰ ਦੇਣ ਤਾਂ ਜੋ ਹਰ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ।
ਉਧਰ, ਸੀਬੀਆਈ ਦੀ ਪੰਚਕੂਲਾ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦੇਣ ਮਗਰੋਂ ਹਿੰਸਕ ਘਟਨਾ ਦੇ ਦੂਜੇ ਦਿਨ ਵੀ ਲੋਕਾਂ ਦੇ ਮਨਾਂ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਅੱਜ ਆਮ ਦਿਨਾਂ ਵਾਂਗ ਵੱਖ ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚ ਦੁਕਾਨਾਂ ਖੁੱਲ੍ਹੀਆਂ ਹੋਈਆਂ ਸਨ ਅਤੇ ਮਾਰਕੀਟਾਂ ਵਿੱਚ ਰੌਣਕਾਂ ਦੇਖਣ ਨੂੰ ਮਿਲੀਆਂ। ਸੜਕਾਂ ਉੱਤੇ ਵੀ ਆਵਾਜਾਈ ਜਾਰੀ ਸੀ। ਮੁਹਾਲੀ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਭਲਕੇ 28 ਅਗਸਤ ਨੂੰ ਵੀ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ, ਸਕੂਲ, ਕਾਲਜ, ਆਂਗਨਵਾੜੀ ਸੈਂਟਰੀ ਵੀ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਚੱਪੇ ਚੱਪੇ ’ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…