nabaz-e-punjab.com

ਉਚੇਰੀ ਸਿੱਖਿਆ ਮੰਤਰੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫ਼ੀ ਜਿੱਤਣ ’ਤੇ ਵਧਾਈ

ਪਟਿਆਲਾ ਵਿੱਚ ਨਵੀਂ ਖੇਡ ਯੂਨੀਵਰਸਿਟੀ ਬਣਨ ਨਾਲ ਪੰਜਾਬ ’ਚ ਖੇਡਾਂ ਨੂੰ ਹੋਰ ਹੁਲਾਰਾ ਮਿਲੇਗਾ: ਅਰੁਣਾ ਚੌਧਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਅਗਸਤ:
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਮੌਲਾਨਾ ਅਬੁਲ ਕਲਾਮ (ਮਾਕਾ) ਟਰਾਫੀ ਜਿੱਤਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਯੂਨੀਵਰਸਿਟੀ ਦੇ ਖਿਡਾਰੀਆਂ, ਕੋਚਾਂ, ਮਾਪਿਆਂ, ਖੇਡ ਵਿਭਾਗ ਅਤੇ ਯੂਨੀਵਰਸਿਟੀ ਅਥਾਰਟੀ ਸਿਰ ਬੰਨ੍ਹਿਆ ਹੈ ਜਿਨ੍ਹਾਂ ਦੀ ਸਖਤ ਮਿਹਨਤ ਸਦਕਾ ਪੰਜਾਬੀ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਸੱਤਵੀਂ ਵਾਰ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚੋਂ ਸਭ ਤੋਂ ਵਧੀਆ ਖੇਡਾਂ ਵਿੱਚ ਪ੍ਰਾਪਤੀਆਂ ਖੱਟਣ ਲਈ ਦਿੱਤੀ ਜਾਂਦੀ ਮੌਲਾਨਾ ਅਬੁਲ ਕਲਾਮ ਟਰਾਫੀ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿੱਸੇ ਆਈ ਹੈ।
ਅੱਜ ਕੌਮੀ ਖੇਡ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹੋਏ ਖੇਡ ਐਵਾਰਡ ਸਮਾਰੋਹ ਦੌਰਾਨ ਦੇਸ਼ ਦੇ ਰਾਸ਼ਟਰਪਤੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫੀ ਦਿੱਤੀ ਗਈ ਜਿਹੜੀ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਨਾਲ ਸਬੰਧਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੁੱਲ 43 ਵਾਰ ਇਹ ਟਰਾਫੀ ਜਿੱਤੀ ਹੈ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨੰਬਰ ਆਉਂਦਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸੂਬੇ ਵਿੱਚ ਖੇਡਾਂ ਨੂੰ ਹੋਰ ਵੀ ਹੁਲਾਰਾ ਮਿਲੇਗਾ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…