Share on Facebook Share on Twitter Share on Google+ Share on Pinterest Share on Linkedin ਜਲ ਨਿਕਾਸੀ: ਪਿੰਡ ਬੱਲੋਮਾਜਰਾ ਵਿੱਚ 60 ਲੱਖ ਦੀ ਲਾਗਤ ਨਾਲ ਪਾਈ ਜਾਵੇਗੀ ਨਵੀਂ ਪਾਈਪਲਾਈਨ: ਸਿੱਧੂ ਵਿਧਾਇਕ ਸਿੱਧੂ ਨੇ ਪਿੰਡ ਬੱਲੋਮਾਜਰਾ ਦੇ ਵਸਨੀਕਾਂ ਨੂੰ ਪਾਈਪਲਾਈਨ ਦੇ ਕੰਮ ਦੀ ਖ਼ੁਦ ਨਜ਼ਰਸਾਨੀ ਕਰਨ ਨੂੰ ਕਿਹਾ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ: ਪਿਛਲੇ ਲੰਮੇ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਮੱਸਿਆਵਾਂ ਦੀ ਮਾਰ ਝੱਲ ਰਹੇ ਪਿੰਡ ਬੱਲੋ ਮਾਜਰਾ ਦੇ ਲੋਕਾਂ ਨੂੰ ਹੁਣ ਜਲਦ ਹੀ ਰਾਹਤ ਮਿਲ ਜਾਵੇਗੀ। ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਗਮਾਡਾ ਦੁਆਰਾ ਪਿੰਡ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕੰਮ ਉਤੇ ਲਗਭਗ ਸੱਠ ਲੱਖ ਰੁਪਏ ਦੀ ਲਾਗਤ ਆਵੇਗੀ। ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਬਾਕਾਇਦਾ ਕਹੀ ਦਾ ਟੱਕ ਲਗਾਕੇ ਇਸ ਕੰਮ ਦੀ ਸ਼ੁਰੂਆਤ ਕਰਵਾਈ। ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮਗਰੋਂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਬੀਰ ਸਿੱਧੂ ਨੇ ਕਿਹਾ ਕਿ ਮੋਹਾਲੀ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਲੜੀਵਾਰ ਢੰਗ ਨਾਲ ਕੀਤਾ ਜਾਵੇਗਾ ਅਤੇ ਉਹ ਇਸ ਸਬੰਧ ਵਿੱਚ ਲਗਾਤਾਰ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਪੂਰੀ ਸਥਿਤੀ ਉ ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਪਿੰਡ ਬੱਲੋ ਮਾਜਰਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਵਾਸੀ ਪਾਈਪਲਾਈਨ ਦੇ ਚੱਲ ਰਹੇ ਕੰਮ ਉਤੇ ਆਪਣੀ ਪੂਰੀ ਨਜ਼ਰ ਰੱਖਣ ਅਤੇ ਜੇਕਰ ਕਿਧਰੇ ਕੋਈ ਊਣਤਾਈ ਪਾਈ ਜਾਂਦੀ ਹੈ ਤਾਂ ਇਸ ਸਬੰਧੀ ਤੁਰੰਤ ਉਨ੍ਹਾਂ ਨੂੰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰੇਕ ਪ੍ਰਾਜੈਕਟ ਲਈ ਸਬੰਧਤ ਅਧਿਕਾਰੀਆਂ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪਾਰਦਰਸ਼ੀ ਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਕੱਤਰ ਹੋਏ ਲੋਕਾਂ ਨੇ ਇਸ ਸਮੱਸਿਆ ਦੇ ਨਿਪਟਾਰੇ ਲਈ ਹਲਕਾ ਵਿਧਾਇਕ ਬਲਬੀਰ ਸਿੱਧੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਲੋਕਾਂ ਨੇ ਇਸ ਸਮੱਸਿਆ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਸੀ, ਪਰ ਉਸ ਸਮੇਂ ਲੋਕਾਂ ਦੀ ਕਿਧਰੇ ਕੋਈ ਸੁਣਵਾਈ ਨਹੀਂ ਸੀ ਹੋਈ। ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਿਰਫ ਚਾਰ ਮਹੀਨਿਆਂ ਦੇ ਕਾਰਜਕਾਲ ਵਿਚ ਹੀ ਵਿਧਾਇਕ ਸ੍ਰੀ ਸਿੱਧੂ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਵਿਚ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਗਮਾਡਾ ਦੇ ਐਕਸੀਅਨ ਵਾਸੂਦੇਵ ਆਨੰਦ, ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜੱਟ ਮਹਾਂ ਸਭਾ ਪੰਜਾਬ ਯੂਥ ਵਿੰਗ ਦੇ ਸੂਬਾ ਪ੍ਰਧਾਨ ਜੱਸੀ ਬੱਲੋਮਾਜਰਾ, ਗੁਰਦਾਸ ਸਿੰਘ ਸਰਪੰਚ, ਰੌਣਕ ਸਿੰਘ, ਗੁਰਵਿੰਦਰ ਸਿੰਘ ਪੰਚ, ਹਰਿੰਦਰ ਸਿੰਘ ਪੰਚ, ਬਲਜੀਤ ਸਿੰਘ, ਕੁਲਦੀਪ ਸਿੰਘ ਨਾਟੀ ਪ੍ਰਧਾਨ ਗੁਰਦੁਆਰਾ, ਲਾਭ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਬਾਸੀ, ਪਰਮਜੀਤ ਸਿੰਘ ਕੂਨਰ, ਚੌਧਰੀ ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ ਕਛਿਆੜਾ, ਪਿਆਰਾ ਸਿੰਘ ਪ੍ਰਧਾਨ ਗਰੀਨ ਇਨਕਲੇਵ, ਸੁਰਜੀਤ ਸਿੰਘ ਸੰਧੂ ਮੀਤ ਪ੍ਰਧਾਨ, ਮੁਹੰਮਦ ਖੁਸ਼ੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ