nabaz-e-punjab.com

ਪੰਜਾਬ ਦੇ ਮੰਤਰੀਆਂ ਅਤੇ ਕਾਂਗਰਸੀ ਆਗੂਆਂ ਵੱਲੋਂ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ

ਪੰਜਾਬ ਤੇ ਪੰਜਾਬੀਆਂ ਲਈ ਬੇਅੰਤ ਸਿੰਘ ਵੱਲੋਂ ਦਿੱਤੇ ਬਲਿਦਾਨ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਯਾਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਬਹੁਤ ਸਾਰੇ ਮੰਤਰੀਆਂ ਅਤੇ ਕਾਂਗਰਸ ਵਿਧਾਇਕਾਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਬੇਅੰਤ ਸਿੰਘ ਨੇ 22 ਸਾਲ ਪਹਿਲਾਂ ਅੱਜ ਦੇ ਦਿਨ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਸੀ। ਉਨ੍ਹਾਂ ਦੀ ਸਿਵਲ ਸਕੱਤਰੇਤ ਵਿਖੇ ਇੱਕ ਬੰਮ ਧਮਾਕੇ ਵਿਚ ਹੱਤਿਆ ਕਰ ਦਿੱਤੀ ਗਈ ਸੀ। ਅੱਜ ਕਾਂਗਰਸ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦਗਾਰ ਵਿਖੇ ਜਾ ਕੇ ਫੁੱਲਮਾਲਾਵਾਂ ਨਾਲ ਸ਼ਰਧਾਂਜਲੀਆਂ ਭੇਟ ਕੀਤੀਆਂ।
ਸ੍ਰੀ ਬੇਅੰਤ ਸਿੰਘ ਦੇ ਵੱਡੇ ਪੁੱਤਰ ਤੇਜ ਪ੍ਰਕਾਸ਼ ਸਿੰਘ, ਧੀ ਗੁਰਕੰਵਲ ਕੌਰ ਅਤੇ ਪੋਤੇ ਗੁਰਕੀਰਤ ਸਿੰਘ ਅਤੇ ਰਵਨੀਤ ਸਿੰਘ ਬਿੱਟੂ (ਐਮ.ਪੀ) ਵੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਸੂਬਾ ਪੱਧਰੀ ਸ਼ਰਧਾਂਜਲੀ ਸਮਾਰੋਹ ਵਿਚ ਸ਼ਾਮਲ ਹੋਏ। ਅਦਾਲਤ ਵਿਚ ਪੇਸ਼ੀ ਦੇ ਕਾਰਨ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ ’ਤੇ ਇਸ ਸਮਾਰੋਹ ਵਿਚ ਸ਼ਾਮਲ ਨਹੀਂ ਹੋ ਸਕੇ ਪਰ ਉਨ੍ਹਾਂ ਨੇ ਆਪਣੇ ਸੰਦੇਸ਼ ਰਾਹੀਂ ਸ. ਬੇਅੰਤ ਸਿੰਘ ਵੱਲੋਂ ਪੰਜਾਬ ਅਤੇ ਪੰਜਾਬੀ ਲੋਕਾਂ ਲਈ ਕੀਤੀ ਕੁਰਬਾਨੀ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਸ. ਬੇਅੰਤ ਸਿੰਘ ਵੱਲੋਂ ਦਿੱਤੇ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੇ ਯੋਗਦਾਨ ਦੀ ਪੰਜਾਬ ਦੇ ਲੋਕਾਂ ਦੇ ਦਿਲਾਂ ਅਤੇ ਦਿਮਾਗਾਂ ਵਿਚ ਹਮੇਸ਼ਾਂ ਹੀ ਛਾਪ ਰਹੇਗੀ। ਉਨ੍ਹਾਂ ਕਿਹਾ ਕਿ ਸ. ਬੇਅੰਤ ਸਿੰਘ ਦੀ ਹੱਤਿਆ ਸੂਬੇ ਦੇ ਇਤਿਹਾਸ ਦਾ ਇੱਕ ਕਾਲਾ ਦਿਨ ਸੀ ਪਰ ਉਨ੍ਹਾਂ ਦੀ ਕੁਰਬਾਨੀ ਦੇ ਫਲਸਰੂਪ ਸੂਬੇ ਨੂੰ ਅੱਤਵਾਦ ਤੋਂ ਛੁਟਕਾਰਾ ਮਿਲਿਆ।
ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੱਧੂ ਨੇ ਉਨ੍ਹਾਂ ਦੀ ਤਰਫੋਂ ਯਾਦਗਾਰ ਉੱਤੇ ਫੁੱਲਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ ਅਤੇ ਚਰਨਜੀਤ ਸਿੰਘ ਚੰਨੀ ਨੇ ਵੀ ਸ. ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਅਨੇਕਾਂ ਪਾਰਟੀ ਵਿਧਾਇਕਾਂ ਨੇ ਵੀ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਬੇਅੰਤ ਸਿੰਘ ਦੀ ਯਾਦ ਵਿੱਚ ਦੋ ਘੰਟੇ ਪ੍ਰਾਰਥਨਾ ਸਭਾ ਹੋਈ। ਕਈ ਆਗੂਆਂ ਨੇ ਬੇਅੰਤ ਸਿੰਘ ਵੱਲੋਂ ਅੱਤਵਾਦ ਵਿਰੁੱਧ ਨਿਡਰਤਾ ਨਾਲ ਕੀਤੇ ਸੰਘਰਸ਼ ਦੀ ਸਰਾਹਨਾ ਕੀਤੀ ਜਿਸ ਦੇ ਫਲਸਰੂਪ ਉਨ੍ਹਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ। ਸਾਲ 1992 ਤੋਂ 1995 ਤੱਕ ਮੁੱਖ ਮੰਤਰੀ ਵਜੋਂ ਉਨ੍ਹਾਂ ਦੀ ਲੀਡਰਸ਼ਿਪ ਦੀ ਵੀ ਆਗੂਆਂ ਨੇ ਸਰਾਹਨਾ ਕੀਤੀ ਜਿਸ ਦੇ ਨਾਲ ਖਾਲਿਸਤਾਨੀ ਅੱਤਵਾਦ ਨੂੰ ਖਤਮ ਕਰਨ ਵਿਚ ਮਦਦ ਮਿਲੀ। ਅਤਿਵਾਦ ਦੇ ਇਸ ਦੌਰ ਵਿੱਚ ਸੂਬੇ ਵਿਚ ਹਜ਼ਾਰਾਂ ਬੇ-ਗੁਨਾਹ ਜਾਨਾਂ ਗਈਆਂ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…