ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗ਼ੁਰਬਤ ਤੇ ਅਨਪੜ੍ਹਤਾ ਨੂੰ ਖ਼ਤਮ ਕਰਨ ਲਈ ਯਤਨ ਕੀਤੇ ਜਾਣਗੇ: ਮਨਪ੍ਰੀਤ ਬਾਦਲ

ਸਾਰਾਗੜ੍ਹੀ ਦੇ ਮਾਣ ਮੱਤੇ ਇਤਿਹਾਸ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ: ਸਿੱਧੂ

ਸਾਰਾਗੜ੍ਹੀ ਦਾ ਸਾਕਾ ਸ਼ਹਾਦਤ ਤੇ ਕੁਰਬਾਨੀ ਦੀ ਅਦੁੱਤੀ ਮਿਸਾਲ: ਧਰਮਸੋਤ

ਵਿਧਾਇਕ ਪਰਮਿੰਦਰ ਪਿੰਕੀ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਮਿਊਜ਼ੀਅਮ ਆਡੀਟੋਰੀਅਮ, ਲਾਇਬਰੇਰੀ ਬਣਾਉਣ ਦੀ ਮੰਗ

ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ (ਫਿਰੋਜ਼ਪੁਰ) ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਫਿਰੋਜ਼ਪੁਰ, 12 ਸਤੰਬਰ:
ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ: ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਕੈਬਨਿਟ ਮੰਤਰੀ ਸ੍ਰ: ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ. ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ’ਤੇ ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਸੁਖਜਿੰਦਰ ਸਿੰਘ ਹਜੂਰੀ ਜਥਾ ਗੁਰਦੁਆਰਾ ਸਾਰਾਗੜ੍ਹੀ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾ ਦੀ ਗਿਣਤੀ ਵਿੱਚ ਸੰਗਤਾਂ, ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਨੇ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਣ ਹੈ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਰਾਗੜ੍ਹੀ ਦਿਵਸ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ ਤੇ ਇਸ ਦਿਨ ਪੂਰੇ ਰਾਜ ਵਿੱਚ ਛੁੱਟੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਬਲੀਦਾਨ ਦੀ ਮਿਸਾਲ ਪੂਰੀ ਦੁਨੀਆ ਵਿੱਚ ਨਹੀਂ ਮਿਲਦੀ ਜਦੋਂ 21 ਸਿੱਖ ਸੈਨਿਕਾਂ ਨੇ 10 ਹਜ਼ਾਰ ਪਠਾਣਾਂ ਦਾ ਬਹਾਦਰੀ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ। ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਦੀ ਮੰਗ ਤੇ ਸ੍ਰ: ਮਨਪ੍ਰੀਤ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਨ ਵਾਲੇ ਸਮਾਰਕ, ਮਿਊਜ਼ੀਅਮ, ਆਦਿ ਤੇ ਜਿੰਨੀ ਵੀ ਰਾਸ਼ੀ ਦੀ ਲੋੜ ਹੋਵੇਗੀ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ ਸਾਰਾਗੜ੍ਹੀ ਦੇ ਇਤਿਹਾਸ ਸਬੰਧੀ ਰਾਜ ਦੇ ਵਿਦਿਆਰਥੀਆਂ ਤੇ ਦੇਸ਼ ਦੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ।। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗ਼ੁਰਬਤ, ਅਨਪੜ੍ਹਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
ਉਨ੍ਹਾਂ ਬ੍ਰਿਟਿਸ਼ ਆਰਮੀ ਦੇ ਡੈਲੀਗੇਸ਼ਨ, ਸ਼ਹੀਦਾਂ ਦੇ ਪਰਿਵਾਰਾਂ, ਸੈਨਾ ਦੇ ਸਾਬਕਾ ਅਧਿਕਾਰੀਆਂ, ਜਵਾਨਾਂ, ਸੈਨਾ ਦੇ ਅਧਿਕਾਰੀਆਂ ਤੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਸਖਸੀਅਤਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਾਗੜ੍ਹੀ ਦੀ ਲੜਾਈ ਸਬੰਧੀ ਲਿਖੀ ਖੋਜ ਭਰਪੂਰ ਪੁਸਤਕ ਵੱਖ-ਵੱਖ ਸਖਸੀਅਤਾਂ ਨੂੰ ਭੇਂਟ ਕੀਤੀ। ਕੈਬਨਿਟ ਮੰਤਰੀ ਸ੍ਰ: ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਹਾਜ਼ਰ ਲੋਕਾਂ ਨੂੰ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਲੋਕਾਂ ਨਾਲ ਵਾਅਦਾ ਕਰਕੇ ਜਾਂਦੇ ਹਨ ਕਿ ਹਲਕੇ ਦੇ ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਨੂੰ ਸਰਕਾਰ ਵੱਲੋਂ ਖ਼ਾਲੀ ਚੈੱਕ ਦਿੱਤਾ ਜਾਵੇਗਾ ਅਤੇ ਸ਼ਹੀਦੀ ਸਮਾਰਕ ਲਈ ਜਿੰਨੀ ਵੀ ਰਾਸ਼ੀ ਦੀ ਲੋੜ ਹੋਵੇਗੀ ਉਨੀ ਰਾਸ਼ੀ ਉਹ ਖ਼ੁਦ ਭਰ ਲੈਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਸਲਾਹ ਮਸ਼ਵਰਾ ਕਰਕੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਿਊਜ਼ੀਅਮ, ਲਾਇਬ੍ਰੇਰੀ, ਆਦਿ ਬਣਾਇਆ ਜਾਵੇਗਾ ਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧ ਵਿੱਚ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਜਿਨ੍ਹਾਂ ਨੇ ਆਪਣੇ ਖ਼ੂਨ ਦਾ ਆਖ਼ਰੀ ਕਤਰਾ ਵੀ ਆਪਣੇ ਦੇਸ਼ ਦੀ ਰਾਖੀ ਲਈ ਕੁਰਬਾਨ ਕੀਤਾ ਹੈ। ਇਸ ਮੌਕੇ ਸ੍ਰ: ਸਾਧੂ ਸਿੰਘ ਧਰਮਸੋਤ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਸਮੇਂ ਕੇਵਲ 21 ਬੰਦਿਆਂ ਨੇ 10 ਹਜ਼ਾਰ ਫ਼ੌਜੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਤੇ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਸਾਬਕਾ ਫ਼ੌਜੀ ਅਧਿਕਾਰੀ ਹਨ ਜਿਨ੍ਹਾਂ ਨੇ 1965 ਦੀ ਜੰਗ ਵਿੱਚ ਹਿੱਸਾ ਲਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰਾਗੜ੍ਹੀ ਦਿਵਸ ਨੂੰ ਰਾਜ ਪੱਧਰੀ ਸਮਾਗਮ ਵਿੱਚ ਛੁੱਟੀ ਐਲਾਨਣਾਂ ਆਪਣੇ ਆਪ ਵਿੱਚ ਇੱਕ ਇਤਿਹਾਸਿਕ ਫ਼ੈਸਲਾ ਹੈ।
ਇਸ ਮੌਕੇ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੀ ਯਾਦ ਵਿੱਚ ਮਿਊਜ਼ੀਅਮ, ਲਾਇਬੇ੍ਰਰੀ, ਆਡੀਟੋਰੀਅਮ ਅਤੇ ਹਲਕੇ ਦੇ ਵਿਕਾਸ ਲਈ ਮੰਗਾਂ ਰੱਖੀਆਂ ਜਿਸ ਨੂੰ ਮੁੱਖ ਮਹਿਮਾਨ ਤੇ ਸਾਥੀ ਮੰਤਰੀਆਂ ਵੱਲੋਂ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ। ਸਮਾਗਮ ਦੌਰਾਨ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ, ਬ੍ਰਿਟਿਸ਼ ਆਰਮੀ ਦੇ ਬ੍ਰਿਗੇਡੀਅਰ ਟਿਮੱਬੀ ਜੌਨ ਸੀਲ ਤੇ ਸਾਥੀਆਂ, ਇਤਿਹਾਸਕਾਰ ਗੁਰਿੰਦਰਪਾਲ ਸਿੰਘ ਜੋਸਨ, 4 ਸਿੱਖ ਰੈਜੀਮੈਂਟ ਦੇ ਸਾਬਕਾ ਅਧਿਕਾਰੀ ਬ੍ਰਿਗੇਡੀਅਰ ਕਮਲਜੀਤ ਸਿੰਘ, ਕਰਨਲ ਬੀ.ਐਸ.ਚਾਹਲ, ਕੈਪਟਨ ਅਮਰਜੀਤ ਸਿੰਘ ਜੇਜੀ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਾਰਾਗੜ੍ਹੀ ਮੈਮੋਰੀਅਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੇਜਰ ਜਨਰਲ ਰਾਜੇਸ਼ ਕੁੰਦਰਾ ਜੀ.ਓ.ਸੀ, ਸ੍ਰੀ. ਸੁਮੇਰ ਸਿੰਘ ਗੁਰਜਰ ਕਮਿਸ਼ਨਰ, ਉੱਪ ਚੇਅਰਮੈਨ-ਕਮ- ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਵੱਲੋਂ ਮੁੱਖ ਮਹਿਮਾਨ ਸ੍ਰ: ਮਨਪ੍ਰੀਤ ਸਿੰਘ ਬਾਦਲ, ਸ੍ਰ: ਨਵਜੋਤ ਸਿੰਘ ਸਿੱਧੂ ਅਤੇ ਸ੍ਰ: ਸਾਧੂ ਸਿੰਘ ਧਰਮਸੋਤ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿੱਚ ਡਾ. ਰਾਮੇਸ਼ਵਰ ਸਿੰਘ ਨੇ ਸਾਰਾਗੜ੍ਹੀ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਨੇ ਸਮਾਗਮ ਦੀ ਸਫਲਤਾ ਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਅਤੇ ਖ਼ਾਸ ਕਰਕੇ 11 ਸਿੱਖ ਰੈਜਮੈਂਟ ਵੱਲੋਂ ਸਮਾਗਮ ਦੇ ਪ੍ਰਬੰਧਾਂ ਵਿੱਚ ਦਿੱਤੇ ਗਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਸ੍ਰ: ਗੁਰਕੀਰਤ ਸਿੰਘ ਕੋਟਲੀ, ਸ਼੍ਰੀਮਤੀ ਸਤਿਕਾਰ ਕੌਰ ਗਹਿਰੀ, ਸ.ਕੁਲਬੀਰ ਸਿੰਘ ਜ਼ੀਰਾ, ਡਾ. ਹਰਜੋਤ ਕਮਲ, ਸ੍ਰ: ਦਵਿੰਦਰ ਸਿੰਘ ਘੁਬਾਇਆ, ਸ੍ਰ. ਨੱਥੂ ਰਾਮ, ਸ੍ਰ: ਤਰਸੇਮ ਸਿੰਘ ਅਟਾਰੀ, ਸ੍ਰ. ਐਮ.ਐਸ. ਛੀਨਾ ਆਈ.ਜੀ. ਬਠਿੰਡਾ ਜੌਨ, ਸ੍ਰ: ਰਜਿੰਦਰ ਸਿੰਘ ਡੀ.ਆਈ.ਜੀ, ਸ੍ਰੀ. ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਸ੍ਰ. ਭੁਪਿੰਦਰ ਸਿੰਘ ਐਸ.ਐਸ.ਪੀ, ਸ੍ਰ. ਹਰਜੀਤ ਸਿੰਘ ਸੰਧੂ ਐਸ.ਡੀ.ਐਮ, ਕਰਨਲ ਨਿਤੇਸ਼ ਜਸਵਾਲ, ਕਰਨਲ ਅਭਿਸ਼ੇਕ ਮਿਸ਼ਰਾ, ਸ੍ਰ. ਚਮਕੌਰ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸ੍ਰ. ਹਰਜਿੰਦਰ ਸਿੰਘ ਬਿੱਟੂ ਸਾਂਘਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਵਲ ਤੇ ਫ਼ੌਜ ਦੇ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਤੇ ਧਾਰਮਿਕ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…