ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਮੁਹਾਲੀ ਵਿੱਚ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

15 ਸਕੂਲ ਬੱਸਾਂ ਦੇ ਕੀਤੇ ਚਲਾਨ, ਦੋ ਬੱਸਾਂ ਕੀਤੀਆਂ ਜ਼ਬਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਹਰਿਆਣਾ ਦੇ ਮਸ਼ਹੂਰ ਰਿਆਨ ਇੰਟਰਨੈਸ਼ਨਲ ਸਕੂਲ ਵਿੱਚ ਕੁੱਝ ਦਿਨ ਪਹਿਲਾਂ ਦੂਜੀ ਕਲਾਸ ਦੇ ਸੱਤ ਸਾਲਾਂ ਦੇ ਮਾਸੂਮ ਬੱਚੇ ਪ੍ਰਦੂਮਣ ਦੇ ਕਤਲ ਤੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰਬੰਧਕਾਂ ਨੇ ਚੌਕਸੀ ਵਧਾ ਦਿੱਤੀ ਹੈ। ਅੱਜ ਇੱਥੋਂ ਦੇ ਫੇਜ਼ 7 ਵਿੱਚ ਪੰਜਾਬ ਦੇ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਅਤੇ ਕਮਿਸ਼ਨ ਦੀ ਮੈਂਬਰ ਤੇ ਅਕਾਲੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ ਦੀ ਅਗਵਾਈ ਵਿੱਚ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮ ਨਾਲ ਮੌਜੂਦ ਟ੍ਰੈਫਿਕ ਪੁਲੀਸ ਨੇ 15 ਸਕੂਲੀ ਬੱਸਾਂ ਦੇ ਚਲਾਨ ਕੀਤੇ ਅਤੇ 2 ਸਕੂਲੀ ਬੱਸਾਂ ਨੂੰ ਜ਼ਬਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ੍ਰੀ ਰਾਜਵਿੰਦਰ ਗਿੱਲ ਅਤੇ ਬੀਬੀ ਕੰਗ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਸਕੂਲਾਂ ਬੱਸਾਂ ਵਿੱਚ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਸੁਰੱਖਿਆ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਕੂਲ ਬੱਸਾਂ ਦੇ ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਸਾਧਨਾਂ ਦੀ ਵੀ ਬੜੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੂਲ ਬੱਸਾਂ ਦੇ ਡਰਾਇਵਰਾਂ ਕੋਲ ਡਰਾਈਵਿੰਗ ਲਾੲਸੈਂਸ ਨਹੀਂ ਸਨ ਉਨ੍ਹਾਂ ਦੇ ਚਲਾਨ ਕੀਤੇ ਗਏ ਹਨ। ਬੱਸ ਚਾਲਕਾਂ ਨੂੰ ਨਿਯਮਾਂ ਦਾ ਪਾਠ ਪੜ੍ਹਾਉਂਦੇ ਹੋਏ ਟੀਮ ਦੇ ਮੈਂਬਰਾਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਅਤੇ ਵਿਦਿਆਰਥੀਆਂ ਦੀ ਜ਼ਿੰਦਗੀਆਂ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …