ਸੁਰੱਖਿਅਤ ਬਚਪਨ ਲਈ ਪੰਜਾਬ ਨੂੰ ਇਕ ਮਾਡਲ ਸੂਬਾ ਬਣਾਇਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਸੁਰੱਖਿਅਤ ਬਚਪਨ ਲਈ ਪੰਜਾਬ ਨੂੰ ਇਕ ਮਾਡਲ ਰਾਜ ਬਣਾਵੇਗੀ। ਸ੍ਰੀ ਸਤਿਆਰਥੀ ਅੱਜ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲੇ। ਮੁੱਖ ਮੰਤਰੀ ਨੇ ਸ੍ਰੀ ਸਤਿਆਰਥੀ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਪਹਿਲਕਦਮੀਆਂ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਕਦਮ ਚੁੱਕੇ ਗਏ ਹਨ ਕਿਉਂਕਿ ਨਸ਼ਿਆਂ ਨੇ ਸੂਬੇ ਦੇ ਬਹੁਤ ਸਾਰੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ।
ਸ੍ਰੀ ਸਤਿਆਰਥੀ ਸੁਰੱਖਿਅਤ ਬਚਪਨ ਦੇ ਵਾਸਤੇ ਰਾਸ਼ਟਰ ਵਿਆਪੀ ਯਾਤਰਾ ਦੇ ਹਿੱਸੇ ਵਜੋਂ ਚੰਡੀਗੜ੍ਹ ਆਏ ਸਨ ਅਤੇ ਉਨ੍ਹਾਂ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸੁਰੱਖਿਅਤ ਬਚਪਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਤੋਂ ਮਦਦ ਤੇ ਸਹਿਯੋਗ ਦੀ ਸ੍ਰੀ ਸਤਿਆਰਥੀ ਵੱਲੋਂ ਕੀਤੀ ਗਈ ਅਪੀਲ ਦੇ ਹੁੰਘਾਰੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ਦੇ ਪੁਲਿਸ ਥਾਣਿਆਂ ਨੂੰ ਬੱਚਿਆਂ ਪੱਖੀ ਬਣਾਉਣ ਲਈ ਵੱਖ ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਕਿਸੇ ਵੀ ਤਰ੍ਹਾਂ ਦੇ ਸ਼ੋਸਣ ਨੂੰ ਰੋਕਣ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਸੂਬੇ ਵਿਚ ਬੱਚਿਆਂ ਦੀ ਸੁਰੱਖਿਆ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਸ੍ਰੀ ਸਤਿਆਰਥੀ ਦੀ ‘ਬਚਪਨ ਬਚਾਓ’ ਸੰਸਥਾ ਦੇ ਸਮਰਥਨ ਦੀ ਮੰਗ ਕੀਤੀ। ਸ੍ਰੀ ਸਤਿਆਰਥੀ ਨੇ ਕਿਹਾ ਕਿ ਬੱਚਿਆਂ ਦੇ ਸ਼ੋਸਣ ਅਤੇ ਉਨ੍ਹਾਂ ਵਿਰੁੱਧ ਹਿੰਸਾ ਨੂੰ ਰੋਕਣ ਲਈ ਜਾਗਰੁਕਤਾ ਪੈਦਾ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਬੱਚਿਆਂ ਵਿਰੁੱਧ ਹਿੰਸਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਕਿਰਤ ਸੰਜੇ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…