Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਜਲੰਧਰ ਦੇ ਵਿਕਾਸ ਲਈ 363.43 ਕਰੋੜ ਦੀ ਗਰਾਂਟ ਦਾ ਐਲਾਨ ਏਸ਼ੀਅਨ ਡਿਵੈਲਪਮੈਂਟ ਬੈਂਕ ਵੱਲੋਂ 1000 ਕਰੋੜ ਨਾਲ ਜਲੰਧਰ ਨੂੰ ਪੀਣ ਲਈ ਸਪਲਾਈ ਕੀਤਾ ਜਾਵੇਗਾ ਦਰਿਆ ਦਾ ਪਾਣੀ ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੋਬਾਇਲ ਐਪ ਦੀ ਸ਼ੁਰੂਆਤ ਜਲਦ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਜਲੰਧਰ, 26 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਦੀ ਨੁਹਾਰ ਬਦਲਣ ਲਈ ਵੱਖ-ਵੱਖ ਪ੍ਰਾਜੈਕਟਾਂ ਲਈ 363.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ, ਜੋ ਕਿ ਮੁੱਖ ਮੰਤਰੀ ਬਣਨ ਪਿਛੋਂ ਜਲੰਧਰ ਦੇ ਪਹਿਲੇ ਦੌਰੇ ’ਤੇ ਇਥੇ ਪਹੁੰਚੇ ਸਨ ਵਲੋਂ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰੈਸ ਨਾਲ ਵੀ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਵਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਨੂੰ ਬਿਆਸ ਜਾਂ ਸਤਲੁਜ ਦਰਿਆ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਲਈ 1000 ਕਰੋੜ ਰੁਪਏ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਏਸ਼ੀਅਨ ਡਿਵੈਲਪਮੈਂਟ ਬੈਂਕ ਵਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ਲਈ ਮੁੱਢਲੀ ਸਟੱਡੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਉਥੇ ਹੀ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗਣ ਨੂੰ ਰੋਕਣ ਵਿੱਚ ਵੀ ਵੱਡੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਜਲੰਧਰ ਪਿਛੋਂ ਇਸ ਪ੍ਰੋਜੈਕਟ ਨੂੰ ਬਠਿੰਡਾ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਵੀ ਲਾਗੂ ਕੀਤਾ ਜਾਵੇਗਾ। ਸ਼ਹਿਰਾਂ ਵਿੱਚ ਪੀਣ ਵਾਲੇ ਪਾਣੀ,ਸੀਵਰੇਜ਼ ਟਰੀਟਮੈਂਟ ਪਲਾਂਟ, ਸੜਕਾਂ, ਸਟਰੀਟ ਲਾਈਟਾਂ ਤੇ ਹੋਰ ਵਿਕਾਸ ਕੰਮਾਂ ਨੂੰ ਆਪਣੀ ਸਰਕਾਰ ਦੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੇ ਤੇਜ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੂੰ ਸੂਬੇ ਦੀ ਕਮਜ਼ੋਰ ਵਿੱਤੀ ਸਿਹਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਨੂੰ ਪਾਰਟੀ ਦੇ ਮੈਨੀਫੈਸਟੋ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ। ਜਲੰਧਰ ਸ਼ਹਿਰ ਦੇ ਵਿਕਾਸ ਲਈ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ 50 ਕਰੋੜ ਰੁਪਏ ਅਤੇ ਹੋਰ ਨਵੇਂ ਵਿਕਾਸ ਕੰਮਾਂ ਦੀ ਸੁਰੂਆਤ ਲਈ 42.43 ਕਰੋੜ ਰੁਪਏ ਜਾਰੀ ਕੀਤੇ ਗਏ । ਇਨ੍ਹਾਂ ਕੰਮਾਂ ਵਿੱਚ ਗਲੀਆਂ ਅਤੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਅਤੇ ਸਾਰੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਲਗਾਇਆ ਜਾਣਾ ਸ਼ਾਮਿਲ ਹੈ। 346 ਕਰੋੜ ਰੁਪਏ ਦੀ ਅਮਰੁਤ ਯੋਜਨਾ ਤਹਿਤ ਵੀ ਸੂਬਾ ਸਰਕਾਰ ਵਲੋਂ ਵੱਖ-ਵੱਖ ਵਿਕਾਸ ਕੰਮਾਂ ਲਈ 190 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਵਿੱਚ ਪਾਣੀ ਦੀ ਸਪਲਾਈ ਲਈ 40 ਕਰੋੜ ਰੁਪਏ ਅਤੇ 100 ਐਮ.ਐਲ.ਡੀ.ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 150 ਕਰੋੜ ਰੁਪਏ ਸ਼ਾਮਿਲ ਹਨ। ਮੁੱਖ ਮੰਤਰੀ ਵਲੋਂ ਅਰਬਨ ਮਿਸ਼ਨ ਤਹਿਤ ਚੱਲ ਰਹੇ ਵਿਕਾਸ ਕੰਮਾਂ ਲਈ 81 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਿਕਾਸ ਮੁੱਖੀ ਏਜੰਡੇ ’ਤੇ ਪਹਿਰਾ ਦੇਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਅਨੇਕਾਂ ਯੋਜਨਾਵਾਂ ਆਰੰਭੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਅਤੇ ਹਾਊਸ ਟੈਕਸ ਦੇ ਬਕਾਇਆਂ ਦੀ ਵਸੂਲੀ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਯਕਮੁਸ਼ਤ ਅਦਾਇਗੀ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸਸ ਦੀ ਵੀ ਸਥਾਪਨਾ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਵਲੋਂ ਮਹਿਲਾ ਸਸ਼ਕਤੀਕਰਨ ਵੱਲ ਸੇਧਤ ਅਹਿਮ ਫੈਸਲੇ ਤਹਿਤ ਪੰਜਾਬ ਦੇਸ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ ਜਿਥੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਅੌਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਹਿਰੀ ਅਵਾਸ ਯੋਜਨਾ ਤਹਿਤ 3 ਲੱਖ ਤੋਂ ਘੱਟ ਆਮਦਨ ਵਾਲੇ ਲੋਕਾਂ ਨੂੰ ਮੁਫ਼ਤ ਘਰਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੇ ਕਾਬਜ਼ਕਾਰਾਂ ਨੂੰ ਜਾਇਦਾਦ ਦਾ ਮਾਲਕੀ ਹੱਕ ਦੇਣ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਕਦਮ ਨੂੰ ਲੋਕ ਭਲਾਈ ਵੱਲ ਵੱਡੀ ਪਹਿਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਹੋਰ ਅਨੇਕਾਂ ਯੋਜਨਾਵਾਂ ਆਰੰਭੀਆਂ ਜਾ ਰਹੀਆਂ ਹਨ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਵੀ ਫੰਡ ਜਲਦ ਜਾਰੀ ਕੀਤੇ ਜਾਣਗੇ। ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸੇਵਾਵਾਂ ਮੋਬਾਇਲ ਐਪ ਜ਼ਰੀਏ ਮੁਹੱਈਆ ਕਰਵਾਉਣ ਦਾ ਐਲਾਨ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਵਸਥਾ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਆਵੇਗੀ। ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਕੀਤੀ ਯੋਜਨਾਬੰਧੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਨਾ-ਮਾਤਰ ਸਾਧਨਾਂ ਰਾਹੀਂ ਹੀ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਡੀ.ਏ.ਵੀ.ਇੰਜੀਨੀਅਰਿੰਗ ਕਾਲਜ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਐਲਾਨੀ ਗਈ ਈ-ਸੇਵਾ ਦੀ ਸ਼ੁਰੂਆਤ ਬਹੁਤ ਜਲਦੀ ਕੀਤੀ ਜਾਵੇਗੀ ਜਿਸ ਤਹਿਤ ਲੋਕ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੇ ਨਕਸ਼ੇ ਅਤੇ ਲੇਅ ਆਊਟ ਪਲਾਨ ਆਨ ਲਾਈਨ ਅਪਲਾਈ ਕਰਕੇ ਪ੍ਰਾਪਤ ਕਰ ਸਕਣਗੇ। ਅਕਾਲੀ ਆਗੂਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ‘‘ ਜੀਜਾ-ਸਾਲਾ ਜੋੜੀ’’ ’ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੋਵਾਂ ਵਲੋਂ ਬੇਤੁਕੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਆਪਣੇ ਆਪ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਫ਼ਾਦਾਰ ਸਿਪਾਹੀ ਦਸਦਿਆਂ ਉਨ੍ਹਾਂ ਕਿਹਾ ਕਿ ‘‘ਜਦ ਤੱਕ ਉਨ੍ਹਾਂ ਦੀਆਂ ਧਮਣੀਆਂ ਵਿੱਚ ਖੂਨ ਵਹਿੰਦਾ ਹੈ ਤਦ ਤੱਕ ਉਹ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਵਫ਼ਾਦਾਰ ਰਹਿਣਗੇ।’’ ਉਨ੍ਹਾਂ ਕਿਹਾ ਕਿ ਅਕਾਲੀਆਂ ਵਲੋਂ ਉਨ੍ਹਾਂ ਅਤੇ ਮੁੱਖ ਮੰਤਰੀ ਦਰਮਿਆਨ ਵੱਖਰੇਵਾਂ ਹੋਣ ਸਬੰਧੀ ਗੁੰਮਰਾਹਕੁੰਨ ਬਿਆਨਬਾਜ਼ੀ ਕਰਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਦੇ ਵਿਧਾਇਕਾਂ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ, ਪਰਗਟ ਸਿੰਘ ਅਤੇ ਚੌਧਰੀ ਸੁਰਿੰਦਰ ਸਿੰਘ, ਸੰਸਦ ਮੈਂਬਰ ਚੌਧਰੀ ਸੰਤੋਖ਼ ਸਿੰਘ,ਸਾਬਕਾ ਮੰਤਰੀ ਅਵਤਾਰ ਹੈਨਰੀ ਅਤੇ ਮਹਿੰਦਰ ਸਿੰਘ ਕੇ.ਪੀ. ਵਲੋਂ ਜਿਥੇ ਮੁੱਖ ਮੰਤਰੀ ਦਾ ਜਲੰਧਰ ਆਉਣ ’ਤੇ ਸਵਾਗਤ ਕੀਤਾ ਗਿਆ ਉਥੇ ਹੀ ਸਿਰਫ਼ 6 ਮਹੀਨੇ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਵਿਕਾਸ ਦੀ ਲੀਹ ’ਤੇ ਦੁਬਾਰਾ ਤੋਰਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ,ਕਿਸਾਨ ਕਰਜ਼ ਮੁਆਫ਼ੀ, ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਤੋਂ ਇਲਾਵਾ ਲੋਕ ਭਲਾਈ ਵੱਲ ਚੁੱਕੇ ਕਦਮ ਸੂਬੇ ਦੀ ਸ਼ਾਨ ਨੂੰ ਬਹਾਲ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਯਕੀਨੀ ਦੁਆਇਆ ਕਿ ਅਗਾਮੀ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਜਲੰਧਰ ਸ਼ਹਿਰ ਵਿੱਚ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਗੁਰਕਿਰਤਕ੍ਰਿਪਾਲ ਸਿੰਘ, ਸਾਬਕਾ ਮੰਤਰੀ ਅਵਤਾਰ ਸਿੰਘ ਹੈਨਰੀ, ਅਮਰਜੀਤ ਸਿੰਘ ਸਮਰਾ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ, ਮੁੱਖ ਮੰਤਰੀ ਦੇ ਓ.ਐਸ.ਡੀ.ਗੁਰਪ੍ਰੀਤ ਸਿੰਘ ਸੋਨੂੰ ਢੇਸੀ ਤੋਂ ਇਲਾਵਾ ਡਵੀਜ਼ਨਲ ਕਮਿਸਨਰ ਰਾਜ ਕਮਲ ਚੌਧਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪੀ.ਕੇ.ਸਿਨਹਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ