ਮੁਫ਼ਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕ ਕਰਨ ਲਈ ਲੋਕਾਂ ਨਾਲ ਹੇਠਲੇ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ: ਅਰਚਨਾ ਪੁਰੀ

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਸੱਦਾ

ਸੈਸ਼ਨ ਜੱਜ ਅਰਚਨਾ ਪੁਰੀ ਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਮੁਫ਼ਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕ ਕਰਨ ਲਈ ਲੋਕਾਂ ਨਾਲ ਹੇਠਲੇ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਇਨਸਾਫ ਸਭਨਾ ਲਈ ਤਹਿਤ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਵਾ ਕੇ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਨੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨਾਲ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਮੌਕੇ ਯੂਨੀਵਰਸਲ ਲਾਅ ਕਾਲਜ਼ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਲੀਗਲ ਏਡ ਦਾ ਸਫਲ ਮੰਚਨ ਵੀ ਕੀਤਾ ਗਿਆ। ਜਿਸ ਵਿੱਚ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਲੋਕਾਂ ਨੂੰ ਜਾਗਰੁੂਕਤਾ ਦਾ ਸੁਨੇਹਾ ਦਿੱਤਾ।
ਸ੍ਰੀਮਤੀ ਅਰਚਨਾ ਪੁਰੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਨੈਕਟਿੰਗ ਟੂ ਸਰਵ ਅਧੀਨ ਜ਼ਿਲ੍ਹੇ ਵਿੱਚ 18 ਨਵੰਬਰ ਤੱਕ ਕਾਨੂੰਨੀ ਸ਼ਾਖਰਤਾ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੀ ਵਿਧੀ ਸਬੰਧੀ ਡੋਰ-ਟੂ-ਡੋਰ ਮੁਹਿੰਮ ਵੀ ਚਲਾਈ ਜਾਵੇਗੀ ਅਤੇ ਰੋਜ਼ਾਨਾ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਜ ਦੇ ਅਜੇ ਵੀ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਹਾਸਿਲ ਨਹੀਂ ਹੈ ਅਤੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੁੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹੇ ਦੇ ਲੋਕਾਂ ਨੂੰ ਅਥਾਰਟੀ ਵੱਲੌਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰੇਗੀ।
ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਰੈਲੀ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਪੁੱਜੇਗੀ। ਜਿੱਥੇ ਕਿ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਕਲੀਨਿਕ, ਫਰੰਟ ਦਫਤਰ, ਕਾਨੂੰਨੀ ਹੈਲਪ ਲਾਇਨ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਕੋਈ ਵੀ ਲੋੜਵੰਦ ਵਿਅਕਤੀ ਇਨ੍ਹਾਂ ਥਾਵਾਂ ਤੇ ਆ ਕੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਜਾਗਰੂਕਤਾ ਰੈਲੀ ਵਿਚ ਸਕੂਲਾਂ ਅਤੇ ਕਾਲਜਾਂ ਵਿਦਿਆਰਥੀਆਂ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਅਤੇ ਪੈਨਲ ਵਕੀਲਾਂ, ਰੋਟਰੀ ਕਲੱਬ, ਹਿਮਾਲੀਅਨ ਰੇਂਜਸ਼ ਮਨਸਾ ਦੇਵੀ ਦੇ ਵਲੰਟੀਅਰਾਂ ਨੇ ਵੀ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 40 ਟੀਮਾਂ ਪੈਰਾ ਲੀਗਲ ਵਲੰਟੀਅਰਜ਼ ਅਤੇ 20 ਟੀਮਾਂ ਲਾਅ ਦੇ ਵਿਦਿਆਰਥੀਆਂ ਦੀਆਂ ਬਣਾਈਆਂ ਗਈਆਂ ਹਨ। ਜਿਹੜੀਆਂ ਕਿ ਵੱਖ ਵੱਖ ਪਿੰਡਾਂ ਅਤੇ ਹੋਰ ਥਾਵਾਂ ਤੇ ਜਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕ ਕਰਨਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਲੀਗਲ ਐਸਿਸਟੈਂਸ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਮੁਹਾਲੀ ਜ਼ਿਲ੍ਹਾ ਕੋਰਟ ਕੰਪਲੈਕਸ, ਖਰੜ ਅਤੇ ਡੇਰਾਬਸੀ ਦੇ ਕੋਰਟ ਕੰਪਲੈਕਸਾਂ ਵਿਚ ਵੀ ਲੀਗਲ ਏਡ ਡੈਸਕ ਸਥਾਪਿਤ ਕੀਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਇੰਨਸਾਫ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਕੋਈ ਵੀ ਲੋੜਵੰਦ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਨਾਲ ਵੀ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਬਹੁਤ ਹੀ ਸਰਲ ਤਰੀਕਾ ਹੈ ਅਤੇ ਲੋੜਵੰਦਾਂ ਨੂੰ ਇਨਸਾਫ ਦੇਣ ਲਈ ਵਕੀਲਾਂ ਦਾ ਪੈਨਲ ਬਣਾਇਆ ਹੋਇਆ ਹੈ ਅਤੇ ਲੋੜਵੰਦਾਂ ਨੂੰ ਵਕੀਲ ਦੀ ਫੀਸ ਵੀ ਨਹੀਂ ਦੇਣੀ ਪੈਂਦੀ। ਇਸ ਫੀਸ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਂਹੀ ਕਰਾਉਣ ਦੀ ਅਪੀਲ ਵੀ ਕੀਤੀ। ਇਨ੍ਹਾਂ ਲੋਕ ਅਦਾਲਤਾਂ ਵਿਚ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਂਦਾ ਹੈ।
ਇਸ ਮੌਕੇ ਸੀ.ਜੇ.ਐਮ. ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਾਲ 2017 ਵਿੱਚ ਹੁਣ ਤੱਕ 547 ਕੇਸਾਂ ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਉਨ੍ਹਾਂ ਹੋਰ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਸਰਕਾਰੀ ਸਕੂਲਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਲੇਖ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੈਰਾ ਲੀਗਲ ਵਲੰਟੀਅਰ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੁਕ ਕਰਨ ਲਈ ਪਿੰਡਾਂ ਵਿੱਚ ਜਾ ਕੇ ਘਰ ਘਰ ਜਾਗਰੂਕਤਾ ਸਮੱਗਰੀ ਵੰਡਣਗੇ ਤਾਂ ਜੋ ਲੋੜਵੰਦ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਕੇ ਇਨਸਾਫ ਹਾਸਲ ਕਰ ਸਕਣ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਨਸੁਰ ਬੇਰੀ, ਸ੍ਰੀ ਸੰਜੇ ਅਗਨੀਹੋਤਰੀ, ਸ੍ਰੀ ਜਸਵਿੰਦਰ ਸਿੰਘ, ਮਿਸ ਗੀਰਿਸ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਨੋਡਲ ਅਫਸਰ ਪੁਨੀਤ ਮੋਹਨ ਸ਼ਰਮਾ,ਸਿਵਲ ਜੱਜ ਸ੍ਰੀ ਅਮਿੱਤ ਥਿੰਦ,ਸਿਵਲ ਜੱਜ ਮੈਜੀਸਟਰੇਟ ਵਿਪਨਦੀਪ ਕੌਰ, ਵਧੀਕ ਸਿਵਲ ਜੱਜ ਸ੍ਰੀ ਹਰਪ੍ਰੀਤ ਸਿੰਘ, ਸਿਵਲ ਜੱਜ ਯੂਨੀਅਰ ਡਵੀਜਨ ਪਾਰੁਲ,ਹਰਜਿੰਦਰ ਕੌਰ, ਜੋਸਿਕਾ ਸੂਦ ਸਮੇਤ ਸ੍ਰੀ ਅਮਰਜੀਤ ਸਿੰਘ ਲੌਗੀਆਂ ਪ੍ਰਧਾਨ ਬਾਰ ਐਸੋਸੀਏਸ਼ਨ, ਯੂਨੀਵਰਸ ਲਾਅ ਕਾਲਜ ਦੇ ਵਿਦਿਆਰਥੀ ਅਤੇ ਆਰਮੀ ਲਾਅ ਇੰਸਟੀਚਿਊਟ ਦੇ ਵਿਦਿਆਰਥੀ ਵੀ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …