nabaz-e-punjab.com

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਹਾੜੀ ਤੇ ਸਾਉਣੀ ਦੀ ਸਫ਼ਲ ਖਰੀਦ ਲਈ ਕੈਪਟਨ ਸਰਕਾਰ ਦੀ ਸ਼ਲਾਘਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਨਵੰਬਰ:
ਇਸ ਸਾਲ ਮਾਰਚ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਹਾੜ੍ਹੀ ਅਤੇ ਸਾਉਣੀ ਦੀਆਂ ਲਗਾਤਾਰ ਦੋ ਫਸਲਾਂ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਸਫਲਤਾ ਦੀ ਪੰਜਾਬ ਵਿਧਾਨ ਸਭਾ ਨੇ ਇਕ ਮਤਾ ਪਾਸ ਕਰਕੇ ਪ੍ਰਸ਼ੰਸਾ ਕੀਤੀ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤੇ ਮਤੇ ਵਿੱਚ ਕਿਹਾ ਗਿਆ ਹੈ, ‘‘ਸਦਨ ਇਸ ਸਾਲ ਹਾੜ੍ਹੀ ਅਤੇ ਸਾਉਣੀ ਦੌਰਾਨ ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਬਿਨਾਂ ਅੜਚਣ ਖਰੀਦ ਲਈ ਸਰਕਾਰ ਦੀ ਡੂੰਘੀ ਸ਼ਲਾਘਾ ਕਰਦਾ ਹੈ। ਇਸ ਪ੍ਰਸਤਾਵ ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵਾੜਿੰਗ ਨੇ ਇਸ ਇਤਿਹਾਸਕ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਨੂੰ ਦਿੱਤਾ ਅਤੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖਰੀਦ ਦੇ ਦੋਵਾਂ ਸੀਜ਼ਨਾਂ ਦੌਰਾਨ ਬਿਨਾ ਅੜਚਣ ਖਰੀਦ ਨੂੰ ਯਕੀਨੀ ਬਣਾਇਆ ਹੈ ਜੋ ਕਿ ਇਕ ਵੱਡੀ ਪ੍ਰਾਪਤੀ ਹੈ।
ਸ੍ਰੀ ਵੜਿੰਗ ਨੇ ਕਿਹਾ ਕਿ ਸੂਬਾ ਦੀ ਸੱਤਾ ਸੰਭਾਲਣ ਤੋਂ ਤੁੰਰਤ ਬਾਅਦ ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਨੇ ਹਾੜ੍ਹੀ ਸੀਜ਼ਨ ਦੌਰਾਨ 165.80 ਲੱਖ ਮੀਟ੍ਰਿਕ ਟਨ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਿਸ ਦੇ ਨਾਲ ਸੂਬੇ ਦੇ ਲੱਖਾਂ ਕਿਸਾਨਾਂ ਨੂੰ ਰਾਹਤ ਮਿਲੀ। ਇਸੇ ਤਰ੍ਹਾਂ ਹੀ ਸਾਉਣੀ ਦੇ ਚਾਲੂ ਸੀਜ਼ਨ ਦੌਰਾਨ ਪਹਿਲਾਂ ਹੀ 192 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਝੋਨੇ ਦੀ ਆਮ ਕਿਸਮ ਦਾ ਭਾਅ 1470 ਰੁਪਏ ਤੋਂ 1550 ਰੁਪਏ ਅਤੇ ਗਰੇਡ-ਏ ਦੇ ਝੋਨੇ ਦਾ ਭਾਅ 1510 ਰੁਪਏ ਤੋਂ ਲੈ ਕੇ 1590 ਦਿਵਾਉਣ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਕੀਤੇ ਗਏ ਵਾਅਦੇ ਦੀ ਸ਼ਲਾਘਾ ਕੀਤੀ। ਫਿਰੋਜ਼ਪੁਰ ਸਿਟੀ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਮੁੱਖ ਮੰਤਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਛੇਤੀ ਅਦਾਇਗੀ ਅਤੇ ਖਰੀਦ ਯਕੀਨੀ ਬਣਾਉਣ ਨਾਲ ਉਨ੍ਹਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ ਅਤੇ ਇਹ ਸਰਕਾਰ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਝਾੜ ਵਾਲੇ ਬੀਜ ਤੇ ਢੁਕਵੇਂ ਕੀਟਨਾਸ਼ਕ ਸਪਲਾਈ ਕੀਤੇ ਜਾਣ ਨਾਲ ਕਿਸਾਨਾਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤੀ ਮਿਲੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਝੋਨੇ ਅਤੇ ਕਣਕ ਦੇ ਬਹੁਤ ਜ਼ਿਆਦਾ ਝਾੜ ਅਤੇ ਮੁਨਾਫਾ ਮਿਲਿਆ ਹੈ।
ਵਿਚਾਰ ਚਰਚਾ ਵਿੱਚ ਹਿੱਸਾ ਲੈਂਦੇ ਹੋਏ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਤਾਂ ਹਰ ਕੋਈ ਕਣਕ ਦੀ ਖਰੀਦ ਬਾਰੇ ਚਿੰਤਤ ਸੀ। ਮੁੱਖ ਮੰਤਰੀ ਦੇ ਨਿੱਜੀ ਯਤਨ ਨਾਲ ਸਮੁੱਚੀ ਪ੍ਰਕਿਰਿਆ ਦਾ ਯੋਗ ਅਤੇ ਕੁਸ਼ਲ ਪ੍ਰਬੰਧ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਸਹੀ ਅਰਥਾਂ ਵਿੱਚ ਫਸਲਾਂ ਦੀ ਉੱਚ ਕੀਮਤ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ। ਨਵੇਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…