ਬਹੁ-ਕਰੋੜੀ ਸਿੰਚਾਈ ਘਪਲੇ ਵਿੱਚ ਵਿਜੀਲੈਂਸ ਵੱਲੋਂ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਗ੍ਰਿਫ਼ਤਾਰ

ਮੁਹਾਲੀ ਦੀ ਅਦਾਲਤ ਨੇ ਮੁਲਜ਼ਮ ਨੂੰ 16 ਦਸੰਬਰ ਤੱਕ ਵਿਜੀਲੈਂਸ ਹਿਰਾਸਤ ਵਿੱਚ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 13 ਦਸੰਬਰ:
ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਸਿੰਚਾਈ ਘੋਟਾਲੇ ਵਿੱਚ ਸ਼ਾਮਲ ਠੇਕੇਦਾਰ ਗੁਰਿੰਦਰ ਸਿੰਘ ਨੂੰ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਇਸ ਘਪਲੇ ਵਿੱਚ ਸ਼ਾਮਲ ਸੇਵਾਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਵੀ ਆਤਮ ਸਮਰਪਣ ਪਿੱਛੋਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਜ਼ਮ ਗੁਰਿੰਦਰ ਸਿੰਘ ਦੀ ਜ਼ਮਾਨਤ ਅਰਜੀ ਨੂੰ ਖਾਰਜ ਦੇ ਹੁਕਮਾਂ ਨੂੰ ਬਰਕਰਾਰ ਰੱਖਦਿਆਂ ਸੁਪਰੀਮ ਕੋਰਟ ਨੇ ਬੀਤੇ 7 ਦਸੰਬਰ ਨੂੰ ਇਸ ਠੇਕੇਦਾਰ ਨੂੰ ਇੱਕ ਹਫਤੇ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਅਤੇ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਉਪਰੰਤ ਠੇਕੇਦਾਰ ਗੁਰਿੰਦਰ ਸਿੰਘ ਅੱਜ ਮੋਹਾਲੀ ਦੀ ਅਦਾਲਤ ਵਿਚ ਖੁਦ ਹੀ ਪੇਸ਼ ਹੋ ਗਿਆ ਜਿਸ ਪਿੱਛੋਂ ਅਦਾਲਤ ਵੱਲੋਂ ਹੋਰ ਤਫ਼ਤੀਸ਼ ਲਈ ਉਸ ਨੂੰ 16 ਦਸੰਬਰ ਤੱਕ ਵਿਜੀਲੈਂਸ ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਿੰਚਾਈ ਵਿਭਾਗ ਪੰਜਾਬ ਵੱਲੋਂ ਈ-ਟੈਂਡਰਾਂ ਰਾਹੀਂ ਅਲਾਟ ਕੀਤੇ ਕਈ ਕੰਮਾਂ ਦੇ ਠੇਕਿਆਂ ਦੀ ਪੜਤਾਲ ਦੌਰਾਨ ਵਿਜੀਲੈਂਸ ਨੇ ਇਹ ਪਾਇਆ ਹੈ ਕਿ ਵਿਭਾਗ ਦੇ ਸੀਨੀਅਰ ਅਫਸਰਾਂ ਨੇ ਪਿਛਲੇ ਸਮੇਂ ਦੌਰਾਨ ਇੱਕੋ ਠੇਕੇਦਾਰ ਗੁਰਿੰਦਰ ਸਿੰਘ ਨੂੰ ਵਿਭਾਗ ਦੇ ਕੱੁਲ ਕੰਮਾਂ ਵਿੱਚੋਂ ਕੀਮਤ ਮੁਤਾਬਿਕ 60 ਫੀਸਦੀ ਤੋਂ ਵੱਧ ਕੰਮ ਨਿਯਮਾਂ ਅਤੇ ਹਦਾਇਤਾਂ ਦੀ ਅਣੇਦਖੀ ਕਰਦਿਆਂ ਅਲਾਟ ਕੀਤੇ ਸਨ। ਅਧਿਕਾਰੀਆਂ ਨੇ ਗੁਰਿੰਦਰ ਸਿੰਘ ਐਂਡ ਕੰਪਨੀ ਨੂੰ ਠੇਕੇ ਅਲਾਟ ਕਰਨ ਵੇਲੇ ਬਹੁਤ ਸਾਰੇ ਕੰਮਾਂ ਦੌਰਾਨ ਪੱਖ ਪੂਰਿਆ ਅਤੇ ਕਈ ਕੰਮਾਂ ਨੂੰ ਜੋੜ ਕੇ ਮਰਜੀ ਦੇ ਟੈਂਡਰ ਬਣਾਕੇ ਇਸ ਕੰਪਨੀ ਨੂੰ ਵੱਧ ਦਰਾਂ ’ਤੇ ਕੰਮਾਂ ਦੇ ਠੇਕੇ ਅਲਾਟ ਕੀਤੇ ਹਨ। ਵਿਜੀਲੈਂਸ ਨੂੰ ਦਸਤਾਵੇਜ਼ਾਂ ਦੀ ਪੜਤਾਲ ਦੌਰਾਨ ਇਹ ਵੀ ਪਤਾ ਲੱਗਾ ਕਿ ਗੁਰਿੰਦਰ ਸਿੰਘ ਐਂਡ ਕੰਪਨੀ ਦਾ ਸਾਲਾਨਾ ਕਾਰੋਬਾਰ ਥੋੜ੍ਹੇ ਸਮੇਂ ਦੇ ਅੰਦਰ ਹੀ 4.50 ਕਰੋੜ ਰੁਪਏ ਤੋਂ ਵਧ ਕੇ 300 ਕਰੋੜ ਰੁਪਏ ਹੋ ਗਿਆ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਸਿੰਚਾਈ ਵਿਭਾਗ ਵਿੱਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਤੇ 13(2) ਸਮੇਤ ਆਈ.ਪੀ.ਸੀ ਦੀ ਧਾਰਾ 406, 420, 467, 468, 471, 477-ਏ ਅਤੇ 120-ਬੀ ਅਧੀਨ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਦੇ ਐਸ.ਏ.ਐਸ ਨਗਰ ਸਥਿਤ ਥਾਣੇ ਵਿਚ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਿਊਰੋ ਵਲੋਂ ਦੋਸ਼ੀ ਠੇਕੇਦਾਰ ਤੋਂ ਹਿਰਾਸਤ ਦੌਰਾਨ ਇਸ ਘੁਟਾਲੇ ਸਬੰਧੀ ਹੋਰ ਗਹਿਰਾਈ ਨਾਲ ਤਫਤੀਸ਼ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…