Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਕਰਜ਼ੇ ਵਿੱਚ ਫਸਾਉਣ ਮਗਰੋਂ ਖ਼ੁਦ ਨੂੰ ‘ਮਸੀਹੇ’ ਵਜੋਂ ਪੇਸ਼ ਕਰਨ ਲਈ ਅਕਾਲੀਆਂ ਦੀ ਅਲੋਚਨਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਬੜ੍ਹਾਵਾ ਦੇਣ ਖਾਤਰ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ‘ਮਸੀਹਾ’ ਪੇਸ਼ ਕਰਨ ਦੀ ਕੋਸ਼ਿਸ਼ ਵਜੋਂ ਕਿਸਾਨ ਕਰਜ਼ਾ ਮੁਆਫੀ ਪੈਕੇਜ ਸਬੰਧੀ ਮਚਾਏ ਜਾ ਰਹੇ ਹੋ-ਹੱਲੇ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ ਹੈ ਜਿਨ੍ਹਾਂ ਨੇ ਆਪਣੇ ਕਾਰਜ ਕਾਲ ਦੌਰਾਨ ਆਪਣੀਆਂ ਹੱਦੋਂ ਘਟੀਆ ਨੀਤੀਆਂ ਦੇ ਨਾਲ ਕਿਸਾਨਾਂ ਨੂੰ ਕਰਜ਼ੇ ਦੇ ਜੰਜਾਲ ਵਿੱਚ ਧੱਕ ਦਿੱਤਾ ਸੀ। ਆਪਣੇ ਇਕ ਦਹਾਕੇ ਦੇ ਲੰਮੇ ਸ਼ਾਸਨ ਦੌਰਾਨ ਕਿਸਾਨਾਂ ਦੇ ਲਈ ਡੱਕਾ-ਦੋਹਰਾ ਨਾ ਕਰਨ ਵਾਲੇ ਅਕਾਲੀਆਂ ਵੱਲੋਂ 90,000 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਪੈਕੇਜ ਦੀ ਕੀਤੀ ਜਾ ਰਹੀ ਮੰਗ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਰਾਸ਼ਾ ਵਿੱਚ ਘਿਰੇ ਹੋਏ ਅਕਾਲੀ ਆਪਣੀ ਸਿਆਸੀ ਹੋਂਦ ਨੂੰ ਸੁਰਜੀਤ ਕਰਨ ਵਾਸਤੇ ਲੋਕਾਂ ਵਿੱਚ ਹਾਜ਼ਰੀ ਲਵਾਉਣ ਲਈ ਮੁੱਦੇ ਲੱਭਣ ਦੀ ਅਸਫਲ ਕੋਸ਼ਿਸ਼ ਕਰ ਰਹੇ ਹਨ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸ੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੇਸ਼ ਕੀਤੇ ਯਾਦ ਪੱਤਰ ’ਤੇ ਤਿੱਖੀ ਪ੍ਰਕਿਰਿਆ ਪ੍ਰਗਟ ਕੀਤੀ ਹੈ ਜਿਸ ਵਿੱਚ ਅਕਾਲੀਆਂ ਨੇ 90,000 ਕਰੋੜ ਦੇ ਕਰਜ਼ੇ ਮੁਆਫ ਕਰਨ ਸਬੰਧੀ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਤੁਸੀਂ ਕਿਸਾਨਾਂ ਦੀ ਹਾਲਤ ਬਾਰੇ ਇਨੇ ਹੀ ਚਿੰਤਿਤ ਹੋ ਤਾਂ ਤੁਸੀਂ ਪਿਛਲੇ 10 ਵਰ੍ਹਿਆਂ ਦੌਰਾਨ ਕਿਸਾਨੀ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੁਝ ਵੀ ਕਿਉਂ ਨਹੀਂ ਕੀਤਾ? ਉਨ੍ਹਾਂ ਨੇ ਇਸ ਨਾਜ਼ੁਕ ਮੁੱਦੇ ਬਾਰੇ ਕੀਤੇ ਜਾ ਰਹੇ ਹੋ-ਹੱਲੇ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਕਿਸਾਨਾਂ ਦੀਆਂ ਤਰਸਯੋਗ ਹਾਲਤਾਂ ਪਿਛਲੀ ਅਕਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਨਤੀਜਾ ਹਨ। ਇਨ੍ਹਾਂ ਨੀਤੀਆਂ ਦੇ ਕਾਰਨ ਸੂਬੇ ਦਾ ਹਰੇਕ ਵਰਗ ਤਰਾਹ-ਤਰਾਹ ਕਰਨ ਲੱਗ ਪਿਆ ਸੀ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲੇ ਅਕਾਲੀਆਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ ਨਾ ਕਿ ਤੋਹਮਤਬਾਜ਼ੀ ਵਿੱਚ ਗਲਤਾਨ ਹੋਣਾ ਚਾਹੀਦਾ ਹੈ ਕਿਉਂਕਿ ਕਾਂਗਰਸ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ’ਤੇ ਲਿਆ ਰਹੀ ਹੈ ਜਿਸ ਨੂੰ ਅਕਾਲੀਆਂ ਨੇ ਤਹਿਸ-ਨਹਿਸ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਰਥਿਕਤਾ ਨੂੰ ਕੁਝ ਹੱਦ ਤੱਕ ਪੈਰਾਂ ’ਤੇ ਲਿਆਂਦਾ ਹੈ ਅਤੇ ਕਰਜ਼ਾ ਮੁਆਫ਼ੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਚੋਖੇ ਫੰਡ ਪੈਦਾ ਕਰਨ ਲਈ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀਆਂ ਵਿੱਚ ਇਸ ਵਾਸਤੇ ਪ੍ਰਭਾਵੀ ਕਾਰਜ ਕੀਤਾ ਗਿਆ ਹੈ ਪਰ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਬੜ੍ਹਾਵਾ ਦੇਣ ਲਈ ਕਿਸਾਨੀ ਕਰਜ਼ੇ ਮੁਆਫੀ ਦੇ ਮੁੱਦੇ ਨਾਲ ਖੇਡਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਮੁਕੰਮਲ ਕਰਜ਼ੇ ਮੁਆਫੀ ਦੀ ਮੰਗ ਨਾ ਕੇਵਲ ਸੂਬੇ ਦੀਆਂ ਜ਼ਮੀਨੀ ਹਾਲਤਾਂ ਬਾਰੇ ਉਨ੍ਹਾਂ ਦੀ ਸਮਝ ਦੇ ਦਵਾਲੀਏਪਨ ਨੂੰ ਨੰਗਾ ਕਰਦੀ ਹੈ ਸਗੋਂ ਲੋਕਾਂ ਵਿੱਚ ਮੁੜ ਉਭਰਨ ਦੀ ਨਿਰਾਸ਼ਾਜਨਕ ਕੋਸ਼ਿਸ਼ ਦਾ ਵੀ ਪ੍ਰਗਟਾਵਾ ਕਰਦੀ ਹੈ ਕਿਉਂਕਿ ਇਹ ਪਿਛਲੇ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ 11 ਮਹੀਨਿਆਂ ਤੋਂ ਪੂਰੀ ਤਰ੍ਹਾਂ ਸਿਆਸੀ ਖੇਤਰ ਵਿੱਚ ਨੁਕਰੇ ਲੱਗੇ ਹੋਏ ਹਨ। ਬੇਅਦਬੀ ਮਾਮਲਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਅਜਿਹੇ ਕੇਸਾਂ ਵਿੱਚ ਨੰਗਾ ਹੋਣ ਦੇ ਡਰੋਂ ਆਪਣੀ ਚਮੜੀ ਬਚਾਉਣ ਦੇ ਲਈ ਢੰਗ-ਤਰੀਕੇ ਲੱਭਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਦਾਅ-ਪੇਚ ਉਨ੍ਹਾਂ ਦੀ ਕੋਈ ਮਦਦ ਨਹੀਂ ਕਰ ਸਕਦੇ ਅਤੇ ਉਨ੍ਹਾਂ ਨੂੰ ਆਪਣੇ ਇਕ ਦਹਾਕੇ ਦੇ ਕੁਸ਼ਾਸਨ ਅਤੇ ਮਾੜੇ ਕਾਰਜਾਂ ਤੋਂ ਬਚ ਨਹੀਂ ਸਕਦੇ। ਮੁੱਖ ਮੰਤਰੀ ਨੇ ਅਕਾਲੀਆਂ ਨੂੰ ਉਸਾਰੂ ਵਿਰੋਧੀ ਧਿਰ ਵਜੋਂ ਕਾਰਜ ਕਰਨ ਦੀ ਅਪੀਲ ਕੀਤੀ ਅਤੇ ਸੂਬੇ ਦੇ ਵਿਕਾਸ ਅਤੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦਾ ਸਾਥ ਦੇਣ ਲਈ ਆਖਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ