ਚੰਦੂਮਾਜਰਾ ਪਿਊ ਪੁੱਤ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨਾਲ ਮੁਲਾਕਾਤ

ਹਰਿਆਣਾ ਦੇ ਸਕੂਲਾਂ ਵਿੱਚ ਸਿੱਖ ਇਤਿਹਾਸ ਬਾਰੇ ਸਿਲੇਬਸ ਸ਼ਾਮਲ ਕਰਨ ਦੀ ਮੰਗ ਰੱਖੀ, ਖੱਟਰ ਵੱਲੋਂ ਪਾਠਕ੍ਰਮ ’ਚ ਸੋਧ ਕਰਨ ਦਾ ਭਰੋਸਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਪੰਜਾਬ ਦੇ ਗੁਆਂਢੀ ਸੂਬਾ ਹਰਿਆਣਾ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਹੋਕਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਸਪੁੱਤਰ ਤੇ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਕਰਕੇ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਨੂੰ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇ। ਸ੍ਰੀ ਚੰਦੂਮਾਜਰਾ ਨੇ ਖੱਟਰ ਨਾਲ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਇਹ ਮੁੱਦਾ ਉੱਠਿਆ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਇਤਿਹਾਸ ਨੂੰ ਹਰਿਆਣਾ ਦੇ ਸਕੂਲੀ ਸਿਲੇਬਸ ਵਿੱਚ ਸ਼ਾਮਲ ਕਰਵਾਉਣ ਲਈ ਯਤਨ ਕੀਤੇ ਜਾਣ। ਅਕਾਲੀ ਦਲ ਵੱਲੋਂ ਇਸ ਕੰਮ ਲਈ ਸ੍ਰੀ ਚੰਦੂਮਾਜਰਾ ਦੀ ਜ਼ਿੰਮੇਵਾਰੀ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਗੂਹਲਾ ਚੀਕਾ ਖੇਤਰ ਵਿੱਚ ਕੁਝ ਸਮਾਂ ਪਹਿਲਾਂ ਹੋਈ ਕਾਨਫਰੰਸ ਵਿੱਚ ਲੋਕਾਂ ਵੱਲੋਂ ਇਹ ਮੰਗ ਚੁੱਕੀ ਗਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕ ਸਭਾ ਵਿੱਚ ਵੀ ਗੁਰੂ ਸਾਹਿਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਇਤਿਹਾਸ ਹਰਿਆਣਾ ਦੇ ਸਿਲੇਬਸ ਵਿੱਚ ਸ਼ਾਮਲ ਕਰਨ ਦੀ ਮੰਗ ਰੱਖੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਭਰੋਸਾ ਦਿੱਤਾ ਕਿ ਹਰਿਆਣਾ ਦੇ ਸਕੂਲਾਂ ਦੇ ਪਾਠਕ੍ਰਮ ਨੂੰ ਜਲਦੀ ਸੋਧ ਕੇ ਗੁਰੂ ਸਾਹਿਬ ਅਤੇ ਬਾਬਾ ਜੀ ਦਾ ਇਤਿਹਾਸ ਸ਼ਾਮਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…