ਸਿੱਖਿਆ ਵਿਭਾਗ ਦੀਆਂ ਸਮੂਹ ਸੁਸਾਇਟੀਆਂ ਅਧੀਨ ਕੰਮ ਕਰਦੀਆਂ ਜਥੇਬੰਦੀਆਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ

ਪ੍ਰਸ਼ਾਸਨ ਵੱਲੋਂ ਗੱਲ ਨਾ ਸੁਣਨ ’ਤੇ ਮੁਲਾਜ਼ਮਾਂ ਵੱਲੋਂ 1 ਕਿਲੋਮੀਟਰ ਲੰਮਾ ਰੋਸ ਮਾਰਚ ਕਰਨ ਉਪਰੰਤ ਚੱਕਾ ਜਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਹੋਈ ਗੱਲਬਾਤ ਅਨੁਸਾਰ ਡੀਜੀਐੱਸਈ ਅਧੀਨ ਕੰਮ ਕਰ ਰਹੀਆਂ ਸਮੂਹ ਸੁਸਾਇਟੀਆਂ ਦੇ ਮੁਲਾਜ਼ਮਾਂ ਨੂੰ ਬੇਸਿੱਕ ਤਨਖ਼ਾਹ ਉੱਤੇ ਵਿਭਾਗ ਵਿੱਚ ਲੈਣ ਸੰਬੰਧੀ ਛਪੀ ਖ਼ਬਰ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਅੱਜ ਸਮੂਹ ਸੁਸਾਇਟੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਮੁਹਾਲੀ ਵਿੱਚ ਸਿੱਖਿਆ ਭਵਨ ਦਾ ਘਿਰਾਓ ਕੀਤਾ ਅਤੇ ਸੂਬਾ ਪੱਧਰੀ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਗਈ। ਇਸ ਰੋਸ ਰੈਲੀ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ,ਮਾਡਲ ਅਤੇ ਆਦਰਸ਼ ਕਰਮਚਾਰੀ ਯੂਨੀਅਨ ਪੰਜਾਬ,ਐੱਸ.ਐੱਸ.ਏ. ਦਫਤਰੀ ਕਰਮਚਾਰੀ ਯੂਨੀਅਨ ਪੰਜਾਬ,ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ,ਆਈ.ਈ.ਆਰ.ਟੀ. ਯੂਨੀਅਨ ਪੰਜਾਬ,ਗੌਰਮਿੰਟ ਆਦਰਸ਼ ਅਤੇ ਮਾਡਲ ਸਕੂਲ ਕਰਮਚਾਰੀ ਯੂਨੀਅਨ ਪੰਜਾਬ ਅਤੇ ਐਕਸ਼ਨ ਕਮੇਟੀ ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸਮੂਹ ਹਾਜ਼ਰ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਬਣੀ ਸਬ-ਕਮੇਟੀ ਵੱਲੋਂ 12-12 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਮੁੱਢਲੀ ਤਨਖ਼ਾਹ ਦੇਣ ਦੀ ਸਿਫਾਰਸ਼ ਕਰਨਾ,ਨਾ ਸਿਰਫ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਭੱਜਣਾ ਹੈ ਸਗੋਂ ਨੈਤਿਕਤਾ, ਸਥਾਪਿਤ ਨਿਯਮਾਂ ਅਤੇ ਸੰਵਿਧਾਨਕ ਵਿਵਸਥਾਵਾਂ ਦੀਆਂ ਧੱਜੀਆਂ ਉਡਾਉਣ ਦੇ ਰਿਕਾਰਡ ਤੋੜਨਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੌਜੂਦਾ ਸਰਕਾਰ 12-12 ਸਾਲਾਂ ਤੋਂ ਮਾੜੀਆਂ ਸਰਵਿਸ ਕੰਡੀਸ਼ਨਾਂ ਅਤੇ ਘੱਟ ਤਨਖਾਹਾਂ ਉੱਤੇ ਕੰਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਬਣਦਾ ਹੱਕ ਦੇਣ ਦੀ ਬਜਾਇ ਸ਼ੋਸ਼ਣ ਅਤੇ ਧੱਕੇ ਦੀ ਨੀਤੀ ਨੂੰ ਹੋਰ ਅੱਗੇ ਤੋਰਨ ਲਈ ਬਜਿੱਦ ਹੋਈ ਬੈਠੀ ਹੈ।
ਇਸ ਮੌਕੇ ਸੂਬਾ ਆਗੂ ਗੁਰਵਿੰਦਰ ਸਿੰਘ ਤਰਨਤਾਰਨ ਨੇ ਕਿਹਾ ਕਿ ਇੱਕ ਪਾਸੇ ਸਿੱਖਿਆ ਅਧਿਕਾਰ ਕਾਨੂੰਨ ਜਿਹਾ ਮੌਲਿਕ ਅਧਿਕਾਰ ਹੈ ਜੋ ਸਭ ਕਿਸਮ ਦੇ ਅਧਿਆਪਕਾਂ ਨੂੰ ਰੈਗੂਲਰ ਅਤੇ ਇੱਕਸਮਾਨ ਤਨਖਾਹ, ਭੱਤੇ, ਮੈਡੀਕਲ ਸਹੂਲਤਾਂ ਅਤੇ ਬਾਕੀ ਸਹੂਲਤਾਂ ਦੇਣ ਦੀ ਵਿਵਸਥਾ ਕਰਦਾ ਹੈ ਅਤੇ ਸੁਪਰੀਮ ਕੋਰਟ ਦੁਆਰਾ ਸਾਰੇ ਕਰਮਚਾਰੀਆਂ, ਸਮੇਤ ਠੇਕਾ ਕਰਮਚਾਰੀਆਂ, ਨੂੰ ਇੱਕਸਮਾਨ ਤਨਖਾਹ ਦੇਣ ਦਾ ਫੈਸਲਾ ਸੁਣਾਇਆ ਗਿਆ ਹੈ, ਦੂਜੇ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਭਾਰਤੀ ਸੰਵਿਧਾਨ ਅਤੇ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਦੇ ਉਲਟ 12-12 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਮੁੱਢਲੀ ਤਨਖਾਹ ਦੇਣ ਜਿਹੇ ਫੈਸਲੇ ਕਰ ਕੇ ਇਹਨਾਂ ਵਿਵਸਥਾਵਾਂ ਦਾ ਮੂੰਹ ਚਿੜ੍ਹਾ ਰਹੀ ਹੈ। ਰੈਗਲੂਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਬਾਕੀ ਰਾਜਾਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਕੇਂਦਰੀ ਸਕੀਮਾਂ ਤਹਿਤ ਸਿੱਖਿਆ ਵਿਭਾਗ ਵਿੱਚ ਭਰਤੀ ਕੀਤੇ ਸਾਰੇ ਮੁਲਾਜ਼ਮ ਵਿਭਾਗ ਵਿੱਚ ਰੈਗੂਲਰ ਤੌਰ ਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਨੂੰ ਕੇਂਦਰ ਤੋਂ ਪ੍ਰਾਪਤ ਹੋਣ ਵਾਲੀਆਂ ਗ੍ਰਾਟਾਂ ਵੀ ਬਿਨਾ ਕਿਸੇ ਰੁਕਾਵਟ ਤੋਂ ਮਿਲ ਰਹੀਆਂ ਹਨ। ਪ੍ਰੰਤੂ ਪੰਜਾਬ ਸਰਕਾਰ ਬਿਨ੍ਹਾਂ ਵਜ੍ਹਾ ਬਹਾਨਾ ਬਣਾ ਕੇ ਮੁਲਾਜ਼ਮਾਂ ਨੂੰ ਸ਼ੋਸ਼ਣ ਦੇ ਰਾਹ ਧੱਕਣ ਦੀ ਨੀਤੀ ਬਣਾ ਰਹੀ ਹੈ।
ਉਹਨਾਂ ਮੰਗ ਕੀਤੀ ਕਿ ਡੀ.ਜੀ.ਐੱਸ.ਈ. ਅਧੀਨ ਕੰਮ ਕਰ ਰਹੀਆਂ ਸਮੂਹ ਸੁਸਾਇਟੀਆਂ ਦੇ ਮੁਲਾਜ਼ਮਾਂ ਨੂੰ ਬਿਨਾ ਸ਼ਰਤ, ਪੂਰੀ ਤਨਖਾਹ,ਸਾਰੇ ਭੱਤੇ,ਸਾਰੀਆਂ ਸਹੂਲਤਾਂ ਸਮੇਤ ਪੈਨਸ਼ਨਰੀ ਲਾਭਾਂ ਦੇ ਪਿਛਲੀ ਸੇਵਾ ਦਾ ਲਾਭ ਦਿੰਦਿਆਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਕੇ ਇਹਨਾਂ ਮੁਲਾਜ਼ਮਾਂ ਨਾਲ ਦਹਾਕੇ ਭਰ ਤੋਂ ਹੁੰਦਾ ਆ ਰਿਹਾ ਵਿਤਕਰਾ ਦੂਰ ਕੀਤਾ ਜਾਵੇ। ਉਪਰੋਕਤ ਬਿਆਨ ਵਿੱਚ ਵਾਧਾ ਕਰਦਿਆਂ ਸੂਬਾ ਆਗੂ ਆਸ਼ੀਸ਼ ਜੁਲਾਹਾ,ਦੀਦਾਰ ਸਿੰਘ ਮੁੱਦਕੀ, ਹਰਦੀਪ ਟੋਡਰਪੁਰ, ਡਾ.ਅੰਮ੍ਰਿਤਪਾਲ ਸਿੰਘ ਸਿੱਧੂ,ਗੁਰਜਿੰਦਰ ਸਿੰਘ,ਸੁਖਰਾਜ ਸਿੰਘ ਨੇ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਮੇਂ ਸਮੇਂ ਹਦਾਇਤਾਂ ਜਾਰੀ ਕਰਦਿਆਂ ਸਿੱਖਿਆ ਵਿਭਾਗ ਅੰਦਰ ਸੁਸਾਇਟੀਆਂ ਅਧੀਨ ਵੱਖਰੀਆਂ ਸੇਵਾ ਸ਼ਰਤਾਂ ਅਤੇ ਮੁਲਾਜ਼ਮ ਭਰਤੀ ਕਰਨ ਨੂੰ ਗਲਤ ਠਹਿਰਾਇਆ ਸੀ ਅਤੇ ਇਸ ਵਿਵਸਥਾ ਨੂੰ ਠੀਕ ਕਰਨ ਦੀ ਹਦਾਇਤ ਵੀ ਕੀਤੀ ਸੀ, ਪ੍ਰੰਤੂ ਪੰਜਾਬ ਸਰਕਾਰ ਇਸ ਮਸਲੇ ਨੂੰ ਲਗਾਤਾਰ ਲਟਕਾਉਂਦੀ ਆ ਰਹੀ ਹੈ। ਦਸੰਬਰ 2016 ਵਿੱਚ 3 ਸਾਲਾਂ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਮੁਲਾਜ਼ਮਾਂ ਨੂੰ ਤਨਖਾਹ ਪ੍ਰੋਟੈਕਟ ਕਰਕੇ ਰੈਗੂਲਰ ਕਰਨ ਬਾਰੇ ਕਾਨੂੰਨ ਵੀ ਪੰਜਾਬ ਰਾਜ ਦੀ ਵਿਧਾਨ ਸਭਾ ਪਾਸ ਕਰ ਚੁੱਕੀ ਹੈ। ਜਿਸ ਨੂੰ ਲਾਗੂ ਕਰਨ ਦੀ ਬਜਾਇ ਹੁਣ ਪੰਜਾਬ ਸਰਕਾਰ ਅਣ-ਐਲਾਨੀ ਆਰਥਿਕ ਐਮਰਜੈਂਸੀ ਤਹਿਤ ਰੈਗੂਲਰ ਕਰਨ ਦੀ ਆੜ ਵਿੱਚ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਕੱਟ ਲਗਾਉਣ ਦਾ ਕਾਨੂੰਨ ਵਿਰੋਧੀ ਫੈਸਲਾ ਥੋਪਣ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਗੱਲ ਨਾ ਸੁਣਨ ਤੇ ਮੁਲਾਜ਼ਮਾਂ ਵਲੋਂ 1 ਕਿਲੋਮੀਟਰ ਲੰਬਾ ਰੋਸ ਮਾਰਚ ਕਰਨ ਉਪਰੰਤ ਫੇਜ਼ 7 ਦਾ ਚੋਂਕ ਜਾਮ ਕੀਤਾ ਗਿਆ।
ਉਧਰ, ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੇ ਮੌਕੇ ’ਤੇ ਪਹੁੰਚ ਕਿ ਮੰਗ ਪੱਤਰ ਲਿਆ ਗਿਆ ਅਤੇ ਜਥੇਬੰਦੀਆਂ ਦੇ ਪੈਨਲ ਦੀ 8 ਮਾਰਚ ਸਵੇਰੇ 10:30 ਵਜੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਦਾ ਐਲਾਨ ਕੀਤਾ। ਇਸ ਸਮੇਂ ਸਮੂਹ ਮੁਲਾਜ਼ਮਾ ਨੇ ਇਕਜੁੱਟ ਹੋ ਕੇ ਐਲਾਨ ਕੀਤਾ ਕਿ ਉਹਨਾਂ ਨੂੰ ਪੂਰੀ ਤਨਖਾਹ, ਸਾਰੇ ਭੱਤੇ, ਸਾਰੀਆਂ ਸਹੂਲਤਾਂ ਸਮੇਤ ਪੈਨਸ਼ਨਰੀ ਲਾਭਾਂ ਦੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਤੋਂ ਘੱਟ ਕੋਈ ਵੀ ਪ੍ਰਸਤਾਵ ਬਿਲਕੁਲ ਵੀ ਮਨਜ਼ੂਰ ਨਹੀਂ ਹੈ।
ਇਸ ਮੌਕੇ ਹਾਜ਼ਰ ਸਮੂਹ ਮੁਲਾਜ਼ਮਾਂ ਨੇ ਪ੍ਰਣ ਕੀਤਾ ਕਿ ਜੇਕਰ ਭਲਕੇ 7 ਮਾਰਚ 2018 ਦੀ ਕੈਬਨਿਟ ਮੀਟਿੰਗ ਦੌਰਾਨ ਸਰਕਾਰ ਨੇ ਕਿਸੇ ਪ੍ਰਕਾਰ ਦਾ ਮੁਲਾਜ਼ਮ ਵਿਰੋਧੀ ਫੈਸਲਾ ਧੱਕੇ ਨਾਲ ਥੋਪਣ ਦੀ ਕੋਸ਼ਿਸ਼ ਕੀਤੀ ਤਾਂ 8 ਮਾਰਚ ਨੂੰ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 10 ਮਾਰਚ ਨੂੰ ਲੁਧਿਆਣਾ ਵਿਖੇ ਮੀਟਿੰਗ ਉਪਰੰਤ ਅਗਲੇਰੇ ਸੰਘਰਸ਼ ਬਾਰੇ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਭਰਾਤਰੀ ਜੱਥੇਬੰਦੀਆਂ ਡੀ.ਟੀ.ਐੱਫ. ਪੰਜਾਬ ਤੋਂ ਦਿਗਵਿਜੇ ਪਾਲ ਸ਼ਰਮਾ, ਗੌਰਮਿੰਟ ਟੀਚਰ ਯੂਨੀਅਨ ਪੰਜਾਬ ਤੋਂ ਸੁਖਵਿੰਦਰ ਸਿੰਘ ਚਾਹਲ, ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ, ਗੌਰਮਿੰਟ ਸਕੂਲ ਟੀਚਰ ਯੂਨੀਅਨ ਤੋਂ ਵੀਨਾ ਜੰਮੂ, ਡੀ.ਐਮ.ਐੱਫ. ਤੋਂ ਦਵਿੰਦਰ ਸਿੰਘ ਪੂਨੀਆ, ਆਲ ਇੰਡੀਆ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਤੋਂ ਕਰਨੈਲ ਸਿੰਘ ਸੰਧੂ, ਆਲ. ਇੰਡੀਆ. ਸਟੂਡੈਂਟ ਐਸੋਸੀਏਸ਼ਨ ਤੋਂ ਵਿਜੈ ਕੁਮਾਰ, ਲੋਕ ਸੰਘਰਸ਼ ਕਮੇਟੀ ਸਮਰਲਾ ਤੋਂ ਕੁਲਵੰਤ ਤਰਕ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…