ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਸਾਹਿਬ ਭਾਈ ਰਣਜੀਤ ਸਿੰਘ ਨੇ ਵੀ ਕੀਤੀ ਸ਼ਿਰਕਤ

ਮਲਕੀਤ ਸਿੰਘ ਸੈਣੀ\ਕਾਲਾ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਅਪਰੈਲ:
ਸਥਾਨਕ ਸ਼ਹਿਰ ਦੇ ਗੁਰਦੁਆਰਾ ਮਾਤਾ ਗੁਜਰੀ ਜੀ ਸਵਰਾਜ ਨਗਰ,ਖਰੜ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਏ ਗਏ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਾ ਸਿੰਘ ਜੰਡੂ ਅਤੇ ਭਾਈ ਪ੍ਰਭਜੋਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਦੇਵਿੰਦਰ ਸਿੰਘ ਬਰਮੀ ਨੇ ਦੱਸਿਆ ਕਿ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਇਹ ਤਿੰਨ ਦਿਨਾਂ ਗੁਰਮਤਿ ਸਮਾਗਮ ਸਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਨ੍ਹਾਂ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਬਾਬਾ ਲਖਬੀਰ ਸਿੰਘ ਜੀ ਰਤਵਾੜਾ ਸਾਹਿਬ ਵਾਲਿਆ ਨੇ ਆਪਣੇ ਜਥੇ ਨਾਲ ਕਥਾ ਕੀਤਰਨ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਸ੍ਰੀ ਰਹਿਰਾਸ ਪਾਠ ਦੀ ਅਰਦਾਸ ਤੋਂ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਸਮੇਂ ਤੋਂ ਦੇਰ ਰਾਤ ਤੱਕ ਸਜਾਏ ਇਨ੍ਹਾਂ ਦੀਵਾਨਾਂ ਵਿੱਚ ਦੂਰੋ-ਨੇੜਿਓ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮਾਗਮ ਦੇ ਆਖਰੀਲੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਵੀ ਆਪਣੇ ਧਾਰਮਿਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸੰਗਤ ਨੂੰ ਗੁਰੂਆਂ ਦੇ ਦੱਸੇ ਮਾਰਗ ਦੇ ਚੱਲਦਿਆਂ ਸਿੱਖੀ ਸਿਧਾਂਤ ਅਤੇ ਗੁਰਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ। ਭਾਈ ਸਾਹਿਬ ਨੇ ਆਪਣੇ ਭਾਸ਼ਣ ਰਾਹੀਂ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੂੰ ਅੱਗੇ ਆਉਣ ਦੀ ਪਅੀਲ ਕੀਤੀ। ਸਮਾਗਮਾਂ ਦੇ ਤੀਸਰੇ ਦਿਨ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਇਸ ਮੌਕੇ 16 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ।
ਤਿੰਨ ਦਿਨ ਚਲੇ ਇਸ ਸਮਾਗਮ ਵਿੱਚ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕਲੋਨਾਈਜਰ ਰਣਜੀਤ ਸਿੰਘ ਗਿੱਲ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਹਰਭਾਗ ਸਿੰਘ ਦੇਸੂਮਾਜਰਾ ਸਮੇਤ ਦੂਰ ਦੁਰਾਡੇ ਇਲਾਕਿਆਂ ’ਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …