ਪੰਜਾਬ ਵਿੱਚ ਸਥਾਪਿਤ ਕੀਤਾ ਜਾਵੇਗਾ ਵਿਸ਼ੇਸ਼ ਮੀਟ ਪ੍ਰੋਸੈਸਿੰਗ ਪਲਾਂਟ : ਸਿੱਧੂ

ਪਸ਼ੂ ਪਾਲਣ ਵਿਭਾਗ ਵੱਲੋਂ ਹਰ ਜ਼ਿਲ੍ਹੇ ਦੇ 500 ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਖਰੜ, 2 ਮਈ:
ਪਸ਼ੂ ਪਾਲਣ ਅਤੇ ਡੇਅਰੀ ਦੋ ਅਜਿਹੇ ਖੇਤਰ ਹਨ ਜਿਹੜੇ ਸੂਬੇ ਨੂੰ ਬੁਲੰਦੀਆਂ ’ਤੇ ਪਹੁੰਚਾ ਸਕਦੇ ਹਨ ਤੇ ਪੰਜਾਬ ਵਿੱਚ ਸੂਰ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੀਟ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤਾ ਜਾਵੇਗਾ, ਜਿਸ ਰਾਹੀਂ ਪੈਕ ਕੀਤਾ ਮੀਟ ਉੱਤਰ-ਪੂਰਬੀ ਸੂਬਿਆਂ ਅਤੇ ਵਿਦੇਸ਼ਾਂ ਨੂੰ ਸਪਲਾਈ ਕੀਤਾ ਜਾਵੇਗਾ। ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ ’ਤੇ ਖੜ੍ਹਾ ਕਰਨ ਲਈ ਹਰ ਜ਼ਿਲ੍ਹੇ ਦੇ 500 ਨੌਜਵਾਨਾਂ ਨੂੰ ਇੱਕ ਸਾਲ ਵਿੱਚ ਪਸ਼ੂ ਪਾਲਣ ਦੀ ਮੁਫ਼ਤ ਸਿਖਲਾਈ ਵੀ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਈਵਸਟਾਕ ਕੰਪਲੈਕਸ, ਸੈਕਟਰ 68, ਐਸ.ਏ.ਐਸ. ਨਗਰ ਵਿਖੇ ਪ੍ਰੋਸੈਸਿੰਗ ਪਲਾਂਟ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਮਰਜੀਤ ਸਿੰਘ ਅਤੇ ਮਾਰਕਫੈੱਡ ਤੇ ਨੈਸ਼ਨਲ ਕੋਆਪਰੇਟਿਵ ਡਿਵਲਪਮੈਂਟ ਕਾਰਪੋਰੇਸ਼ਨ (ਐਨ.ਸੀ.ਡੀ.ਸੀ.) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਇਸ ਮੌਕੇ ਸੂਬੇ ਦੇ ਸਫ਼ਲ ਪਸ਼ੂ ਪਾਲਕਾਂ ਨਾਲ ਵੀ ਮੁਲਾਕਾਤ ਕਰ ਕੇ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਸ੍ਰੀ ਸਿੱਧੂ ਨੇ ਪਸ਼ੂ ਪਾਲਣ ਵਿਭਾਗ, ਮਾਰਕਫੈੱਡ ਅਤੇ ਐਨ.ਸੀ.ਡੀ.ਸੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉੱਤਰ-ਪੂਰਬੀ ਰਾਜਾਂ ਅਤੇ ਵਿਦੇਸ਼ਾਂ ਵਿੱਚ ਮੀਟ ਸਪਲਾਈ ਕੀਤੇ ਜਾਣ ਦੀਆਂ ਸੰਭਾਵਨਾਵਾਂ ਦੀ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਉਸ ਉਪਰੰਤ ਸੂਰਾਂ ਸਬੰਧੀ ਵਿਸ਼ੇਸ਼ ਮੀਟ ਪ੍ਰੋਸੈਸਿੰਗ ਪਲਾਂਟ ਸਬੰਧੀ ਵੀ ਖਰੜਾ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਰ ਪਾਲਣ ਦਾ ਧੰਦਾ ਹੋਰਨਾਂ ਸਹਾਇਕ ਧੰਦਿਆਂ ਮੁਕਾਬਲੇ ਸਭ ਤੋਂ ਵੱਧ ਕਾਮਯਾਬ ਹੋ ਸਕਦਾ ਹੈ ਕਿਉਂਕਿ ਇਸ ਧੰਦੇ ਲਈ ਜ਼ਿਆਦਾ ਜ਼ਮੀਨ ਦੀ ਲੋੜ ਨਹੀਂ ਹੈ ਅਤੇ ਘੱਟ ਲਾਗਤ ਨਾਲ ਹੀ ਇਹ ਧੰਦਾ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸੂਰੀ ਤੋਂ ਪਸ਼ੂ ਪਾਲਕਾਂ ਨੂੰ 3500 ਰੁਪਏ ਪ੍ਰਤੀ ਮਹੀਨਾ ਤੱਕ ਬੱਚਤ ਹੋ ਸਕਦੀ ਹੈ। ਇਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਖੇਤਰ ਵਿੱਚ ਪੈਰ ਧਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ 25 ਫੀਸਦ ਤੱਕ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਮੀਟਿੰਗ ਉਪਰੰਤ ਪਸ਼ੂ ਪਾਲਣ ਮੰਤਰੀ ਨੇ ਪਿੰਡ ਪੜਛ ਸਥਿਤ ਪਸ਼ੂ ਡਿਸਪੈਂਸਰੀ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਹਰ ਹਾਲ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਡਿਸਪੈਂਸਰੀ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਡਿਸਪੈਂਸਰੀ ਸਬੰਧੀ ਸਾਰੀਆਂ ਕਮੀਆਂ ਦੂਰ ਕੀਤੀਆਂ ਜਾਣ ਅਤੇ ਇਸ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਇਸ ਡਿਸਪੈਂਸਰੀ ਨੂੂੰ ਅਪਗਰੇਡ ਕੀਤਾ ਜਾਵੇਗਾ ਅਤੇ ਇਸ ਦੇ ਇੱਕ ਹਿੱਸੇ ਨੂੰ ਪਸ਼ੂ ਫਾਰਮ ਵਜੋਂ ਵਿਕਸਿਤ ਕਰ ਕੇ ਪਾਇਲਟ ਪ੍ਰੋਜੈਕਟ ਵਜੋਂ ਪਹਿਲਾਂ ਉੱਥੇ ਬਟੇਰ ਅਤੇ ਕੜਕਨਾਥ ਦੇ ਬੱਚੇ ਰੱਖੇ ਜਾਣਗੇ, ਜਿਹੜੇ ਬਾਅਦ ਵਿੱਚ ਪਸ਼ੂ ਪਾਲਕਾਂ ਨੂੰ ਸਪਲਾਈ ਕੀਤੇ ਜਾਣਗੇ।
ਪਿੰਡ ਪੜਛ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ ਇਸ ਪਿੰਡ ਅਤੇ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਇੱਕ ਹਫ਼ਤੇ ਦੀ ਟ੍ਰੇਨਿੰਗ ਮਈ ਮਹੀਨੇ ਵਿੱਚ ਹੀ ਕਰਵਾ ਕੇ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਿਰਤ ਸੱਭਿਆਚਾਰ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਲਈ ਪੇ੍ਰਰਿਆ। ਸ. ਸਿੱਧੂ ਨੇ ਕਿਹਾ ਕਿ ਮੰਤਰੀ ਦੇ ਰੂਪ ਵਿੱਚ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਸ਼ੂਆਂ ਸਬੰਧੀ ਸਾਰੀਆਂ ਸਮੱਸਿਆਵਾਂ ਨੂੰ ਉਹ ਹਰ ਹਾਲ ਹੱਲ ਕਰਨਗੇ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਮਰਜੀਤ ਸਿੰਘ, ਸੈਂਟਰਲ ਪੋਲਟਰੀ ਡਿਵੈਲਮੈਂਟ ਆਰਗੇਨਾਈਜ਼ੇਸ਼ਨ, ਚੰਡੀਗੜ੍ਹ ਦੇ ਡਾਇਰੈਕਟਰ ਡਾ. ਐਸ. ਗਨੇਸ਼ਨ, ਸ੍ਰੀ ਸਿੱਧੂੁ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦੇਸ਼ ਦੀਪਕ, ਡਾ. ਸੰਜੀਵ ਖੋਸਲਾ ਅਤੇ ਵੈਟਰਨਰੀ ਅਫਸਰ ਡਾ. ਸੰਗੀਤਾ ਤੂਰ, ਡਾ ਪਰਮਾਤਮਾ ਸਰੂਪ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…