ਐਨਆਈਏ ਵੱਲੋਂ ਮੁਹਾਲੀ ਅਦਾਲਤ ਵਿੱਚ ਜੱਗੀ ਜੌਹਲ ਸਮੇਤ 12 ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਚਾਰ ਮੁਲਜ਼ਮਾਂ ਨੂੰ ਭਗੌੜਾ ਘੋਸ਼ਿਤ ਕੀਤਾ, ਮੁਲਜ਼ਮ ਤਲਜੀਤ ਜਿੰਮੀ ਨੂੰ ਕੇਸ ’ਚੋਂ ਡਿਸਚਾਰਜ ਕਰਨ ਦੀ ਅਰਜ਼ੀ ਦਾਇਰ

ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਆੜ ਵਿੱਚ ਮੀਡੀਆ ਕਰਮੀਆਂ ਨੂੰ ਧੱਕੇ ਪਏ, ਡੀਜੀਪੀ ਦੇ ਦਖ਼ਲ ਤੋਂ ਬਾਅਦ ਪੁਲੀਸ ਨਰਮ ਪਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਮੁਹਾਲੀ ਦੀ ਐਨਆਈਏ ਅਦਾਲਤ ਨੇ ਹਿੰਦੂ ਨੇਤਾ ਰਵਿੰਦਰ ਗੋਸਾਈਂ ਮਾਮਲੇ ਵਿੱਚ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਸਮੇਤ 12 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਜਿਨ੍ਹਾਂ ਵਿੱਚ ਹਰਦੀਪ ਸਿੰਘ ਉਰਫ਼ ਸ਼ੇਰਾ ਅਤੇ ਰਮਨਦੀਪ ਸਿੰਘ ਕੈਨੇਡੀਅਨ ਉਰਫ਼ ਬੱਗਾ, ਧਰਮਿੰਦਰ ਸਿੰਘ ਗੁਗਨੀ, ਅਨਿਲ ਕਾਲਾ, ਪ੍ਰਵੇਜ਼, ਪਹਾੜ ਸਿੰਘ, ਮਲੂਕ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਰਵੀਪਾਲ ਸ਼ਾਮਲ ਹਨ। ਜਿਨ੍ਹਾਂ ਮੁਲਜ਼ਮਾਂ ਵਿਰੁੱਧ ਐਨਆਈਏ ਨੇ ਚਾਰਜਸ਼ੀਟ ਦਾਇਰ ਕੀਤੀ ਹੈ, ਉਨ੍ਹਾਂ ਵਿੱਚ ਜੇਲ੍ਹ ਵਿੱਚ ਫੌਤ ਹੋਏ ਕੈਦੀ ਹਰਮਿੰਦਰ ਸਿੰਘ ਮਿੰਟੂ ਦਾ ਨਾਂ ਵੀ ਸ਼ਾਮਲ ਹੈ। ਜੱਗੀ ਜੌਹਲ ਦੇ ਖ਼ਿਲਾਫ਼ ਕਤਲ ਦੀਆਂ ਵਾਰਦਾਤਾਂ ਲਈ ਮੁਲਜ਼ਮਾਂ ਨੂੰ ਫੰਡਿੰਗ ਕਰਨ ਦਾ ਦੋਸ਼ ਹੈ।
ਉਧਰ, ਐਨਆਈਏ ਦੀ ਅਪੀਲ ’ਤੇ ਅਦਾਲਤ ਨੇ ਚਾਰ ਮੁਲਜ਼ਮਾਂ ਹਰਮੀਤ ਸਿੰਘ, ਗੁਰਸ਼ਰਨਵੀਰ ਸਿੰਘ, ਗੁਰਜੰਟ ਸਿੰਘ ਅਤੇ ਗੁਰਜਿੰਦਰ ਸ਼ਾਸਤਰੀ ਨੂੰ ਭਗੌੜਾ ਮੁਲਜ਼ਮ ਘੋਸ਼ਿਤ ਕੀਤਾ ਗਿਆ ਹੈ ਜਦੋਂਕਿ ਐਨਆਈਏ ਦੇ ਵਕੀਲ ਸੁਰਿੰਦਰ ਸਿੰਘ ਪਰਮਾਰ ਵੱਲੋਂ ਇੱਕ ਮੁਲਜ਼ਮ ਤਲਜੀਤ ਸਿੰਘ ਉਰਫ਼ ਜਿੰਮੀ ਨੂੰ ਇਸ ਕੇਸ ’ਚੋਂ ਡਿਸਚਾਰਜ ਕਰਨ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਐਨਆਈਏ ਵੱਲੋਂ ਜਿੰਮੀ ਨੂੰ ਲੁਧਿਆਣਾ ਵਿੱਚ ਆਰਐਸਐਸ ਦੀ ਸ਼ਾਖਾ ਉੱਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਨਾਮਜ਼ਦ ਕਰਦਿਆਂ ਫਰੀਦਕੋਟ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਐਨਆਈਏ ਨੇ ਜਿੰਮੀ ’ਤੇ ਬਾਕੀ ਮੁਲਜ਼ਮਾਂ ਦੀ ਵਿੱਤੀ ਮਦਦ ਲਈ ਵਿਦੇਸ਼ ’ਚੋਂ ਪੈਸੇ ਮੁਹੱਈਆ ਕਰਵਾਉਣ ਦਾ ਦੋਸ਼ ਲਾਇਆ ਸੀ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ ਲਈ 22 ਮਈ ਦਾ ਦਿਨ ਨਿਰਧਾਰਿਤ ਕੀਤਾ ਹੈ। ਐਨਆਈਏ ਨੇ ਕਰੀਬ 1500 ਪੰਨਿਆਂ ਦੀ ਚਾਰਜਸ਼ੀਟ ਵਿੱਚ 172 ਵਿਅਕਤੀਆਂ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਹੈ।
ਉਧਰ, ਕੇਸ ਦੀ ਸੁਣਵਾਈ ਐਨਆਈਏ ਦੀ ਵਿਸ਼ੇਸ਼ ਅਦਾਲਤ-ਕਮ-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਂਸਲ ਬੇਰੀ ਦੀ ਅਦਾਲਤ ਵਿੱਚ ਹੋਈ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਕਤ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਮੀਡੀਆ ਕਰਮੀਆਂ ਨੂੰ ਪੁਲੀਸ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਣਾ ਪਿਆ। ਮੀਡੀਆ ਕਰਮੀਆਂ ਨੇ ਪਹਿਲਾਂ ਪੁਲੀਸ ਵਧੀਕੀਆਂ ਦਾ ਮਾਮਲਾ ਐਸਐਸਪੀ ਦੇ ਧਿਆਨ ਵਿੱਚ ਲਿਆਂਦਾ ਗਿਆ ਲੇਕਿਨ ਜਦੋਂ ਕੋਈ ਗੱਲ ਨਹੀਂ ਬਣੀ ਤਾਂ ਮੀਡੀਆ ਨੂੰ ਡੀਜੀਪੀ ਤੱਕ ਪਹੁੰਚ ਕਰਨੀ ਹੈ ਅਤੇ ਪੁਲੀਸ ਮੁਖੀ ਦੇ ਦਖ਼ਲ ਤੋਂ ਬਾਅਦ ਹੀ ਪੁਲੀਸ ਨਰਮ ਪਈ।
ਜਾਣਕਾਰੀ ਅਨੁਸਾਰ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਪੰਜਾਬ ਵਿੱਚ ਪਿੱਛੇ ਜਿਹੇ ਵਾਪਰੀਆਂ ਹਿੰਦੂ ਆਗੂਆਂ ਦੇ ਕਤਲਾਂ ਦੀ ਵਾਰਦਾਤਾਂ ਵਿੱਚ ਜੱਗੀ ਜੌਹਲ ਸਮੇਤ ਬਾਕੀ ਹੋਰਨਾਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਮੁਹਾਲੀ ਵਿੱਚ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਚਲ ਰਹੀ ਹੈ।
(ਬਾਕਸ ਆਈਟਮ)
ਡੀਐਸਪੀ ਅਮਰੋਜ਼ ਸਿੰਘ ਨੇ ਪੁਲੀਸ ਦਾ ਪੱਖ ਰੱਖਦਿਆਂ ਕਿਹਾ ਕਿ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਪੇਸ਼ੀ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਗਏ ਸੀ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਦੇ ਮੱਦੇਨਜ਼ਰ ਜੇਕਰ ਸਰਕਾਰੀ ਡਿਊਟੀ ਨਿਭਾਉਂਦਿਆਂ ਕਿਸੇ ਮੀਡੀਆ ਕਰਮੀ ਦੇ ਮਨ ਨੂੰ ਠੇਸ ਪੁੱਜੀ ਹੈ ਤਾਂ ਉਸ ਦਾ ਉਨ੍ਹਾਂ ਨੂੰ ਬਹੁਤ ਅਫ਼ਸੋਸ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…