ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਪੂਰੇ ਕੀਤੇ ਜਾਣਗੇ ਸਾਰੇ ਪ੍ਰਾਜੈਕਟ: ਬਾਜਵਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ ਭਵਨ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਵੱਖ ਵੱਖ ਵਿਕਾਸ ਕੰਮਾਂ ਦੇ ਮਿਆਰ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਪੂਰੀ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਚੰਗਾ ਪ੍ਰਸ਼ਾਸਨ ਅਤੇ ਵਿਕਾਸ ਕੰਮਾਂ ਦੇ ਮਿਆਰ ਸਬੰਧੀ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕਰਦੇ ਹੋਏ ਪ੍ਰਾਜੈਕਟਾਂ ਨੂੰ ਵੇਲੇ ਸਿਰ ਪੂਰਾ ਕਰਨਾ ਕੈਪਟਨ ਸਰਕਾਰ ਦੀਆਂ ਤਰਜੀਹਾਂ ’ਚੋਂ ਇਕ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਇੱਥੋਂ ਦੇ ਪੁੱਡਾ ਭਵਨ ਵਿੱਚ ਉੱਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਪ੍ਰਾਜੈਕਟਾਂ ਦੀ ਸਮੀਖਿਆ ਵੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਛੇਤੀ ਆਟੋਮੇਟਿਡ ਇਲੈਕਟਰਾਨਿਕ ਸਿਸਟਮ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਵੇਲੇ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਪੁੱਡਾ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸ਼ਹਿਰਾਂ/ਕਸਬਿਆਂ ਸਬੰਧੀ ਮਾਸਟਰ ਪਲੈਨਾਂ ਦੀ ਡਿਜੀਟਾਈਜ਼ੇਸ਼ਨ, ਆਈ.ਟੀ. ਸਬੰਧੀ ਉੱਦਮ, ਨਵੀਆਂ ਨੀਤੀਆਂ ਆਦਿ ਉਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਸ੍ਰੀ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਲੋਕਾਂ ਦੀ ਸਹੂਲਤ ਲਈ ਤਹਿ ਦਿਲੋਂ ਪੂਰੀ ਇਮਾਨਦਾਰੀ ਨਾਲ ਨਿੱਠ ਕੇ ਕੰਮ ਕਰਨ ਅਤੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਿਕਾਸ ਅਥਾਰਟੀਆਂ ਜਿਵੇਂ ਕਿ ਗਮਾਡਾ, ਗਲਾਡਾ, ਏਡੀਏ, ਪੀਡੀਏ, ਜੇਡੀਏ ਅਤੇ ਬੀਡੀਏ ਵੱਲੋਂ ਚਲਾਏ ਜਾ ਰਹੇ ਸਾਰੇ ਪ੍ਰਾਜੈਕਟ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੰਮ ਦੇ ਮਿਆਰ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਕੰਮ ਦੇ ਮਿਆਰ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਕਮ ਪੁੱਡਾ/ਗਮਾਡਾ ਦੇ ਮੁੱਖ ਪ੍ਰਸ਼ਾਸਕ ਕਮਲ ਕਿਸ਼ੋਰ ਯਾਦਵ, ਵਧੀਕ ਮੁੱਖ ਪ੍ਰਸ਼ਾਸਕ (ਐਫ ਐਂਡ ਏ) ਆਕਾਸ਼ ਗੋਇਲ, ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਭੁਪਿੰਦਰ ਸਿੰਘ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ, ਪੁੱਡਾ ਦੇ ਮੁੱਖ ਇੰਜੀਨੀਅਰ ਰਾਜੀਵ ਮੌਦਗਿੱਲ, ਗਮਾਡਾ ਦੇ ਮੁੱਖ ਇੰਜੀਨੀਅਰ ਸੁਨੀਲ ਕਾਂਸਲ, ਪੁੱਡਾ ਦੇ ਐਸਈ (,ਐਚ.ਕਿਊ.) ਸੁਸ਼ੀਲ ਗੁਪਤਾ, ਅਸਟੇਟ ਅਫਸਰ ਮਹੇਸ਼ ਬਾਂਸਲ ਸਮੇਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…