ਪੰਜਾਬ ਵਿੱਚ ਪਸ਼ੂ ਧਨ ਨੂੰ ਗਲਘੋਟੂ ਬਿਮਾਰੀ ਤੋਂ ਬਚਾਅ ਲਈ 72 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਸਿੱਧੂ

11 ਮਈ ਨੂੰ ਮੁਹਾਲੀ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਹੋਵੇਗੀ ਸ਼ੁਰੂਆਤ, ਵੈਟਰਨਰੀ ਅਫ਼ਸਰ ਤਨਦੇਹੀ ਨਾਲ ਡਿਊਟੀ ਨਿਭਾਉਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਪੰਜਾਬ ਸਰਕਾਰ ਰਾਜ ਵਿੱਚ ਪਸ਼ੂ-ਧਨ ਦੀ ਸਾਂਭ ਸੰਭਾਲ ਲਈ ਹਰ ਸੰਭਵ ਯਤਨ ਕਰੇਗੀ। ਪਸ਼ੂ ਪਾਲਣ ਵਿਭਾਗ ਪੰਜਾਬ ਰਾਜ ਵਿੱਚ ਪਸ਼ੂ ਧਨ ਨੂੰ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ 72 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ ਅਤੇ ਇਹ ਟੀਕਾਕਰਨ ਮੁਹਿੰਮ 11 ਮਈ ਨੂੰ ਮੁਹਾਲੀ ਸਥਿਤ ਗਊਸ਼ਾਲਾ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ੍ਰ:ਬਲਬੀਰ ਸਿੰਘ ਸਿੱਧੂ ਨੇ ਲਾਈਵ ਸਟਾਕ ਭਵਨ, ਐਸ.ਏ.ਐਸ. ਨਗਰ ਵਿਖੇ ਵੈਟਨਰੀ ਅਫਸਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ। ਉਨ੍ਹਾਂ ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਸੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ।
ਸ੍ਰੀ ਸਿੱਧੂ ਨੇ ਇਸ ਮੌਕੇ ਵੈਟਨਰੀ ਅਫਸਰਾਂ ਨੂੰ ਸਮੇਂ ਦਾ ਪਾਬੰਦ ਰਹਿ ਕੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਮੋਬਾਇਲ ਫੋਨ 24 ਘੰਟੇ ਖੁੱਲ੍ਹੇ ਰੱਖਣ ਲਈ ਵੀ ਆਖਿਆ ਤਾਂ ਜੋ ਲੋੜ ਪੈਣ ਤੇ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ’ਚ ਪਸ਼ੂਆਂ ਸਬੰਧੀ ਸੰਸਥਾਵਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ। ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਪੰਜਾਬ ’ਚ ਪਹਾੜੀ ਖੇਤਰ ਵਿਚ ਸੂਰ ਫਾਰਮਿੰਗ, ਬੱਕਰੀ ਪਾਲਣ ਅਤੇ ਮੁਰਗੀ ਪਾਲਣ ਦੇ ਕਿੱਤੇ ਨੂੰ ਵਿਸੇਸ਼ ਤੌਰ ਤੇ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਵਿਚ ਸੂਰ ਫਾਰਮਿੰਗ ਕਿੱਤੇ ਦਾ 11 ਫੀਸਦੀ ਹਿੱਸਾ ਇਕੱਲੇ ਐਸ.ਏ.ਐਸ.ਨਗਰ ਜ਼ਿਲ੍ਹੇ ਵਿਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ’ਚ ਪਹਾੜੀ ਖੇਤਰ ਵਿਚ ਪੈਂਦੇ ਪਿੰਡ ਪੜਛ ਵਿਖੇ ਬੱਕਰੀ ਪਾਲਣ ਫਾਰਮ ਵਿਖੇ 50 ਉੱਦਮੀਆਂ ਨੂੰ ਸੂਰ ਪਾਲਣ, ਬੱਕਰੀ ਪਾਲਣ ਅਤੇ ਮੁਰਗੀ ਪਾਲਣ ਕਿੱਤੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਕਿ ਸਰਟੀਫਿਕੇਟ ਵੀ ਦਿੱਤੇ ਜਾਣਗੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਆਰਥਿਕਤਾ ਦੀ ਮਜ਼ਬੂਤੀ ਲਈ ਸਹਾਇਕ ਧੰਦੇ ਅਪਣਾਉਣੇ ਪੈਣਗੇ, ਜਿੰਨ੍ਹਾਂ ਵਿਚ ਆਮਦਨ ਦੀਆਂ ਵੱਧ ਸੰਭਾਵਨਾਵਾਂ ਮੌਜੂਦ ਹਨ ਅਤੇ ਪਸ਼ੂ ਪਾਲਣ ਵਿਭਾਗ ਕਿਸਾਨਾਂ ਨੂੰ ਡੇਅਰੀ ਅਤੇ ਪਸ਼ੂ ਪਾਲਣ ਵਰਗੇ ਧੰਦੇ ਅਪਣਾਉਣ ਲਈ ਜਾਗਰੂਕ ਕਰੇਗਾ। ਸ੍ਰੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਸ਼ਹਿਰ ਨਿਵਾਸੀਆਂ ਨੂੰ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਤੋਂ ਨਜਾਤ ਦਿਵਾਉਣ ਲਈ ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਸਥਿਤ ਗਊਸ਼ਾਲਾ ਵਿਚ ਭੇਜਿਆ ਜਾਵੇਗਾ ਅਤੇ ਆਵਾਰਾ ਪਸ਼ੂਆਂ ਨੂੰ ਫੜਨ ਲਈ ਪਸ਼ੂ ਪਾਲਣ ਵਿਭਾਗ ਨਗਰ ਨਿਗਮ ਨੂੰ ਆਪਣਾ ਪੂਰਾ ਪੂਰਾ ਸਹਿਯੋਗ ਦੇਵੇਗਾ ਤਾਂ ਜੋ ਆਵਾਰਾ ਪਸ਼ੂਆਂ ਨੂੰ ਨੱਥ ਪਾਈ ਜਾ ਸਕੇ ਅਤੇ ਅਵਾਰਾ ਪਸ਼ੂਆਂ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਸ ਮੌਕੇ ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਮਰਜੀਤ ਸਿੰਘ, ਸਹਾਇਕ ਡਾਇਰੈਕਟਰ ਡਾ: ਨੀਤਿਨ ਕੁਮਾਰ, ਸੰਯੁਕਤ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਮੁਲਤਾਨੀ, ਡਿਪਟੀ ਡਾਇਰੈਕਟਰ ਪ੍ਰਮਾਤਮਾ ਸਰੂਪ ਅਤੇ ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ ਪਸ਼ੂਆਂ ਸਬੰਧੀ ਸੰਸਥਾਵਾਂ ਦੇ 38 ਵੈਟਨਰੀ ਅਫਸਰ ਮੌਜੂਦ ਸਨ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…