ਇਤਿਹਾਸਕ ਗੁਰਦੁਆਰਾ ਚੱਪੜਚਿੜੀ ਤੋਂ ਸਰਹਿੰਦ ਫਤਹਿ ਮਾਰਚ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ ਏ ਜੰਗ ਚੱਪੜਚਿੜੀ ਤੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ‘ਫਤਹਿ ਮਾਰਚ’ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਸਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਅਲੌਕਿਕ ਫਤਹਿ ਮਾਰਚ ਵਿੱਚ ਰਵਾਇਤੀ ਬਾਣੇ ਅਤੇ ਸ਼ਾਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਦੂਰ-ਦੁਰਾਡੇ ਦੀਆਂ ਸੰਗਤਾਂ ਸ਼ਾਮਲ ਹੋਈਆਂ।
ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸਲ ਵਿੱਚ ਬੰਦਾ ਸਿੰਘ ਬਹਾਦਰ ਵੱਲੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸਰਹਿੰਦ ਉੱਤੇ ਫਤਹਿ ਹਾਸਲ ਕਰਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਲਿਆ ਸੀ, ਉੱਥੇ 700 ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰ ਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਸਮੂਹ ਪੰਜਾਬੀਆਂ ਅਤੇ ਸਿੱਖ ਸੰਗਤ ਅਤੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਖੰਡੇ-ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਕਰਨੈਲ ਸਿੰਘ ਪੰਜੋਲੀ, ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਨਿਰਮੈਲ ਸਿੰਘ ਜੌਲਾ ਤੇ ਚਰਨਜੀਤ ਸਿੰਘ ਕਾਲੇਵਾਲ ਅਤੇ ਸੁਰਜੀਤ ਸਿੰਘ ਗੜੀ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਰਣਜੀਤ ਸਿੰਘ ਗਿੱਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਜਸਵਿੰਦਰ ਸਿੰਘ ਜੱਸੀ, ਸਾਧੂ ਸਿੰਘ ਖਲੋਰ, ਬਿਕਰਮ ਸਿੰਘ ਗੀਗੇਮਾਜਰਾ, ਕੁਲਦੀਪ ਕੌਰ ਕੰਗ, ਭਿੰਦਰਜੀਤ ਕੌਰ, ਪਰਮਜੀਤ ਸਿੰਘ ਕਾਹਲੋਂ, ਜਤਿੰਦਰਪਾਲ ਸਿੰਘ ਜੇਪੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਗਗਨਦੀਪ ਸਿੰਘ ਬੈਂਸ ਸਮੇਤ ਅਕਾਲੀ ਵਰਕਰ ਅਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…