ਮਹਿਲਾ ਕਮਿਸ਼ਨ ਦੀ ਮੁਖੀ ਨਾਲ ਬਦਸਲੂਕੀ: ਬੀਬੀ ਲਾਂਡਰਾਂ ਨੇ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਮੰਗਿਆਂ

ਬਦਸਲੂਕੀ ਕਰਨ ਵਾਲੇ ਪੁਲੀਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਪੰਜਾਬ ਦੀਆਂ ਅੌਰਤਾਂ ’ਤੇ ਹੋਣ ਵਾਲੇ ਜਬਰ ਜੁਲਮ, ਵਧੀਕੀਆਂ, ਧੱਕੇਸ਼ਾਹੀਆਂ ਦੇ ਮਸਲੇ ਸੁਲਝਾਉਣ ਲਈ ਭਾਵੇਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਲੇਕਿਨ ਸਿਆਸਤਦਾਨਾਂ ਅਤੇ ਪੁਲੀਸ ਦੇ ਉੱਚ ਅਧਿਕਾਰੀ ਕਮਿਸ਼ਨ ਦੀ ਕੋਈ ਪ੍ਰਵਾਹ ਨਹੀਂ ਕਰਦੇ ਹਨ। ਜਿਸ ਕਾਰਨ ਲਗਾਤਾਰ ਅੌਰਤਾਂ ’ਤੇ ਅੱਤਿਆਚਾਰ ਵਧਦੇ ਜਾ ਰਹੇ ਹਨ। ਇਹੀ ਨਹੀਂ ਮਹਿਲਾ ਕਮਿਸ਼ਨ ਦੀ ਮੌਜੂਦਾ ਚੇਅਰਪਰਸਨ ਮਨੀਸ਼ਾ ਗੁਲਾਟੀ ਜਿਨ੍ਹਾਂ ਨੇ ਅੌਰਤਾਂ ’ਤੇ ਹੁੰਦੇ ਅੱਤਿਆਚਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਹੈ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਹੈ। ਉਨ੍ਹਾਂ ਨੂੰ ਖ਼ੁਦ ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਦੀਆਂ ਵਧੀਕੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
ਉਧਰ, ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਤੇ ਐਸਜੀਸੀਪੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਐਸਐਸਪੀ ਰੈਂਕ ਦੇ ਇੱਕ ਅਧਿਕਾਰੀ ਵੱਲੋਂ ਬੀਤੇ ਦਿਨੀਂ ਕਮਿਸ਼ਨ ਦੀ ਮੌਜੂਦਾ ਚੇਅਰਪਰਸਨ ਨਾਲ ਕਥਿਤ ਬਦਸਲੂਕੀ ਕਰਨ ਦੇ ਮਾਮਲੇ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਮਹਿਲਾ ਕਮਿਸ਼ਨ ਦੇ ਹੱਥ ਮਜ਼ਬੂਤ ਕਰਨ ਲਈ ਸਿਰ ਫਿਰੇ ਰਾਜਸੀ ਆਗੂਆਂ ਅਤੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨੱਥ ਪਾਈ ਜਾਵੇ। ਉਂਜ ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਮਿਆਂ ਵਿੱਚ ਵੀ ਕਮਿਸ਼ਨ ਨਾਲ ਵਧੀਕੀਆਂ ਹੁੰਦੀਆਂ ਰਹੀਆਂ ਹਨ ਪ੍ਰੰਤੂ ਕਿਸੇ ਆਗੂ ਜਾਂ ਪੁਲੀਸ ਅਧਿਕਾਰੀ ਦੀ ਹਿੰਮਤ ਨਹੀਂ ਹੋਈ ਕਿ ਉਹ ਬਦਸਲੂਕੀ ਕਰ ਸਕੇ।
ਬੀਬੀ ਲਾਂਡਰਾਂ ਨੇ ਕਿਹਾ ਕਿ ਪੁਲੀਸ ਮੁਖੀ ਵੱਲੋਂ ਸਿਰਫ਼ ਮਹਿਲਾ ਕਮਿਸ਼ਨ ਦੀ ਮੁਖੀ ਨਾਲ ਬਦਸਲੂਕੀ ਨਹੀਂ ਕੀਤੀ ਗਈ ਹੈ, ਸਗੋਂ ਇਹ ਸਮੁੱਚੀ ਅੌਰਤ ਜਾਤ ਦਾ ਘੋਰ ਅਪਮਾਨ ਹੈ, ਜੋ ਸਾਧਾਰਨ ਮੁਆਫ਼ੀ ਦੇ ਯੋਗ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਪੁਲੀਸ ਅਧਿਕਾਰੀ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਕਮਿਸ਼ਨ ਦੀ ਸਾਬਕਾ ਮੁਖੀ ਨੇ ਇਹ ਵੀ ਮੰਗ ਕੀਤੀ ਕਿ ਮਹਿਲਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਚੇਅਰਪਰਸਨ ਨੂੰ ਪੂਰੇ ਅਧਿਕਾਰ ਦਿੱਤੇ ਜਾਣ ਤਾਂ ਜੋ ਕਮਿਸ਼ਨ ਦੀ ਮੁਖੀ ਬੇਖ਼ੌਫ਼ ਹੋ ਕੇ ਅੌਰਤਾਂ ’ਤੇ ਹੁੰਦੇ ਅੱਤਿਆਚਾਰਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਤੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…