ਸਰੀਰ ਅੰਦਰਲੇ ਸੈੱਲਾਂ ਦਾ ਘਟਣਾ ਡੇਂਗੂ ਬੁਖ਼ਾਰ ਨਹੀਂ: ਸਿਵਲ ਸਰਜਨ

ਘਰਾਂ ਵਿੱਚ ਕੂਲਰਾਂ, ਗਮਲਿਆਂ, ਟੈਂਕੀਆਂ, ਫ਼ਰਿੱਜਾਂ ਦੀਆਂ ਟਰੇਆਂ ਆਦਿ ਦੀ ਲਗਾਤਾਰ ਸਫ਼ਾਈ ਯਕੀਨੀ ਬਣਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਸਰੀਰ ਅੰਦਰਲੇ ਪਲੇਟਲੈੱਟਸ ਜਾਂ ਸੈੱਲ ਘਟਣ ’ਤੇ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸੈੱਲਾਂ ਦੀ ਥੋੜੀ-ਬਹੁਤ ਕਮੀ ਆਮ ਤੌਰ ’ਤੇ ਹਰ ਬੁਖ਼ਾਰ ਵਿਚ ਹੋ ਜਾਂਦੀ ਹੈ। ਸੈੱਲ ਘਟਣ ਦਾ ਅਰਥ ਡੇਂਗੂ ਬੁਖ਼ਾਰ ਹੋਣਾ ਬਿਲਕੁਲ ਵੀ ਨਹੀਂ।’ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਬੁਖ਼ਾਰ ਦੀ ਪੁਸ਼ਟੀ ਸਿਰਫ਼ ਟੈਸਟ ਰਾਹੀਂ ਹੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬੀਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ।
ਡਾ. ਭਾਰਦਵਾਜ ਨੇ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਮਗਰੋਂ ਕੁੱਝ ਲੋਕ ਇਲਾਜ ਦੇ ਗ਼ਲਤ ਅਤੇ ਗ਼ੈਰ-ਡਾਕਟਰੀ ਤਰੀਕੇ ਵਰਤਣ ਲੱਗੇ ਜਾਂਦੇ ਹਨ ਜਿਸ ਕਾਰਨ ਇਹ ਬੁਖ਼ਾਰ ਘਟਣ ਦੀ ਬਜਾਏ ਵੱਧ ਜਾਂਦਾ ਹੈ ਅਤੇ ਮਰੀਜ਼ ਦੀ ਜਾਨ ਵੀ ਜਾ ਸਕਦੀ ਹੈ। ਉਨ੍ਹ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਦੇ ਇਲਾਜ ਹਿੱਤ ਸੈੱਲ ਵਧਾਉਣ ਵਾਸਤੇ ਬੱਕਰੀ ਦਾ ਦੁੱਧ ਪੀਣਾ, ਕੀਵੀ ਅਤੇ ਪਪੀਤੇ ਜਿਹੇ ਫ਼ਲ ਖਾਣਾ ਕਿਸੇ ਵੀ ਤਰ੍ਹਾਂ ਅਸਰਦਾਰ ਨਹੀਂ ਹੁੰਦਾ। ਅਜਿਹੀ ਹਾਲਤ ਵਿਚ ਡਾਕਟਰੀ ਨਿਗਰਾਨੀ ਹੇਠ ਆਰਾਮ ਅਤੇ ਆਮ ਸ਼ੁੱਧ ਪਾਣੀ ਪੀਣਾ ਹੀ ਕਾਰਗਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤਕ ਜ਼ਿਆਦਾ ਹੁੰਦਾ ਹੈ। ਇਸ ਲਈ ਇਨ੍ਹਾਂ ਮਹੀਨਿਆਂ ਦੌਰਾਨ ਜ਼ਿਆਦਾ ਚੌਕਸੀ ਅਤੇ ਸਾਵਧਾਨੀ ਦੀ ਲੋੜ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਘਰਾਂ ਵਿਚਲੇ ਕੂਲਰਾਂ, ਗਮਲਿਆਂ, ਟੈਂਕੀਆਂ, ਫ਼ਰਿੱਜਾਂ ਦੀਆਂ ਟਰੇਆਂ ਆਦਿ ਦੀ ਲਗਾਤਾਰ ਸਫ਼ਾਈ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ।
ਉਨ੍ਹਾਂ ਦੱਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।
ਸਿਵਲ ਸਰਜਨ ਨੇ ਕਿਹਾ ਕਿ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫ਼ਰਿੱਜਾਂ ਦੀਆਂ ਟਰੇਆਂ ਨੂੰ ਖ਼ਾਲੀ ਕਰ ਕੇ ਸੁਕਾਓ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ ਅਤੇ ਟੁੱਟੇ ਭੱਜੇ ਭਾਂਡਿਆਂ ਆਦਿ ਵਿਚ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕਪੜੇ ਪਾਓ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿਚ ਤੁਰੰਤ ਨੇੜਲੇ ਹਸਪਤਾਲ/ਡਿਸਪੈਂਸਰੀ ਆਦਿ ਵਿਚ ਜਾ ਕੇ ਮੁਆਇਨਾ ਕਰਵਾਓ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…