nabaz-e-punjab.com

ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਮਚਿਆ ਹਾਹਾਕਾਰ

ਕੌਂਸਲਰਾਂ ਅਤੇ ਵਸਨੀਕਾਂ ਵੱਲੋਂ ਗਮਾਡਾ ਦਫ਼ਤਰ ਦੇ ਬਾਹਰ ਦਿੱਤੇ ਧਰਨੇ ਤੋਂ ਬਾਅਦ ਵੀ ਹੱਲ ਨਹੀਂ ਹੋਈ ਪਾਣੀ ਦੀ ਸਮੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਅੱਤ ਦੀ ਗਰਮੀ ਦੇ ਇਸ ਮੌਸਮ ਵਿੱਚ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਭਾਰੀ ਸੰਕਟ ਦਾ ਸਾਹਮ੍ਹਣਾ ਕਰਨਾ ਪੈ ਰਿਹਾ ਹੈ। ਇਹ ਸਮੱਸਿਆ ਸ਼ਹਿਰ ਦੇ ਉਹਨਾਂ ਸੈਕਟਰਾਂ ਵਿੱਚ ਕੁੱਝ ਜਿਆਦਾ ਹੀ ਹੈ ਜਿਨ੍ਹਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੰਮ ਗਮਾਡਾ ਵੱਲੋਂ ਕੀਤਾ ਜਾਂਦਾ ਹੈ। ਇਸ ਸਬੰਧੀ ਕੁੱਝ ਦਿਨ ਪਹਿਲਾਂ ਸੈਕਟਰ-68 ਅਤੇ ਸੈਕਟਰ-69 ਦੇ ਵਸਨੀਕਾਂ ਵੱਲੋਂ ਅਕਾਲੀ ਦਲ ਦੇ ਕੌਂਸਲਰਾਂ ਬੌਬੀ ਕੰਬੋਜ, ਸਤਵੀਰ ਸਿੰਘ ਧਨੋਆ ਅਤੇ ਬੀਬੀ ਜਸਬੀਰ ਕੌਰ ਅਤਲੀ ਦੀ ਅਗਵਾਈ ਵਿੱਚ ਕੜਕਦੀ ਧੁੱਪ ਵਿੱਚ ਗਮਾਡਾ ਦਫਤਰ ਦੇ ਬਾਹਰ ਧਰਨਾ ਵੀ ਦਿੱਤਾ ਜਾ ਚੁੱਕਿਆ ਹੈ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ ਉਹਨਾਂ ਨੂੰ ਇਸ ਸਮੱਸਿਆ ਦੇ ਫੌਰੀ ਹਲ ਦਾ ਭਰੋਸਾ ਵੀ ਦਿੱਤਾ ਗਿਆ ਸੀ ਪ੍ਰੰਤੂ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ ਸੈਕਟਰ-68 ਦੇ ਵਸਨੀਕਾਂ ਅਨੁਸਾਰ ਉੱਥੇ ਬੀਤੇ ਕੱਲ ਤੋੱ ਪੀਣ ਵਾਲੇ ਪਾਣੀ ਦੀ ਇੱਕ ਬੂੰਦ ਦੀ ਵੀ ਸਪਲਾਈ ਨਹੀਂ ਹੋਈ ਹੈ।
ਕੇਂਦਰੀ ਸਨਾਤਨ ਧਰਮ ਮੰਦਿਰ ਕਮੇਟੀ ਦੇ ਜਨਰਲ ਸਕੱਤਰ ਮਨੋਜ ਅਗਰਵਾਲ (ਜਿਹੜੇ ਸੈਕਟਰ-68 ਦੇ ਵਸਨੀਕ ਹਨ) ਨੇ ਦੱਸਿਆ ਕਿ ਬੀਤੇ ਕੱਲ੍ਹ ਤੋਂ ਹੁਣ ਤਕ ਸੈਕਟਰ-68 ਦੇ ਵਸਨੀਕਾਂ ਨੂੰ ਪਾਣੀ ਦੀ ਇੱਕ ਬੂੰਦ ਦੀ ਵੀ ਸਪਲਾਈ ਨਹੀਂ ਹੋਈ ਹੈ। ਉਹਨਾਂ ਕਿਹਾ ਕਿ ਇਸਦਾ ਮੁੱਖ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਗਮਾਡਾ ਵੱਲੋਂ ਪਿਛਲੇ ਕਈ ਸਾਲਾਂ ਤੋੱ ਇਸ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੇ ਟਿਊਬਵੈਲਾਂ ਦੇ ਰੱਖ ਰਖਾਓ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਕਿਉਂਕਿ ਗਮਾਡਾ ਅਧਿਕਾਰੀਆਂ ਦੀ ਇਹ ਸੋਚ ਸੀ ਕਿ ਹੁਣ ਇਹ ਟਿਊਬਵੈਲ ਨਗਰ ਨਿਗਮ ਨੂੰ ਸੌਂਪੇ ਜਾਣੇ ਹਨ। ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਇਸ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੇ ਤਿੰਨ ਟਿਊਬਵੈਲ ਫੇਲ੍ਹ ਹੋ ਗਏ ਹਨ ਜਿਸ ਕਾਰਨ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ।
ਉਹਨਾਂ ਕਿਹਾ ਕਿ ਇਨ੍ਹਾਂ ਸੈਕਟਰਾਂ ਦੇ ਵਸਨੀਕਾਂ ਨੂੰ ਪੀਣ ਵਾਸਤੇ ਬਾਜ਼ਾਰ ਤੋਂ ਬੋਤਲਾਂ ਵਾਲਾ ਮਹਿੰਗਾ ਪਾਣੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਗਮਾਡਾ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਉਸ ਵਲੋੱ ਸੈਕਟਰ-68 ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਗਮਾਡਾ ਵੱਲੋਂ ਆਪਣੇ ਅਧੀਨ ਆਉੱਦੇ ਖੇਤਰ ਦੇ ਵਸਨੀਕਾਂ ਨੂੰ ਸਪਲਾਈ ਕੀਤੇ ਜਾਂਦੇ ਪਾਣੀ ਦੀ ਕੀਮਤ ਕਈ ਗੁਨਾ ਵਧਾ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਵਸਨੀਕਾਂ ਨੂੰ ਲੋੜੀਂਦੀ ਸਪਲਾਈ ਤਕ ਨਹੀਂ ਦਿੱਤੀ ਜਾ ਰਹੀ ਅਤੇ ਭਰੀ ਗਰਮੀ ਦੌਰਾਨ ਲੋਕਾਂ ਨੂੰ ਭਾਰੀ ਤਕਲੀਫ਼ ਝੱਲਣੀ ਪੈ ਰਹੀ ਹੈ।
ਮੁਹਾਲੀ ਵਿੱਚ ਪਿਛਲੇ ਕਈ ਸਾਲਾਂ ਤੋਂ ਪੀਣ ਵਾਲੇ ਪਾਣੀ ਲਈ ਹੁੰਦੀ ਹਾਹਾਕਾਰ ਤੋਂ ਰਾਹਤ ਦਿਵਾਉਣ ਲਈ ਮਿਉਂਸਪਲ ਕੌਂਸਲਰ ਕੁਲਜੀਤ ਸਿੰਘ ਬੇਦੀ ਵੱਲੋਂ ਕਈ ਸਾਲ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਗਮਾਡਾ, ਜਨਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅਦਾਲਤ ਵਿੱਚ ਕੇਸ ਵੀ ਪਾਇਆ ਗਿਆ ਸੀ ਅਤੇ ਉਹਨਾਂ ਵੱਲੋਂ ਪਾਈ ਗਈ ਜਨਹਿਤ ਪਟੀਸ਼ਨ ’ਤੇ ਹੋਈ ਸੁਣਵਾਈ ਤੋਂ ਬਾਅਦ ਪੰਜ ਸਾਲ ਸਾਲ ਪਹਿਲਾਂ (ਜੁਲਾਈ 2013 ਵਿੱਚ) ਗਮਾਡਾ ਨੇ ਮਾਣਯੋਗ ਅਦਾਲਤ ਵਿੱਚ ਬਾਕਾਇਦਾ ਹਲਫ਼ਨਾਮਾ ਦੇ ਕੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੇ ਵਿੱਚ ਵਿੱਚ ਕਜੌਲੀ ਵਾਟਰ ਵਰਕਸ ਤੋਂ 40 ਐਮਜੀਡੀ ਪਾਣੀ ਦੀ ਸਪਲਾਈ ਲਾਈਨ ਪਾਉਣ ਦੀ ਗੱਲ ਕੀਤੀ ਸੀ। ਇਸ ਸਬੰਧੀ ਗਮਾਡਾ ਵੱਲੋਂ ਦਿੱਤੀ ਗਈ ਸਮਾਂ ਸੀਮਾ ਨੂੰ ਖਤਮ ਹੋਏ ਨੂੰ ਤਿੰਨ ਸਾਲ ਲੰਘ ਚੁੱਕੇ ਹਨ ਪ੍ਰੰਤੂ ਹੁਣ ਤਕ ਕਜੌਲੀ ਤੋਂ ਸ਼ਹਿਰ ਵਿੱਚ ਸਪਲਾਈ ਕਰਨ ਵਾਲੀ ਪਾਈਪਲਾਈਨ ਦਾ ਕੋਈ ਅਤਾ ਪਤਾ ਨਹੀਂ ਹੈ ਅਤੇ ਇਸ ਸਾਲ ਵੀ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਗੰਭੀਰ ਸਮੱਸਿਆ ਸਹਿਣੀ ਪੈ ਰਹੀ ਹੈ।
ਇਸ ਦੌਰਾਨ ਸ਼ਹਿਰ ਦੇ ਬਾਕੀ ਖੇਤਰਾਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਤਰਸਯੋਗ ਹਾਲਤ ਵਿੱਚ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਵਾਤਾਵਰਨ ਵਿੱਚ ਆਈ ਗਰਮੀ ਦੇ ਨਾਲ ਹੀ ਸਾਡੇ ਛਹਿਰ ਵਿਚਲੀ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ ਅਤੇ ਆਮ ਲੋਕਾਂ ਨੂੰ ਲੋੜੀਂਦੀ ਪਾਣੀ ਸਪਲਾਈ ਨਾ ਮਿਲਣ ਕਾਰਨ ਉਹਨਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਹਾਲਾਤ ਇਹ ਹਨ ਕਿ ਪਿਛਲੇ ਕੁੱਝ ਦਿਨਾਂ ਤੋੱ ਉੱਪਰਲੀਆਂ ਮੰਜ਼ਿਲਾਂ ਵਿੱਚ ਪਾਣੀ ਦੀ ਸਪਲਾਈ ਲਗਭਗ ਠੱਪ ਹੋ ਚੁੱਕੀ ਹੈ। ਇਸਦੇ ਨਾਲ ਹੀ ਹੇਠਲੀ ਮੰਜਿਲ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲਾਂ ਵਾਂਗ ਸਾਰਾ ਦਿਨ ਨਹੀਂ ਮਿਲਦੀ ਅਤੇ ਇਹ ਵੀ ਸਵੇਰੇ ਛਾਮ ਦੋ ਤਿੰਨ ਘੰਟੇ ਸੀਮਿਤ ਹੋ ਕੇ ਰਹਿ ਗਈ ਹੈ। ਇਸ ਵਾਰ ਜਿੱਥੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ ਉੱਥੇ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਗਰਮੀਆਂ ਵਿੱਚ ਛਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੇ ਵਸਨੀਕਾਂ ਅਨੁਸਾਰ ਪਾਣੀ ਦੀ ਸਪਲਾਈ ਬਹੁਤ ਘੱਟ ਮਿਲ ਰਹੀ ਹੈ ਅਤੇ ਪਾਣੀ ਦਾ ਪ੍ਰੈਸ਼ਰ ਨਾ ਹੋਣ ਕਾਰਨ ਪਾਣੀ ਉੱਪਰਲੀਆਂ ਮੰਜਿਲਾਂ ਤਕ ਪਹੁੰਚਦਾ ਹੀ ਨਹੀਂ ਹੈ। ਮਿਉਂਸਪਲ ਕੌਂਸਲਰ ਗੁਰਮੁੱਖ ਸਿੰਘ ਸੋਹਲ ਅਨੁਸਾਰ ਫੇਜ਼-4 ਵਿੱਚ ਪੀਣ ਵਾਲੇ ਪਾਣੀ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਵਾਰ ਵਾਰ ਕਹਿਣ ਦੇ ਬਾਵਜੂਦ ਜਨਸਿਹਤ ਵਿਭਾਗ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਨਹੀਂ ਕਰ ਰਿਹਾ।
ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਗਰਮੀਆਂ ਦੇ ਇਸ ਸੀਜ਼ਨ ਵਿੱਚ ਸੈਕਟਰ-69 ਵਿੱਚ ਪਾਣੀ ਦੀ ਸਪਲਾਈ ਦੀ ਮੰਦੀ ਹਾਲਤ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਹੈ ਕਿ ਗਮਾਡਾ ਨੂੰ ਚਾਹੀਦਾ ਹੈ ਕਿ ਇਸ ਸੈਕਟਰ ਵਿੱਚ ਪਾਣੀ ਦੀ ਸਪਲਾਈ ਤੁਰੰਤ ਠੀਕ ਕਰੇ। ਉਹਨਾਂ ਕਿਹਾ ਕਿ ਗਮਾਡਾ ਅਧੀਨ ਆਉੱਦੇ ਸੈਕਟਰਾਂ ਨੂੰ ਪਾਣੀ ਦੀ ਸਪਲਾਈ ਕਰਨਾ ਗਮਾਡਾ ਦੀ ਜ਼ਿੰਮੇਵਾਰੀ ਹੈ ਅਤੇ ਗਮਾਡਾ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਤੁਰੰਤ ਕਦਮ ਉਠਾਵੇ। ਉਹਨਾਂ ਕਿਹਾ ਕਿ ਗਮਾਡਾ ਦੇ ਆਪਣੇ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਮਜ਼ਬੂਰ ਹੋ ਕੇ ਲੋਕ ਦੂਜੇ ਸੈਕਟਰਾਂ ਤੋਂ ਕਿਸੇ ਨਾ ਕਿਸੇ ਵਸੀਲੇ ਪਾਣੀ ਲੈ ਕੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਗਮਾਡਾ ਨੇ ਤੁਰੰਤ ਪਾਣੀ ਦੀ ਸਪਲਾਈ ਠੀਕ ਨਾ ਕੀਤੀ ਤਾਂ ਲੋਕ ਸੜਕਾਂ ’ਤੇ ਉੱਤਰ ਆਉਣਗੇ ਅਤੇ ਗਮਾਡਾ ਖ਼ਿਲਾਫ਼ ਸੰਘਰਸ਼ ਸ਼ੁਰੂ ਕਰ ਦੇਣਗੇ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …