ਪ੍ਰੀ-ਨਰਸਰੀ ਦੀਆਂ ਬੱਚੀਆਂ ਨੂੰ ਮੁਫ਼ਤ ਵਰਦੀਆਂ ਵੰਡ ਕੇ ਮੁਹਾਲੀ ਪ੍ਰਸ਼ਾਸਨ ਨੇ ਮਿਸਾਲ ਕਾਇਮ ਕੀਤੀ: ਕ੍ਰਿਸ਼ਨ ਕੁਮਾਰ

ਸਕੱਤਰ ਸਕੂਲ ਸਿੱਖਿਆ ਵੱਲੋਂ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦਾ ਸੱਦਾ

ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪ੍ਰੀ ਨਰਸਰੀ ਦੀਆਂ 3400 ਬੱਚੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ: ਡੀਸੀ

ਪਿੰਡ ਸਨੇਟਾ ਦੇ ਸਰਕਾਰੀ ਸਕੂਲ ਵਿੱਚ ਪ੍ਰੀ-ਨਰਸਰੀ ਦੀਆਂ ਬੱਚੀਆਂ ਨੂੰ ਵਰਦੀਆਂ ਦੇ ਨਾਲ ਨਾਲ ਤੋਹਫ਼ੇ ਵੀ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਵੱਲੋਂ ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਯਤਨਾਂ ਸਦਕਾ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਦੀਆਂ ਬੱਚੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਵਾਲਾ ਜ਼ਿਲ੍ਹਾ ਐਸ.ਏ.ਐਸ. ਨਗਰ, ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਸ ਕੰਮ ਲਈ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ, ਸਕੂਲ ਸਿੱਖਿਆ, ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ, ਸਨੇਟਾ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਮੌਜੂਦਗੀ ਵਿੱਚ ਸਨੇਟਾ ਅਤੇ ਨੇੜਲੇ 11 ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੀਆਂ ਪ੍ਰੀ-ਨਰਸਰੀ ਦੀਆਂ 79 ਬੱਚੀਆਂ ਨੂੰ ਮੁਫ਼ਤ ਵਰਦੀਆਂ ਅਤੇ ਤੋਹਫੇ ਵੰਡਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸਿੱਖਿਆ ਸਕੱਤਰ ਨੇ ਕਿਹਾ ਕਿ ਪ੍ਰੀ ਨਰਸਰੀ ਦੀਆਂ ਬੱਚੀਆਂ ਨੂੰ ਵਿਭਾਗ ਵੱਲੋਂ ਨਹੀਂ ਸਗੋਂ ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਕਿ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਅਜਿਹੇ ਉਪਰਾਲੇ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਹੁਣ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ ਤੇ ਅਧਿਆਪਕ ਵੀ ਬੱਚਿਆਂ ਨੂੰ ਲਗਨ ਨਾਲ ਪੜ੍ਹਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਜੂਨ ਮਹੀਨੇ ਦੌਰਾਨ ਹੋਣ ਵਾਲੀਆਂ ਛੁੱਟੀਆਂ ਮੌਕੇ ਪ੍ਰਾਇਮਰੀ ਸਕੂਲਾਂ ਵਿੱਚ ਸਮਰ ਕੈਂਪ ਲਾਏ ਜਾਣਗੇ ਤੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 130 ਸਕੂਲਾਂ ਵਿੱਚ ਸਮਰ ਕੈਂਪ ਲਾ ਕੇ ਵੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੀ ਨਰਸਰੀ ਵਿੱਚ ਪੜ੍ਹਦੀਆਂ 3400 ਬੱਚੀਆਂ ਨੂੰ 13 ਲੱਖ ਰੁਪਏ ਦੀ ਲਾਗਤ ਨਾਲ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਦੂਜੇ ਪੜਾਅ ਤਹਿਤ ਪ੍ਰੀ ਨਰਸਰੀ ਵਿੱਚ ਪੜ੍ਹਦੇ ਲੜਕਿਆਂ ਨੂੰ ਵੀ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਸਰਦੀ ਦੇ ਮੌਸਮ ਵਿੱਚ ਸਵੈਟਰ ਵੀ ਮੁਫ਼ਤ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਇਸ ਉਪਰਾਲੇ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਦਾਨੀ ਸੱਜਣ ਵੀ ਇਸ ਕਾਰਜ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪ੍ਰੀ ਨਰਸਰੀ ਵਿੱਚ ਪੜ੍ਹ ਰਹੇ ਬੱਚੇ ਭਵਿੱਖ ਲਈ ਚੰਗੀ ਪੜ੍ਹਾਈ ਕਰ ਕੇ ਦੇਸ਼ ਅਤੇ ਸਮਾਜ ਲਈ ਕੁਝ ਕਰਨ ਦੇ ਸਮਰੱਥ ਹੋਣਗੇ, ਜਿਹੜੇ ਕਿ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਕੰਮ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਇਹ ਕਦਮ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਸਾਹਮਣੇ ਆਵੇਗਾ।
ਸਮਾਗਮ ਵਿੱਚ ਪੁੱਜੇ ਐਡੋਕੇਟ ਕੰਵਰਵੀਰ ਸਿੱਧੂ ਨੇੇ ਸਕੂਲ ਵਿੱਚ ਮਿਡ-ਡੇਅ ਮੀਲ ਲਈ ਸ਼ੈੱਡ ਬਣਾਉਣ ਵਾਸਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਿੱਖਲਾਈ ਅਧੀਨ ਪੀ.ਸੀ.ਐਸ.ਅਫ਼ਸਰ ਯਸ਼ਪਾਲ ਸ਼ਰਮਾ ਅਤੇ ਤਰਸੇਮ ਚੰਦ ਸਮੇਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ, ਸਾਬਕਾ ਸਰਪੰਚ ਸਨੇਟਾ ਚੌਧਰੀ ਰਿਸ਼ੀਪਾਲ ਅਤੇ ਚੌੌਧਰੀ ਹਰਨੇਕ ਸਿੰਘ, ਸ੍ਰੀ ਸੰਜੀਵ ਕੁਮਾਰ ਸਮੇਤ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਨਰਸਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…