Share on Facebook Share on Twitter Share on Google+ Share on Pinterest Share on Linkedin ਬਾਲ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਸੁਖਾਵਾਂ ਮਾਹੌਲ ਸਿਰਜਣ ਲਈ ਸਾਂਝੇ ਯਤਨਾਂ ਦੀ ਲੋੜ: ਕੇਬੀਐਸ ਸਿੱਧੂ ਬੱਚਿਆਂ ਵਿਰੁੱਧ ਅਪਰਾਧਾਂ ਵਿੱਚ ਕਮੀ ਲਿਆਉਣ ਲਈ ਸੰਵੇਦਨਸ਼ੀਲ ਪਹੁੰਚ ਅਪਣਾਈ ਜਾਵੇ: ਸ੍ਰੀਮਤੀ ਕਵਿਤਾ ਸਿੰਘ ਬਾਲ ਸੁਰੱਖਿਆ ਲਈ ਪੰਜਾਬ ਸਰਕਾਰ ਦੇ ਉਪਰਾਲੇ ਸ਼ਲਾਘਾਯੋਗ”: ਡਾ.ਓਮ ਪ੍ਰਕਾਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ: ਬਾਲ ਸੁਰੱਖਿਆ ਨੂੰ ਅਹਿਮੀਅਤ ਦਿੰਦਿਆਂ ਬੱਚਿਆਂ ਵਿਰੁੱਧ ਅਪਰਾਧਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਬੱਚਿਆਂ ਨਾਲ ਸਬੰਧਤ ਵਿਭਾਗਾਂ ਨੂੰ ਬਾਲ ਸੁਰੱਖਿਆ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣੂੰ ਕਰਵਾਉਣ ਲਈ ਅੱਜ ਪੰਜਾਬ ਰਾਜ ਬਾਲ ਸੁਰੱਖਿਆ ਸੁਸਾਇਟੀ ਵੱਲੋਂ ਨੋਬਲ ਪੁਰਸਕਾਰ ਵਿਜੇਤਾ ਕੈਲਾਸ਼ ਸਤਿਆਰਥੀ ਦੀ ਸੰਸਥਾ ‘ਬਚਪਨ ਬਚਾਓ ਅੰਦੋਲਨ’ ਨਾਲ ਮਿਲ ਕੇ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਮੁਹਾਲੀ ਦੇ ਫੇਜ਼-6 ਸਥਿਤ ਸਿਹਤ ਤੇ ਪਰਿਵਾਰ ਭਲਾਈ ਸਟੇਟ ਇੰਸਟੀਚਿਊਟ ਦੇ ਆਡੀਟੋਰੀਅਮ ਵਿਖੇ ਕਰਵਾਈ ਇਸ ਵਰਕਸ਼ਾਪ ਵਿੱਚ ਇਸਤਰੀ ਤੇ ਬਾਲ ਵਿਕਾਸ, ਸਿੱਖਿਆ, ਸਿਹਤ, ਕਿਰਤ, ਕਾਨੂੰਨੀ ਅਥਾਰਟੀ ਤੇ ਪੁਲਿਸ ਵਿਭਾਗ ਦੇ ਜ਼ਿਲਾ ਪੱਧਰੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਵਰਕਸ਼ਾਪ ਦਾ ਉਦਘਾਟਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਬੀ.ਐਸ.ਸਿੱਧੂ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਵਿੱਚ ਬਾਲ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਦਿਸ਼ਾ ਵਿੱਚ ਉਸ ਵੇਲੇ ਅਹਿਮ ਕਦਮ ਚੁੱਕਿਆ ਗਿਆ ਸੀ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨੋਬਲ ਪੁਰਸਕਾਰ ਵਿਜੇਤਾ ਕੈਲਾਸ਼ ਸਤਿਆਰਥੀ ਵਿਚਾਲੇ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਉਸ ਮੀਟਿੰਗ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਕੋਸ਼ਿਸ਼ਾਂ ਤਹਿਤ ਅੱਜ ਇਹ ਵਰਕਸ਼ਾਪ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਬੱਚਿਆਂ ਨਾਲ ਸਬੰਧਤ ਸਾਰੇ ਵਿਭਾਗਾਂ ਦੇ ਜ਼ਿਲਾ ਪੱਧਰੀ ਅਧਿਕਾਰੀ ਇਕੱਠੇ ਮਿਲੇ ਹਨ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਪ੍ਰਤੀ ਸੁਖਾਵਾਂ ਮਾਹੌਲ ਸਿਰਜਿਆ ਜਾਵੇ ਜਿਸ ਲਈ ਬਾਲ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸ੍ਰੀ ਸਿੱਧੂ ਨੇ ਆਪਣੇ ਨਿੱਜੀ ਜੀਵਨ ਦੌਰਾਨ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ ’ਤੇ ਕੰਮ ਕਰਦਿਆਂ ਹਾਸਲ ਹੋਏ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਲਈ ਕਾਨੂੰਨ ਵਿੱਚ ਵਿਵਸਥਾਵਾਂ ਬਹੁਤ ਹਨ ਪਰ ਸਿਰਫ ਲੋੜ ਹੈ ਇਨ੍ਹਾਂ ਨੂੰ ਲਾਗੂ ਕਰਨ ਦੀ। ਉਨ੍ਹਾਂ ਕਿਹਾ ਕਿ ਬੱਚਿਆਂ ਬਾਰੇ ਇਕ ਗੱਲ ਕਹੀ ਜਾਂਦੀ ਹੈ ਕਿ ਬੱਚੇ ਰੱਬ ਦਾ ਰੂਪ ਹੁੰਦੇ ਹਨ ਅਤੇ ਇਸੇ ਸੱਚਾਈ ਨੂੰ ਸਮਝਦਿਆਂ ਬੱਚਿਆਂ ਪ੍ਰਤੀ ਸਾਨੂੰ ਸਕਰਾਤਮਕ ਸੋਚ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਣੀ ਸੱਚੇ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਸਿਵਲ ਸੁਸਾਇਟੀ ਅਤੇ ਗੈਰ ਸਰਕਾਰੀ ਸੰਸਥਾਵਾਂ ਨਾਲ ਮਿਲ ਕੇ ਬੱਚਿਆਂ ਦੀ ਬਿਹਤਰੀ ਲਈ ਕਦਮ ਚੁੱਕੀਏ। ਉਨ੍ਹਾਂ ਕਿਹਾ ਕਿ ਅੱਜ ਦੀ ਵਰਕਸ਼ਾਪ ਇਸ ਦਿਸ਼ਾ ਵਿੱਚ ਇਕ ਸ਼ੁਰੂਆਤ ਹੈ ਜਿਸ ਦੇ ਚੰਗੇ ਸਿੱਟੇ ਨਿਕਲਣਗੇ। ਇਸ ਤੋਂ ਪਹਿਲਾਂ ਵਰਕਸ਼ਾਪ ਦੇ ਸ਼ੁਰੂਆਤੀ ਭਾਸ਼ਣ ਵਿੱਚ ਬੋਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਕਿਹਾ ਕਿ ਬੱਚਿਆਂ ਵਿਰੁੱਧ ਹੁੰਦੇ ਅਪਰਾਧਾਂ ਵਿੱਚ ਕਮੀ ਲਿਆਉਣ ਲਈ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੱਚੇ ਸਮਾਜ ਦਾ ਉਹ ਵਰਗ ਹੁੰਦੇ ਹਨ ਜਿਹੜੇ ਗੈਰ ਸਮਾਜੀ ਤੱਤਾਂ ਵੱਲੋਂ ਸੌਖਿਆ ਹੀ ਹਿੰਸਾ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਲਈ ਅਜਿਹੀ ਵਰਕਸ਼ਾਪ ਸਮੇਂ ਦੀ ਬਹੁਤ ਵੱਡੀ ਲੋੜ ਸੀ ਜਿਸ ਵਿੱਚ ਸਾਰੇ ਵਿਭਾਗ ਮਿਲ ਕੇ ਬਾਲ ਅਪਰਾਧ ਦਰ ਘਟਾਉਣ ਲਈ ਇਕ ਸਾਂਝਾ ਐਕਸ਼ਨ ਪਲਾਨ ਤਿਆਰ ਕਰਨ। ਸ੍ਰੀਮਤੀ ਕਵਿਤਾ ਸਿੰਘ ਨੇ ਕਿਹਾ ਕਿ ਸਮਾਜਿਕ ਸਰੁੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਬੱਚਿਆਂ ਦੀ ਬਿਹਤਰੀ ਲਈ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ ਅਤੇ ਅੱਜ ਦੀ ਵਰਕਸ਼ਾਪ ਦੇ ਲੰਬੇ ਸਮੇਂ ਵਿੱਚ ਵਧੀਆ ਸਿੱਟੇ ਨਿਕਲਣਗੇ। ਡਾਇਰੈਕਟਰ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਆਪਣੇ ਦਫਤਰ ਵਿੱਚ ਰੋਜ਼ਾਨਾ ਦੇ ਕੰਮਕਾਰ ਦੌਰਾਨ ਬੱਚਿਆਂ ਸਬੰਧੀ ਆਏ ਕਈ ਮਾਮਲੇ ਵੀ ਸਾਂਝੇ ਕੀਤੇ। ‘ਬਚਪਨ ਬਚਾਓ ਅੰਦੋਲਨ’ ਸੰਸਥਾ ਦੇ ਡਾਇਰੈਕਟਰ ਡਾ. ਓਮ ਪ੍ਰਕਾਸ਼ ਨੇ ਬੋਲਦਿਆਂ ਪੰਜਾਬ ਸਰਕਾਰ ਦੇ ਇਸ਼ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਲਾਸ਼ ਸਤਿਆਰਥੀ ਵਿਚਾਲੇ ਮੀਟਿੰਗ ਦੇ ਸਾਰਥਿਕ ਸਿੱਟੇ ਨਿਕਲ ਲੱਗੇ ਹਨ। ਉਨ੍ਹਾਂ ਪੰਜਾਬ ਦੀ ਦੇਸ਼ ਦੇ ਹੋਰਨਾਂ ਸੂਬਿਆਂ ਨਾਲ ਤੁਲਨਾ ਕਰਦਿਆਂ ਕਿਹਾ ਕਿ ਇਥੇ ਬੱਚਿਆਂ ਦੀ ਭਲਾਈ ਲਈ ਵਧੀਆ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਲ ਕੈਦੀਆਂ ਲਈ ਬਾਲ ਸੰਭਾਲ ਕੇਂਦਰ ਵਧੀਆ ਚੱਲ ਰਹੇ ਹਨ। ਇਸ ਮੌਕੇ ਆਈ.ਜੀ. (ਅਪਰਾਧ) ਸ੍ਰੀ ਜਸਕਿਰਨ ਸਿੰਘ ਤੇ ਸਿਹਤ ਵਿਭਾਗ ਤੋਂ ਡਾ.ਮੁਕੇਸ਼ ਵੀ ਹਾਜ਼ਰ ਸਨ। ਵਰਕਸ਼ਾਪ ਦੀ ਸ਼ੁਰੂਆਤ ਮੁੱਖ ਮਹਿਮਾਨ ਸ੍ਰੀ ਕੇ.ਬੀ.ਐਸ.ਸਿੱਧੂ ਵੱਲੋਂ ਸਮਾਂ ਰੌਸ਼ਨ ਕਰ ਕੇ ਹੋਈ। ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਤੋਂ ਬਾਅਦ ਦੋ ਤਕਨੀਕੀ ਸੈਸ਼ਨ ਹੋਏ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਮਾਹਿਰਾਂ ਵਜੋਂ ਸ਼ਿਰਕਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਜਿਨ੍ਹਾਂ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਤੇ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ, ‘ਬਚਪਨ ਬਚਾਓ ਅੰਦੋਲਨ’ ਦੇ ਡਾਇਰੈਕਟਰ (ਸਿਖਲਾਈ) ਸ੍ਰੀਮਤੀ ਜੋਤੀ ਮਾਥੁਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ, ਏ.ਆਈ.ਜੀ. ਸ੍ਰੀ ਇੰਦਰਬੀਰ ਸਿੰਘ, ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਮੁਕੇਸ਼ ਸ਼ਾਮਲ ਸਨ। ਵਰਕਸ਼ਾਪ ਵਿੱਚ ਸੂਬੇ ਦੇ ਸਮੂਹ ਜ਼ਿਲਾ ਪ੍ਰੋਗਰਾਮ ਅਫਸਰ, ਸਿਵਲ ਸਰਜਨ, ਜ਼ਿਲਾ ਸਿੱਖਿਆ ਅਧਿਕਾਰੀ, ਜ਼ਿਲਾ ਬਾਲ ਸੁਰੱਖਿਆ ਅਧਿਕਾਰੀ, ਸਹਾਇਕ ਲੇਬਰ ਕਮਿਸ਼ਨਰ, ਡੀ.ਐਸ.ਪੀਜ਼ (ਜਾਂਚ) ਸ਼ਾਮਲ ਹੋਏ। ਵਰਕਸ਼ਾਪ ਦੀ ਸਮਾਪਤੀ ’ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਲਿੱਲੀ ਚੌਧਰੀ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ